ਜ਼ਿਲ੍ਹਾ ਕਾਂਗਰਸ ਵੱਲੋਂ ਲੰਘੀ ਦੇਰ ਸ਼ਾਮ ‘ਵੋਟ ਚੋਰੀ’ ਦੇ ਮੁੱਦੇ ’ਤੇ ਮਸ਼ਾਲ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ, ਉਨ੍ਹਾਂ ਖ਼ਿਲਾਫ਼ ਐੱਫ ਆਈ ਆਰ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਇਨ੍ਹਾਂ ਦੋਸ਼ਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਨਿਰਪੱਖ ਅਤੇ ਸੁਤੰਤਰ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਮਸ਼ਾਲਾਂ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ਉੱਪਰ ‘ਵੋਟ ਚੋਰ, ਗੱਦੀ ਛੋੜ’, ‘ਲੋਕਤੰਤਰ ਦੀ ਕਾਤਲ ਸਰਕਾਰ-ਮੁਰਦਾਬਾਦ’, ‘ਭਾਜਪਾ ਸਰਕਾਰ- ਮੁਰਦਾਬਾਦ’ ਆਦਿ ਦੇ ਨਾਅਰੇ ਲਿਖੇ ਹੋਏ ਸਨ। ਉਨ੍ਹਾਂ ਭਾਰਤ ਦੇ ਮੁੱਖ ਚੋਣ ਅਧਿਕਾਰੀ ਗਿਆਨੇਸ਼ ਕੁਮਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਵਿੱਚ ਸਾਬਕਾ ਵਿਧਾਇਕ ਅਮਿਤ ਵਿੱਜ, ਸੀਨੀਅਰ ਆਗੂ ਅਸ਼ੀਸ਼ ਵਿੱਜ, ਰਾਕੇਸ਼ ਬਬਲੀ, ਗੌਰਵ ਵਡੈਹਰਾ, ਨਿਤਿਨ ਲਾਡੀ, ਵਿਕਾਸ ਮਹਾਜਨ ਬੰਟੀ, ਪੰਮੀ ਪਠਾਨੀਆ, ਵਿਜੇ ਭਗਤ, ਰਜਨੀ ਮਨਹਾਸ, ਜੋਗਿੰਦਰ ਪਹਿਲਵਾਨ, ਰਾਜ ਕੁਮਾਰ ਸਿਹੋੜਾ, ਸਤੀਸ਼ ਜੱਟ ਪੰਮਾ ਆਦਿ ਆਗੂ ਸ਼ਾਮਲ ਸਨ।
ਮੁੱਖ ਬੁਲਾਰੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਜ਼ਾਨਚੀ ਅਤੇ ਪਠਾਨਕੋਟ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਵੋਟ ਚੋਰੀ ਸਾਡੇ ਸੰਵਿਧਾਨ ਦੀ ਭਾਵਨਾ ਨੂੰ ਕਮਜ਼ੋਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਵੋਟਰ ਸੂਚੀ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸਵਾਲ ਦਾ ਜਵਾਬ ਪਾਰਦਰਸ਼ੀ ਢੰਗ ਨਾਲ ਜਨਤਾ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਗਿਆਨੇਸ਼ ਕੁਮਾਰ ਦੇ ਮੁੱਖ ਚੋਣ ਕਮਿਸ਼ਨਰ ਵੱਜੋਂ ਕਾਰਜਕਾਲ ਦੌਰਾਨ ਹੋਈਆਂ ਸਾਰੀਆਂ ਚੋਣਾਂ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਚੋਣਾਂ ਨੂੰ ਰੱਦ ਕਰਕੇ ਮੁੜ ਚੋਣ ਚੋਣਾਂ ਕਰਵਾਈਆਂ ਜਾਣ।

