ਹਰਪ੍ਰੀਤ ਕੌਰ
ਹੁਸ਼ਿਆਰਪੁਰ, 30 ਜੁਲਾਈ
ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ ਪੰਜਾਬ ਸੀਟੂ ਵੱਲੋਂ ਸ਼ਹੀਦ ਊਧਮ ਸਿੰਘ ਪਾਰਕ ’ਚ ਇਕੱਠ ਕੀਤਾ ਗਿਆ ਜਿਸ ਮਗਰੋਂ ਉਹ ਸ਼ਹਿਰ ਵਿੱਚ ਮਾਰਚ ਕਰਦਿਆਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਓ ਕਰਨ ਲਈ ਤੁਰ ਪਏ ਪਰ ਪੁਲੀਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।
ਮਾਰਚ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਨੀਲੋ, ਸੀਟੂ ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੌੜੀ, ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਰਾਜਪੁਰ ਭਾਈਆਂ, ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬਢੋਆਣ, ਸੂਬਾ ਜਨਰਲ ਸਕੱਤਰ ਦੇਵੀ ਦਾਸ ਮਿਆਣੀ, ਪ੍ਰੈਸ ਸਕੱਤਰ ਸੁਰਿੰਦਰ ਸਿੰਘ ਨੰਗਲ ਤੇ ਮੀਤ ਪ੍ਰਧਾਨ ਬਲਵੀਰ ਸਿੰਘ ਜੋੜਾ ਨੇ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਨਾਅਰੇਬਾਜ਼ੀ ਕੀਤੀ।
ਆਗੂਆਂ ਕਿਹਾ ਕਿ ਪੇਂਡੂ ਚੌਕੀਦਾਰਾਂ ਨੂੰ 1250 ਰੁਪਏ ਮਾਣ ਭੱਤਾ ਦੇ ਕੇ ਉਨ੍ਹਾਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ ਜਦੋਂ ਕਿ ਉਨ੍ਹਾਂ ਕੋਲੋਂ 24 ਘੰਟੇ ਕੰਮ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇਸ ਮੁੱਦੇ ’ਤੇ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਸਾਰਥਕ ਹੱਲ ਨਹੀਂ ਨਿਕਲਦਾ। ਉਨ੍ਹਾਂ ਮੰਗ ਕੀਤੀ ਕਿ ਚੌਕੀਦਾਰਾਂ ਨੂੰ ਹਰਿਆਣਾ ਦੀ ਤਰਜ਼ ’ਤੇ 7500 ਰੁਪਏ ਮਾਣ ਭੱਤਾ ਦਿੱਤਾ ਜਾਵੇ ਅਤੇ ਚੌਕੀਦਾਰਾਂ ਨੂੰ ਸਰਕਾਰੀ ਮੁਲਾਜ਼ਮ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਚੌਕਾਦੀਰਾਂ ਦੀਆਂ ਮੰਗਾਂ ਦਾ ਨਬਿੇੜਾ ਛੇਤੀ ਨਾ ਹੋਇਆ ਤਾਂ ਭਵਿੱਖ ਵਿਚ ਤਿੱਖਾ ਸੰਘਰਸ਼ ਛੇੜ ਦਿੱਤਾ ਜਾਵੇਗਾ। ਇਸ ਮੌਕੇ ਹਰਕੀਰਤ ਸਿੰਘ ਅਜਨੋਹਾ, ਰਸ਼ਪਾਲ ਸਿੰਘ, ਦਿਲਬਾਗ ਸਿੰਘ, ਹਰਦੇਵ ਸਿੰਘ, ਛਿੰਦਰਪਾਲ, ਗੁਰਨਾਮ ਸਿੰਘ, ਬਲਵੀਰ ਸਿੰਘ, ਜੋਗਿੰਦਰ ਸਿੰਘ ਗਿੱਲ, ਮਹਿੰਦਰ ਸਿੰਘ ਆਦਿ ਮੌਜੂਦ ਸਨ।