ਪੱਤਰ ਪ੍ਰੇਰਕ
ਹੁਸ਼ਿਆਰਪੁਰ, 13 ਜਨਵਰੀ
ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ’ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਮੰਡਲ ਦਫ਼ਤਰ ਬਾਹਰ ਪੰਜਾਬ ਸਰਕਾਰ ਦੀ ਲੋਹੜੀ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਫ਼ਰੰਟ ਦੇ ਕਨਵੀਨਰ ਸਤੀਸ਼ ਰਾਣਾ, ਪੀ.ਡਬਲਿਯੂ.ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਆਗੂ ਸੁਖਦੇਵ ਜਾਜਾ, ਕੁਲਦੀਪ ਸਿੰਘ, ਸਤੀਸ਼ ਰਾਣਾ, ਟੇਵੂ ਯੂਨਿਟ ਹੁਸ਼ਿਆਰਪੁਰ ਦੇ ਸਕੱਤਰ ਗਗਨਦੀਪ ਅਤੇ ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਨੂੰ ਲਾਅਰਿਆਂ ਵਿਚ ਹੀ ਰੱਖਿਆ। ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਵੀ ਕੋਈ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਬਦਨੀਅਤ ਕਰਕੇ ਪੰਜਾਬ ਅੰਦਰ ਕੋਈ ਵੀ ਮੁਲਾਜ਼ਮ ਪੱਕਾ ਨਹੀਂ ਹੋ ਸਕਿਆ ਅਤੇ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਲਾਗੂ ਨਹੀਂ ਕੀਤਾ। ਇਸ ਦੇ ਉਲਟ ਪਹਿਲਾਂ ਮਿਲਦੀਆਂ ਸਹੂਲਤਾਂ ਨੂੰ ਵੀ ਇਕ-ਇਕ ਕਰਕੇ ਖੋਹਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਇਕ ਵੀ ਵਾਅਦੇ ’ਤੇ ਪੂਰਾ ਨਹੀਂ ਉੱਤਰੀ।