ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਮੰਡੀ ਨੀਤੀ ਖਰੜੇ ਦਾ ਵਿਰੋਧ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਫ਼ਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੰਮ੍ਰਿਤਸਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਮਿਲਕੇ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਇਹ ਮੰਗ ਪੱਤਰ ਕਿਸਾਨ ਆਗੂ ਰਤਨ ਸਿੰਘ ਰੰਧਾਵਾ, ਧੰਨਵੰਤ ਸਿੰਘ ਖਤਰਾਏ ਕਲਾਂ, ਜਤਿੰਦਰ ਛੀਨਾ,ਲਖਬੀਰ ਸਿੰਘ ਨਿਜਾਮਪੁਰ, ਸੁੱਚਾ ਸਿੰਘ ਅਜਨਾਲਾ, ਗੁਰਦੇਵ ਸਿੰਘ ਵਰਪਾਲ, ਸਰਵਣ ਸਿੰਘ, ਨਿਸ਼ਾਨ ਸਿੰਘ ਸਾਂਘਣਾ, ਸੁਖਰਾਮਬੀਰ ਸਿੰਘ ਲੁਹਾਰਕਾ ਦੀ ਅਗਵਾਈ ਹੇਠ ਦਿੱਤਾ ਗਿਆ। ਇਸ ਮੰਗ ਪੱਤਰ ਬਾਰੇ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਨਵਾਂ ਮਾਰਕੀਟਿੰਗ ਖੇਤੀਬਾੜੀ ਖਰੜਾ ਜੋ ਸੂਬੇ ਦੀਆਂ ਸਰਕਾਰਾਂ ਨੂੰ ਖਰੜੇ ਦੇ ਰੂਪ ਵਿੱਚ ਭੇਜਕੇ ਲਾਗੂ ਕਰਨ ਵਾਸਤੇ ਕਿਹਾ ਗਿਆ ਹੈ, ਉਸ ਨੂੰ ਸੂਬਾ ਸਰਕਾਰਾਂ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ, ਇਸ ਖਰੜੇ ਨੂੰ ਖਾਰਜ ਕਰਨ ਦਾ ਮਤਾ ਪਾਸ ਕੀਤਾ ਜਾਵੇ। ਇਸੇ ਤਰ੍ਹਾਂ ਬਿਜਲੀ ਕਾਨੂੰਨ 2020 ਨੂੰ ਖਾਰਜ ਅਤੇ ਫਸਲੀ ਬੀਮਾ ਯੋਜਨਾ ਨੂੰ ਲਾਗੂ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿ ਜੇਕਰ ਪੰਜਾਬ ਸਰਕਾਰ ਨੇ ਨਵੇਂ ਖੇਤੀਬਾੜੀ ਮਾਰਕੀਟਿੰਗ ਖਰੜੇ ਨੂੰ ਖਾਰਜ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ 5 ਮਾਰਚ ਨੂੰ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਲਈ ਸੰਘਰਸ਼ ਸ਼ੁਰੂ ਕਰਨ ਵਾਸਤੇ ਮਜਬੂਰ ਹੋਵੇਗਾ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਰਤੀ ਕਿਸਾਨ ਯੂਨੀਅਨ ਦੇ ਜਗਤਾਰ ਸਿੰਘ ਭਿੰਡਰ, ਜਮਹੂਰੀ ਕਿਸਾਨ ਸਭਾ ਦੇ ਦਵਿੰਦਰ ਸਿੰਘ ਕੱਕੋਂ, ਕਿਸਾਨ ਕਮੇਟੀ ਦੁਆਬਾ ਦੇ ਹਰਬੰਸ ਸਿੰਘ ਸੰਘਾ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੰਤੋਖ ਸਿੰਘ ਭੀਲੋਵਾਲ ਦੀ ਅਗਵਾਈ ਹੇਠ ਅੱਜ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਕਿਸਾਨਾ ਦੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਦਿੱਤਾ ਅਤੇ ਖੇਤੀ ਮੰਡੀ ਖਰੜੇ ਰੱਦ ਕਰਨ ਦੀ ਮੰਗ ਕੀਤੀ।
ਕਾਰਪੋਰੇਟ ਘਰਾਣਿਆਂ ਦੀ ਬਜਾਇ ਕਿਸਾਨਾਂ ਦੇ ਕਰਜ਼ ਮੁਆਫ਼ੀ ਕਰੇ ਸਰਕਾਰ
ਭੋਗਪੁਰ (ਬਲਵਿੰਦਰ ਸਿੰਘ ਭੰਗੂ): ਦੋਆਬਾ ਕਿਸਾਨ ਕਮੇਟੀ ਦੇ ਪੰਜਾਬ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਬੀਕੇਯੂ (ਰਾਜੇਵਾਲ) ਮੀਤ ਪ੍ਰਧਾਨ ਮੁਕੇਸ਼ ਚੰਦਰ ਸ਼ਰਮਾ, ਬੀਕੇਯੂ (ਕਾਦੀਆਂ) ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਲਾਂਗ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਨਾਂ ’ਤੇ ਮੈਮੋਰੰਡਮ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੂੰ ਸੌਂਪ ਕੇ ਮੰਗ ਕਿ ਚੰਨੀ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕੇਂਦਰ ਸਰਕਾਰ ਤੋਂ ਮੰਗਾਂ ਮੰਨਵਾਉਣ ਲਈ ਸੰਸਦ ਵਿੱਚ ਆਪਣੀ ਅਵਾਜ਼ ਬੁਲੰਦ ਕਰਨ।
ਉਨ੍ਹਾਂ ਇਹ ਮੰਗ ਵੀ ਕੀਤੀ ਕਿ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੀ ਬਜਾਇ ਕਿਸਾਨਾਂ ਦੇ ਕਰਜ਼ ਮੁਆਫ ਕਰਨੇ ਚਾਹੀਦੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸੰਸਦ ਮੈਂਬਰ ਚੰਨੀ ਨੂੰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ‘ਨੈਸ਼ਨਲ ਪਾਲਿਸੀ ਫਰੇਮਵਰਕ ਆਨ ਐਗਰੀਕਲਚਰ ਮਾਰਕੀਟਿੰਗ’ ਖਰੜਾ ਰੱਦ ਕਰਾਉਣ, ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਨ ਤੇ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਦੀਆਂ ਮੰਗੀਆ ਮੰਗਾਂ ਨੂੰ ਅਮਲੀ ਰੂਪ ਦੇਣ ਲਈ ਕੇਂਦਰ ਸਰਕਾਰ ’ਤੇ ਦਬਾਅ ਪਾਉਣਾ ਚਾਹੀਦਾ ਹੈ। ਕਾਂਗਰਸੀ ਵਿਧਾਇਕ ਕੋਟਲੀ ਨੇ ਕਿਸਾਨ ਆਗੂਆਂ ਨੂੰ ਮੰਗ ਪੱਤਰ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।