ਲਵਲੀ ’ਵਰਸਿਟੀ ਦੇ ਬਾਹਰ ਤੇ ਅੰਦਰ ਸਖ਼ਤ ਸੁਰੱਖਿਆ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਪਿਛਲੇ ਦਿਨੀਂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੈਦਾ ਹੋਈ ਹਿੰਸਕ ਸਥਿਤੀ ਤੋਂ ਬਾਅਦ ਪੰਜਾਬ ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਯੂਨੀਵਰਸਿਟੀ ਤੇ ਇਸ ਦੇ ਆਲੇ-ਦੁਆਲੇ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਕੀਤਾ ਹੈ।...
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਪਿਛਲੇ ਦਿਨੀਂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੈਦਾ ਹੋਈ ਹਿੰਸਕ ਸਥਿਤੀ ਤੋਂ ਬਾਅਦ ਪੰਜਾਬ ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਯੂਨੀਵਰਸਿਟੀ ਤੇ ਇਸ ਦੇ ਆਲੇ-ਦੁਆਲੇ ਵੱਡੀ ਗਿਣਤੀ ’ਚ ਪੁਲਿਸ ਬਲ ਤਾਇਨਾਤ ਕੀਤਾ ਹੈ। ਪੁਲਿਸ ਵੱਲੋਂ ਕੈਂਪਸ ਦੀ ਸੁਰੱਖਿਆ ਦੇ ਨਾਲ-ਨਾਲ ਮੁੱਖ ਗੇਟਾਂ, ਸੜਕਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਥੋਂ ਤੱਕ ਕਿ ਸੁਰੱਖਿਆ ਨੂੰ ਦੇਖ ਕੇ ਨੈਸ਼ਨਲ ਹਾਈਵੇਅ ਤੋਂ ਗੁਜ਼ਰਨ ਵਾਲੇ ਲੋਕ ਵੀ ਦੇਖਣ ਲਈ ਮਜਬੂਰ ਹੋ ਰਹੇ ਹਨ। ਪੁਲੀਸ ਸੂਤਰਾਂ ਅਨੁਸਾਰ ਯੂਨੀਵਰਸਿਟੀ ਤੇ ਇਸ ਦੇ ਆਲੇ-ਦੁਆਲੇ ਸੁਰੱਖਿਆ ਲਈ ਕਰੀਬ 1200 ਪੁਲੀਸ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਇਨ੍ਹਾਂ ’ਚੋਂ ਲਗਭਗ 600 ਪੁਲਿਸ ਮੁਲਾਜ਼ਮ ਇਕ ਸਮੇਂ ਇੱਕ ਸ਼ਿਫਟ ’ਚ ਡਿਊਟੀ ਨਿਭਾ ਰਹੇ ਹਨ, ਜਦਕਿ ਬਾਕੀ ਮੁਲਾਜ਼ਮਾਂ ਨੂੰ ਰੋਟੇਸ਼ਨ ਅਨੁਸਾਰ ਤਾਇਨਾਤ ਕੀਤਾ ਜਾ ਰਿਹਾ ਹੈ ਤੇ ਕੁੱਲ 1200 ਮੁਲਾਜ਼ਮ ਡਿਊਟੀ ਨਿਭਾ ਰਹੇ ਹਨ ਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 2 ਐੱਸਐੱਸਪੀ, ਕਰੀਬ 2 ਐੱਸਪੀ ਤੇ 2 ਡੀਐੱਸਪੀ ਪੱਧਰ ਦੇ ਅਧਿਕਾਰੀ ਮੌਕੇ ’ਤੇ ਤਾਇਨਾਤ ਰਹਿ ਕੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਵਰਨਣਯੋਗ ਹੈ ਕਿ ਘਟਨਾ ਦੌਰਾਨ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ ਸੀ ਤੇ ਪੁਲਿਸ ਨਾਲ ਝੜਪਾਂ ਤੋਂ ਇਲਾਵਾ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਤੇ ਅੱਗ ਲਗਾਉਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਪੁਲਿਸ ਨੇ ਕੈਂਪਸ ’ਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਹੈ। ਪੁਲਿਸ ਵੱਲੋਂ ਵੱਖ-ਵੱਖ ਐਂਟਰੀ ਪੁਆਇੰਟਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਬਿਨ੍ਹਾਂ ਲੋੜ ਤੋਂ ਕੈਂਪਸ ’ਚ ਦਾਖ਼ਲ ਹੋਣ ਵਾਲੇ ਲੋਕਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਬੰਧੀ ਦਰਜ ਮਾਮਲਿਆਂ ਦੀ ਜਾਂਚ ਵੀ ਜਾਰੀ ਹੈ।

