ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ 26 ਮਈ ਨੂੰ ਪੈਣ ਜਾ ਰਹੀਆਂ ਵੋਟਾਂ ਲਈ 133 ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ। ਚੋਣਾਂ ਲਈ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 133 ਪੋਲਿੰਗ ਪਾਰਟੀਆਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾ ਦੱਸਿਆ ਕਿ ਕਰੀਬ 800 ਪੋਲਿੰਗ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ 341 ਉਮੀਦਵਾਰ ਚੋਣਾਂ ਲੜ ਰਹੇ ਹਨ।
ਐੱਸ ਐੱਸ ਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਜਲੰਧਰ ਦਿਹਾਤੀ ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਰੀਬ 1200 ਪੁਲੀਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਨਕੋਦਰ/ਸ਼ਾਹਕੋਟ (ਗੁਰਮੀਤ ਖੋਸਲਾ): ਨਗਰ ਕੌਂਸਲ ਨਕੋਦਰ, ਨਗਰ ਪੰਚਾਇਤ ਮਹਿਤਪੁਰ ਅਤੇ ਨਗਰ ਪੰਚਾਇਤ ਲੋਹੀਆਂ ਖਾਸ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਭਾਰੀ ਸੁਰੱਖਿਆ ਨਾਲ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਈਆਂ। ਜਲੰਧਰ (ਦਿਹਾਤੀ) ਦੇ ਐਸ.ਪੀ ਤਫਤੀਸ ਵਨੀਤ ਅਹਿਲਵਾਤ ਅਤੇ ਡੀ.ਐਸ.ਪੀ ਨਕੋਦਰ ਉਂਕਾਰ ਸਿੰਘ ਬਰਾੜ ਨੇ ਪੁਲੀਸ ਮੁਲਾਜ਼ਮਾਂ ਨੂੰ ਹਦਾਇਤਾਂ ਦੇਣ ਤੋਂ ਬਾਅਦ ਬੂਥਾਂ ਲਈ ਰਵਾਨਾ ਕੀਤਾ।
ਜੰਡਿਆਲਾ ਗੁਰੂ (ਸਿਮਰਤਪਾਲ ਬੇਦੀ): ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਜੰਡਿਆਲਾ ਗੁਰੂ ਵਿੱਚ ਰਾਜਨੀਤਿਕ ਮਾਹੌਲ ਭਖ ਗਿਆ ਹੈ। ਕੁੱਲ 39 ਉਮੀਦਵਾਰ ਮੈਦਾਨ ਵਿੱਚ ਹਨ। ਨਗਰ ਕੌਂਸਲ ਦੇ 15 ਵਾਰਡਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੂੰ ਪਹਿਲਾਂ ਹੀ ਦੋ ਵਾਰਡਾਂ ਵਿੱਚ ਬਿਨਾਂ ਮੁਕਾਬਲਾ ਜੇਤੂ ਐਲਾਨਿਆ ਜਾ ਚੁੱਕਾ ਹੈ ਜਦੋਂ ਕਿ ਬਾਕੀ 13 ਵਾਰਡਾਂ ਵਿੱਚ ਚੋਣਾਂ ਅਜੇ ਹੋਣੀਆਂ ਬਾਕੀ ਹਨ। ਇਨ੍ਹਾਂ ਵਿੱਚੋਂ ਚਾਰ ਵਾਰਡਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਤੇ ਅਕਾਲੀ ਦਲ ਵਿਚਕਾਰ ਸਿੱਧਾ ਚਾਰ-ਕੋਨਾ ਮੁਕਾਬਲਾ ਹੋਵੇਗਾ। ਇੱਕ ਵਾਰਡ ਵਿੱਚ, ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਸਿੱਧਾ ਮੁਕਾਬਲਾ ਹੋਵੇਗਾ, ਜਦੋਂ ਕਿ ਬਾਕੀ ਵਾਰਡਾਂ ਵਿੱਚ ਤਿਕੋਣਾ ਮੁਕਾਬਲਾ ਹੋਣ ਦੀ ਉਮੀਦ ਹੈ।
ਬਟਾਲਾ (ਦਲਬੀਰ ਸੱਖੋਵਾਲੀਆ): ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਵੋਟਾਂ 26 ਮਈ ਨੂੰ ਪੈ ਰਹੀਆਂ ਹਨ। ਪੋਲਿੰਗ ਪਾਰਟੀਆਂ ਵੱਖ-ਵੱਖ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਈਆਂ ਹਨ। ਐੱਸ ਡੀ ਐੱਮ ਤੇ ਰਿਟਰਨਿੰਗ ਅਫਸਰ (ਬਟਾਲਾ) ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਥਾਨਕ ਬੇਰਿੰਗ ਕਾਲਜ ਬਟਾਲਾ ਤੋਂ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਦੇ 50 ਵਾਰਡ ਲਈ 122 ਪੋਲਿੰਗ ਬੂਥ ਬਣਾਏ ਗਏ ਹਨ। ਇੱਥੇ 1 ਲੱਖ 8 ਹਜ਼ਾਰ 422 ਵੋਟਰ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਅਜ਼ਾਦ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ।
ਪਠਾਨਕੋਟ (ਐਨ ਪੀ ਧਵਨ): ਪਠਾਨਕੋਟ ਨਗਰ ਨਿਗਮ ਦੇ 50 ਵਾਰਡਾਂ ਅਤੇ ਸੁਜਾਨਪੁਰ ਨਗਰ ਕੌਂਸਲ ਅੰਦਰ 15 ਵਾਰਡਾਂ ਲਈ ਭਲਕੇ ਪੈਣ ਵਾਲੀਆਂ ਵੋਟਾਂ ਵਾਸਤੇ ਕ੍ਰਮਵਾਰ 141 ਪੋਲਿੰਗ ਪਾਰਟੀਆਂ ਅਤੇ 26 ਪੋਲਿੰਗ ਪਾਰਟੀਆਂ ਅੱਜ ਰਵਾਨਾ ਕਰ ਦਿੱਤੀਆਂ ਗਈਆਂ। ਇਨ੍ਹਾਂ ਵਿੱਚੋਂ ਪਠਾਨਕੋਟ ਦੇ 35 ਨੰਬਰ, 19 ਨੰਬਰ ਅਤੇ 39 ਨੰਬਰ ਵਾਰਡਾਂ ਦੇ 9 ਬੂਥਾਂ ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇੰਜ ਹੀ ਸੁਜਾਨਪੁਰ ਵਿੱਚ ਚਾਰ ਬੂਥ ਅਤਿ-ਸੰਵੇਦਨਸ਼ੀਲ ਐਲਾਨੇ ਗਏ ਹਨ। ਪੁਲੀਸ ਅਧਿਕਾਰੀਆਂ ਅਨੁਸਾਰ ਇਨ੍ਹਾਂ ਅਤਿ-ਸੰਵੇਦਨਸ਼ੀਲ ਬੂਥਾਂ ਤੇ ਵਾਧੂ ਸੁਰੱਖਿਆ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਵੋਟਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹ ਸਕਣ।

