ਕੇਂਦਰੀ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਕੇਂਦਰੀ ਰਾਜ ਮੰਤਰੀ ਸ੍ਰੀਪਦ ਯੈਸੋ ਨਾਇਕ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਰਾਹਤ ਤੇ ਮੁੜਵਸੇਬਾ ਯਤਨਾਂ ਦਾ ਜਾਇਜ਼ਾ ਲੈਣ ਲਈ ਸੁਲਤਾਨਪੁਰ ਤਹਿਸੀਲ ਦਾ ਦੌਰਾ ਕੀਤਾ। ਉਨ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ। ਉਨ੍ਹਾਂ ਪਿੰਡ ਬੂਲੇ, ਆਹਲੀ ਮੰਡ, ਆਹਲੀ ਖੁਰਦ ’ਚ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੰਤਰੀ ਨੇ ਸਥਾਨਕ ਪੰਚਾਇਤ ਮੈਂਬਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ, ਜਿਨ੍ਹਾਂ ਵਿਚ ਸੁਲਤਾਨਪੁਰ ਦੇ ਐਸ.ਡੀ.ਐਮ. ਅਤੇ ਹੋਰ ਅਧਿਕਾਰੀ ਸ਼ਾਮਿਲ ਹਨ, ਨਾਲ ਵੀ ਗੱਲਬਾਤ ਕੀਤੀ ਅਤੇ ਚੱਲ ਰਹੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁਕਮਾਂ ਅਨੁਸਾਰ ਕੇਂਦਰੀ ਮੰਤਰੀ ਪੰਜਾਬ ’ਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਤੱਕ ਨਿੱਜੀ ਤੌਰ ’ਤੇ ਪਹੁੰਚ ਕਰ ਰਹੇ ਹਨ। ਕੇਂਦਰ ਸਰਕਾਰ ਪੰਜਾਬ ’ਚ ਤੇਜ਼ੀ ਨਾਲ ਮੁੜ ਵਸੇਬੇ ਤੇ ਆਮ ਸਥਿਤੀ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।