ਦਰਬਾਰ ਸਾਹਿਬ ’ਚ ਇਸ ਸਾਲ ਮੁਕੰਮਲ ਹੋਣਗੀਆਂ ਤਿੰਨ ਸਰਾਵਾਂ: ਧਾਮੀ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਮਈ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਨ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ ਅਤੇ ਇਸ ਤਹਿਤ ਤਿੰਨ ਸਰਾਵਾਂ ਇਸੇ ਸਾਲ ਵਿਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਵਾਂ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਨੂੰ ਵੇਖਦਿਆਂ ਸਰਾਵਾਂ ਦੇ ਪ੍ਰਬੰਧਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤਿਆਰ ਕੀਤੀਆਂ ਜਾ ਰਹੀਆਂ ਤਿੰਨ ਨਵੀਆਂ ਸਰਾਵਾਂ ਵਿਚ ਭਾਈ ਜੈਤਾ ਜੀ ਨਿਵਾਸ ਬਾਬਾ ਸਾਹਿਬ ਚੌਕ, ਬਾਬਾ ਬਸੰਤ ਸਿੰਘ ਜੀ ਨਿਵਾਸ ਪਰਾਗਦਾਸ ਚੌਕ ਅਤੇ ਭਗਤ ਨਾਮਦੇਵ ਜੀ ਨਿਵਾਸ ਕੇਸਰੀ ਬਾਗ਼ ਵਿਖੇ 259 ਕਮਰੇ ਅਤੇ 30 ਹਾਲ ਸੰਗਤ ਵਾਸਤੇ ਇਸੇ ਸਾਲ 2025 ਵਿਚ ਮੁਕੰਮਲ ਕਰਨ ਲਈ ਕਾਰਜ ਨਿਰੰਤਰ ਜਾਰੀ ਹਨ।
ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਐਡਵੋਕੇਟ ਧਾਮੀ ਵੱਲੋਂ ਮੀਟਿੰਗਾਂ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ ): ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ ’ਤੇ ਫ਼ੌਜੀ ਹਮਲੇ ਦੀ ਯਾਦ ਵਿਚ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਵੱਖ-ਵੱਖ ਮੀਟਿੰਗਾਂ ਕਰਕੇ ਪ੍ਰਬੰਧਾਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਸ ਦੌਰਾਨ ਖਾਲੜਾ ਮਿਸ਼ਨ ਆਰਗਨਾਈਜੇਸ਼ਨ ਨੇ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਬੰਧੀ ਅੱਜ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਕੇ ਕਿਹਾ ਕਿ ਫੌਜੀ ਹਮਲੇ ਵਿੱਚ ਸ਼ਾਮਲ ਧਿਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ।