ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 25 ਜੂਨ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸ਼ਹਿਰ ਦੇ ਮੁਹੱਲਾ ਬਹਾਦੁਰਪੁਰ ਦੇ ਪੰਜ ਪਿੱਪਲੀ ਮੰਦਿਰ ਕੋਲ ਹੋਈ ਅਣਅਧਿਕਾਰਤ ਉਸਾਰੀ ਨੂੰ ਅੱਜ ਢਾਹਿਆ ਗਿਆ। ਇਹ ਗੈਰਕਾਨੂੰਨੀ ਉਸਾਰੀ ਇਕ ਵਿਅਕਤੀ, ਜਿਸ ਦਾ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧ ਹੈ, ਵੱਲੋਂ ਕੀਤੀ ਗਈ ਸੀ, ਜਿਸ ਨੂੰ ਸਿਵਲ ਪ੍ਰਸ਼ਾਸਨ ਦੇ ਹੁਕਮਾਂ ’ਤੇ ਢਾਹਿਆ ਗਿਆ ਹੈ।
ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਨਗਰ ਨਿਗਮ ਨੂੰ ਇਸ ਗੈਰਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲੀਸ ਸਹਾਇਤਾ ਦੀ ਲੋੜ ਸੀ, ਉਸ ਦੀ ਅਪੀਲ ’ਤੇ ਕਾਰਵਾਈ ਕਰਦਿਆਂ ਇਹ ਉਸਾਰੀ ਢਾਹੀ ਗਈ ਹੈ। ਇਹ ਕਾਰਵਾਈ ਮਨਦੀਪ ਸਿੰਘ ਉਰਫ਼ ਮਨੂ ਵਿਰੁੱਧ ਕੀਤੀ ਗਈ ਹੈ, ਜਿਸ ਖ਼ਿਲਾਫ਼ ਨੌਂ ਐੱਫਆਈਆਰ ਦਰਜ ਹਨ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਖ਼ਿਲਾਫ਼ ਦਰਜ ਮਾਮਲਿਆਂ ਵਿਚ ਜ਼ਿਆਦਾਤਰ ਐੱਨਡੀਪੀਐੱਸ ਨਾਲ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਪੁਲੀਸ ਵੱਲੋਂ ਨਸ਼ਿਆਂ ਅਤੇ ਗੈਰਕਾਨੂੰਨੀ ਕਬਜ਼ਿਆਂ ਖ਼ਿਲਾਫ਼ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਵਾਇਆ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਸਕਰਾਂ ਤੋਂ ਸਥਾਨਕ ਵਾਸੀ ਬੇਹੱਦ ਪ੍ਰੇਸ਼ਾਨ ਸਨ, ਜਿਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਜਾ ਰਿਹਾ ਹੈ।