ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 13 ਜੁਲਾਈ
ਸਥਾਨਕ ਵਾਸੀ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕੁਝ ਨੌਜਵਾਨ ਆਪਣੇ ਦੋਸਤਾਂ ਨਾਲ ਜਨਮਦਿਨ ਦੀ ਪਾਰਟੀ ਤੋਂ ਵਾਪਸ ਕਰਤਾਰਪੁਰ ਆਉਣ ਮੌਕੇ ਰਾਮਾ ਮੰਡੀ ਕੋਲ ਆਲਟੋ ਕਾਰ ਨਾਲ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਕਾਰ ਵਿੱਚ ਸਵਾਰ ਤਿੰਨ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵਕਰਮਾ ਮਾਰਕੀਟ ਵਿੱਚ ਲੱਕੜ ਦੇ ਫਰਨੀਚਰ ਦੇ ਕਾਰੋਬਾਰੀ ਦੇ ਪੁੱਤਰ ਕਮਲਜੀਤ ਸਿੰਘ ਦੀ ਹਾਦਸੇ ਦੌਰਾਨ ਮੌਕੇ ’ਤੇ ਮੌਤ ਹੋ ਗਈ ਸੀ। ਕਾਰ ਸਵਾਰ ਜੈਸਮੀਨ ਸਿੰਘ ਪੁੱਤਰ ਮਨਜੀਤ ਸਿੰਘ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ ਸੀ ਨੂੰ ਇਲਾਜ ਲਈ ਰਾਮਾਮੰਡੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਸ ਦੀ ਅੱਜ ਬਾਅਦ ਦੁਪਹਿਰ ਮੌਤ ਹੋ ਗਈ ਹੈ।