ਪੰਜਾਬ ਵਪਾਰ ਕਮਿਸ਼ਨ ਆਬਕਾਰੀ ਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ, ਜਿਸ ਤਹਿਤ ਪੰਜਾਬ ਭਰ ਦੇ ਵਪਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਪਾਰਕ ਸੰਗਠਨਾਂ ਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਟੈਕਸ ਸੁਧਾਰਾਂ, ਓਟੀਐੱਸ ਸਕੀਮ ਤੇ ਵਪਾਰਕ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ।ਚੇਅਰਮੈਨ ਵੱਲੋਂ ਵਪਾਰੀਆਂ ਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ’ਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਵਿਭਾਗੀ ਅਧਿਕਾਰੀਆਂ ਦੀ ਮਦਦ ਨਾਲ ਮੌਕੇ ’ਤੇ ਹੀ ਹੱਲ ਕਰ ਦਿੱਤਾ ਗਿਆ ਤੇ ਬਾਕੀ ਮੁੱਦਿਆਂ ਨੂੰ ਜੀਐੱਸਟੀ ਕੌਂਸਲ ਰਾਹੀਂ ਹੱਲ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਨੁਸਾਰ, ਸਾਲ 2017-18 ਦੀ ਪਹਿਲੀ ਤਿਮਾਹੀ ਦੇ ਬਕਾਇਆ ਟੈਕਸ ਬਕਾਏ ਦੇ ਮਾਮਲਿਆਂ ਦੇ ਹੱਲ ਲਈ ਓਟੀਐਸ (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ ਲਈ ਵਿੱਤ ਮੰਤਰੀ, ਪੰਜਾਬ ਨੂੰ ਸਿਫ਼ਾਰਸ਼ ਭੇਜੀ ਹੈ ਅਤੇ ਇਹ ਸਕੀਮ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ’ਚ ਟੈਕਸ ਅਦਾ ਕਰਨ ’ਚ ਸਹਿਯੋਗ ਕਰਨ ਤਾਂ ਜੋ ਸੂਬੇ ਦੇ ਮਾਲੀਏ ’ਚ ਵਾਧਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਬਿਨ੍ਹਾਂ ਬਿੱਲ ਤੋਂ ਬਾਹਰੋਂ ਮਾਲ ਲੈ ਕੇ ਆਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਲਈ ਸ਼ੁਰੂ ਕੀਤੀ ਗਈ 10 ਲੱਖ ਦੀ ਬੀਮਾ ਯੋਜਨਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡ. ਕਰਮਬੀਰ ਸਿੰਘ ਚੰਦੀ, ਸਾਇੰਸ ਟੈਕਨੋਲੋਜੀ ਬੋਰਡ ਦੇ ਮੈਂਬਰ ਕੰਵਰ ਇਕਬਾਲ ਸਿੰਘ, ਮੁਕਤੀ ਗੁਪਤਾ, ਭੁਪਿੰਦਰ ਸਿੰਘ, ਸੁਖਜੀਤ ਸਿੰਘ ਸਟੇਟ ਟੈਕਸ ਅਫਸਰ, ਸੁਖਜੀਤ ਸਿੰਘ ਚਾਹਲ ਈ ਟੀ ਓ ਵੀ ਸ਼ਾਮਲ ਸਨ।