ਜਲੰਧਰ ਜ਼ਿਲ੍ਹੇ ਵਿੱਚ ਅੱਧੀ ਦਰਜਨ ਤੋਂ ਵੱਧ ਥਾਵਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਰੋਕੀਆਂ ਜਾਣਗੀਆਂ ਰੇਲ ਗੱਡੀਆਂ
ਖੇਤੀ ਕਾਨੂੰਨਾਂ ਤੇ ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਆਵਾਜ਼ ਕੀਤੀ ਜਾਵੇਗੀ ਬੁਲੰਦ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ’ਤੇ ਦਿੱਤਾ ਜਾਵੇਗਾ ਜ਼ੋਰ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕਣ ਦੇ ਦਿੱਤੇ ਸੱਦੇ ’ਤੇ ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਨੇ ਪੂਰੀ ਤਿਆਰੀ ਕਰ ਲਈ ਹੈ। ਜਲੰਧਰ ਜ਼ਿਲ੍ਹੇ ਵਿੱਚ ਹੀ ਅੱਧੀ ਦਰਜਨ ਤੋਂ ਵੱਧ ਥਾਵਾਂ ’ਤੇ ਕਿਸਾਨ ਜੱਥੇਬੰਦੀਆਂ ਰੇਲਵੇ ਲਾਈਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੈਠ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਵਾਜ਼ ਬੁਲੰਦ ਕਰਨਗੀਆਂ ਤੇ ਲਖੀਮਪੁਰ ਖੀਰੀ ਦੀ ਘਟਨਾ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਅਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਕਰਨਗੀਆਂ।
ਕਿਸਾਨ ਜੱਥੇਬੰਦੀਆਂ ਵੱਲੋਂ ਜਲੰਧਰ ਦੇ ਦਕੋਹਾ ਫਾਟਕ, ਕਾਲਾ ਬੱਕਰਾ ਰੇਲਵੇ ਸਟੇਸ਼ਨ, ਲੋਹੀਆਂ ਖ਼ਾਸ, ਫਿਲੌਰ, ਗੁਰਾਇਆ ਤੇ ਹੋਰ ਥਾਵਾਂ ’ਤੇ ਰੇਲਾਂ ਰੋਕਣਗੀਆਂ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਬੀਕੇਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ, ਬੀਕੇਯੂ (ਲੱਖੋਵਾਲ) ਦੀ ਇਸਤਰੀ ਵਿੰਗ ਦੀ ਆਗੂ ਰਾਜਵਿੰਦਰ ਕੌਰ, ਸੀਪੀਆਈ (ਐੱਮ) ਦੇ ਆਗੂ ਕਾਮਰੇਡ ਲਹਿੰਬਰ ਸਿੰਘ ਤੱਗੜ, ਕਿਰਤੀ ਕਿਸਾਨ ਯੂਨੀਅਨ ਦੇ ਕਮੇਟੀ ਮੈਂਬਰ ਗੁਰਨਾਮ ਸਿੰਘ ਤੱਗੜ ਅਤੇ ਹੋਰ ਕਿਸਾਨ ਜੱਥੇਬੰਦੀਆਂ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਰੇਲਾਂ ਰੋਕਣਗੀਆਂ। ਕਿਸਾਨ ਮਜ਼ਦੂਰ ਆਗੂਆਂ ਕਾਮਰੇਡ ਦਿਆਲ ਸਿੰਘ ਢੰਡਾ, ਮਾਸਟਰ ਪ੍ਰਸ਼ੋਤਮ ਬਿਲਗਾ, ਕਾਮਰੇਡ ਰਣਜੀਤ ਸਿੰਘ ਗੁਰਾਇਆ ਅਤੇ ਕਾਮਰੇਡ ਇੰਦਰਜੀਤ ਸਿੰਘ ਜੰਗੀ ਨੇ ਦੱਸਿਆ ਕਿ ਐਕਸ਼ਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰੇਲ ਫਾਟਕ ’ਤੇ ਧਰਨੇ ਨੂੰ ਸੰਬੋਧਨ ਕਰਨ ਲਈ ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਲਹਿੰਬਰ ਸਿੰਘ ਤੱਗੜ, ਕਿਸਾਨ ਸਭਾ ਦੇ ਸੂਬਾ ਪ੍ਰਧਾਨ ਕਾਮਰੇਡ ਗੁਰਚੇਤਨ ਸਿੰਘ ਬਾਸੀ, ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮੇਲਾ ਸਿੰਘ ਰੁੜਕਾ, ਮਾਸਟਰ ਮੂਲ ਚੰਦ ਸਰਹਾਲੀ, ਸੀਟੂ ਆਗੂ ਕੁਮਾਰੀ ਕ੍ਰਿਸ਼ਨਾ, ਕਿਸਾਨ ਆਗੂ ਗੁਰਪਰਮਜੀਤ ਕੌਰ ਤੱਗੜ, ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਅਤੇ ਸੁਖਦੇਵ ਸਿੰਘ ਬਾਸੀ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ।