ਉਦੈ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਨਾਮਧਾਰੀ ਸੰਪਰਦਾ ਦੇ ਮੁਖੀ ਉਦੈ ਸਿੰਘ ਨੇ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਕਈ ਪਿੰਡਾਂ ਦਾ ਦੌਰਾ ਕਰਦਿਆਂ ਪੀੜਤ ਲੋਕਾਂ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਮੌਜੂਦ ਸਨ। ਪਿੰਡ ਆਹਲੀ ਕਲਾਂ ਵਿੱਚ ਸਥਾਨਕ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਹਰ ਵਰ੍ਹੇ ਬਿਆਸ ਦਰਿਆ ਦੇ ਹੜ੍ਹ ਕਾਰਨ ਫਸਲਾਂ ਦਾ ਬਰਬਾਦੀ ਦੀ ਮਾਰ ਸਹਿਣੀ ਪੈਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਰਿਆ ਦੀ ਮੁਰੰਮਤ ਕਰਵਾ ਕੇ ਇਸ ਨੂੰ ਨਹਿਰ ਦਾ ਰੂਪ ਦਿੱਤਾ ਜਾਵੇ ਤਾਂ ਜੋ ਪਾਣੀ ਨੂੰ ਰੋਕਿਆ ਜਾ ਸਕੇ। ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਕੇਂਦਰ ਵਲੋਂ ਤਾਂ ਮੁਆਵਜ਼ਾ ਮਿਲਦਾ ਹੈ ਪਰ ਪੰਜਾਬ ਸਰਕਾਰ ਵੱਲੋਂ ਸਹਾਇਤਾ ਨਹੀਂ ਮਿਲੀ। ਉਦੈ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰ ਕੇ ਪਿਛਲੇ ਸਾਲ ਦੀਆਂ ਫਸਲਾਂ ਦਾ ਮੁਆਵਜ਼ਾ ਤੇ ਦਰਿਆ ਦੀ ਮੁਰੰਮਤ ਦਾ ਮੁੱਦਾ ਉਠਾਉਣਗੇ।
ਸਰਕਾਰੀ ਮੁਲਾਜ਼ਮ ਹੜ੍ਹ ਮਾਰੇ ਖੇਤਰਾਂ ’ਚ ਰਾਹਤ ਕਾਰਜਾਂ ’ਚ ਜੁਟੇ
ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਮਾਲ ਤੇ ਮੁੜ ਵਸੇਬਾ ਵਿਭਾਗ ਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਸਿੱਖਿਆ ਵਿਭਾਗ ਦੇ ਅਧਿਆਪਕ ਵੀ ਹੜ੍ਹਾਂ ਦੌਰਾਨ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਛਮਣ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਬਣਾਏ ਗਏ ਓਪਰੇਸ਼ਨ ਕੈਂਪ ਵਿੱਚ ਜਦੋਂ ਵੀ ਕੋਈ ਸਹਾਇਤਾ ਲਈ ਕਾਲ ਆਉਂਦੀ ਹੈ ਤਾਂ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਉਸ ਉੱਪਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬੀ.ਡੀ.ਪੀ.ਓ. ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਫਲੱਡ ਓਪਰੇਸ਼ਨ ਕੈਂਪ ਵਿੱਚ ਹੋਰ ਵਿਭਾਗਾਂ ਦੇ ਕਰਮਚਾਰੀਆਂ ਦੇ ਨਾਲ ਪਟਵਾਰੀ, ਪੰਚਾਇਤ ਸਕੱਤਰ ਅਤੇ ਅਧਿਆਪਕ ਵੀ ਰਾਹਤ ਕਾਰਜਾਂ ਵਿਚ ਦਿਨ-ਰਾਤ ਲੱਗੇ ਹੋਏ ਹਨ।