ਹਰਪ੍ਰੀਤ ਕੌਰ
ਹੁਸ਼ਿਆਰਪੁਰ, 20 ਅਗਸਤ
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਡਰੇਨੇਜ ਦਫ਼ਤਰ, ਨਲੋਈਆਂ ਬਾਈਪਾਸ ਤੇ ਫਾਇਰ ਬ੍ਰਿਗੇਡ ਦਫ਼ਤਰ ਵਿੱਚ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਵੱਡਾ ਵਾਅਦਾ ਪੰਜ ਮਹੀਨਿਆਂ ਅੰਦਰ ਹੀ ਪੂਰਾ ਕਰਦਿਆਂ 15 ਅਗਸਤ ਤੋਂ ਪੂਰੇ ਸੂਬੇ ਵਿੱਚ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਕਲੀਨਿਕਾਂ ਵਿੱਚ ਮੌਜੂਦ ਡਾਕਟਰਾਂ ਅਤੇ ਹੋਰ ਸਟਾਫ਼ ਤੋਂ ਇਲਾਵਾ ਉੱਥੇੇ ਮੌਜੂਦ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਟਾਫ਼ ਨਾਲ ਕਲੀਨਿਕਾਂ ਦੇ ਕੰਮਕਾਜ, ਦਵਾਈਆਂ ਦੀ ਉਪਲਭਧਤਾ, ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਲਈ। ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿੱਚ ਸੁਚਾਰੂ ਬਿਜਲੀ ਸਪਲਾਈ ਲਈ ਜੈਨਰੇਟਰ, ਵਾਟਰ ਪਿਊਰੀਫਾਇਰ, ਡਾਕਟਰ ਦੇ ਕਮਰੇ, ਫਾਰਮੇਸੀ ਤੇ ਟੈਸਟਾਂ ਦੇ ਨਮੂਨੇ ਇੱਕਤਰ ਕਰਨ ਦੇ ਕਮਰੇ ਅਤੇ ਮਰੀਜ਼ਾਂ ਦੀ ਸੁਵਿਧਾ ਲਈ ਰਿਸੈਪਸ਼ਨ-ਕਮ-ਵੇਟਿੰਗ ਏਰੀਆ ਤੇ ਪਖਾਨੇ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਖੇਤਰ ਵਿੱਚ ਵੱਡੀ ਛਲਾਂਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਆਮ ਆਦਮੀ ਕਲੀਨਿਕ ਵਿੱਚ ਬਿਹਤਰੀਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ ਤੇ ਕਲੀਨਿਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਪ੍ਰਦਾਨ ਕਰਕੇ ਬੁਨਿਆਦੀ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਸਾਰੀਆਂ ਜ਼ਰੂਰੀ ਦਵਾਈਆਂ ਤੇ ਟੈਸਟ ਉਪਲਬਧ ਕਰਵਾਏ ਗਏ ਹਨ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਕਰਮਜੀਤ ਕੌਰ, ਸੰਦੀਪ ਸੈਣੀ, ਦਲੀਪ ਓਹਰੀ ਆਦਿ ਮੌਜੂਦ ਸਨ।