ਹਲਕਾ ਬਟਾਲਾ ’ਚ ਸੜਕਾਂ ਬਿਹਤਰ ਬਣਾਵਾਂਗੇ: ਸ਼ੈਰੀ ਕਲਸੀ
ਵਿਧਾਇਕ ਨੇ ਪਿੰਡ ਰਜਾਦਾ-ਤੱਤਲਾ ਤੋਂ ਗੁਰਦੁਆਰਾ ਠੰਢੀ ਖੂਹੀ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਾਦੀਆਂ ਨੇੜਲੇ ਪਿੰਡ ਰਜਾਦਾ-ਤੱਤਲਾ ਤੋਂ ਗੁਰਦੁਆਰਾ ਠੰਢੀ ਖੂਹੀ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਟਾਲਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਇਸ ਕੰਮ ਲਈ ਦਿਨ ਰਾਤ ਲੱਗੇ ਹੋਏ ਹਨ। ਵਿਧਾਨ ਸਭਾ ਹਲਕੇ ਅੰਦਰ ਸਾਫ਼-ਸੁਥਰੀਆਂ ਲਿੰਕ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਆਉਂਦੇ ਦਿਨਾਂ ਅੰਦਰ ਇਨ੍ਹਾਂ ਸੜਕਾਂ ਨਾਲ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ। ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਾਨ ਬਣਾਏ ਗਏ ਹਨ। ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਗਏ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਕੇ ਨਿਬੇੜਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਮਾਣਕ ਮਹਿਤਾ, ਜ਼ਿਲ੍ਹਾ ਪਰਿਸ਼ਦ ਮੈਂਬਰ ਮਨਦੀਪ ਸਿੰਘ ਗਿੱਲ, ਮਨਜਿੰਦਰ ਸਿੰਘ ਤੱਤਲਾ ਆਦਿ ਹਾਜ਼ਰ ਸਨ।
ਨਹਿਰੀ ਖਾਲ ਪੱਕੇ ਕਰਨ ਦਾ ਨੀਂਹ ਪੱਥਰ ਰੱਖਿਆ
ਬਟਾਲਾ (ਦਲਬੀਰ ਸੱਖੋਵਾਲੀਆ): ‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਹੈ। ਉਨ੍ਹਾਂ ਪਿੰਡ ਥਿੰਦ, ਧੰਨੇ, ਧਾਰੀਵਾਲ, ਦੁਨੀਆਂ ਸੰਧੂ, ਰਸੂਲਪੁਰ, ਦੌਲਤਪੁਰ ਅਤੇ ਪੰਜਗਰਾਈਆਂ ਦੇ ਰਜਵਾਹ ਡਿਚ ਨੰਬਰ 2 ਦੀ ਕੰਕਰੀਟ ਲਾਈਨਿੰਗ ਅਤੇ ਨਹਿਰੀ ਖਾਲਾਂ ਨੂੰ ਪੱਕੇ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਕਲਸੀ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ ਨਾਲ ਜ਼ਮੀਨੀ ਪਾਣੀ ’ਤੇ ਨਿਰਭਰਤਾ ਘਟੀ ਹੈ। ਇਸ ਮੌਕੇ ਪਿੰਡ ਥਿੰਦ ਦੇ ਸਰਪੰਚ ਸਰਵਣ ਸਿੰਘ ਸਣੇ ਹੋਰ ਮੋਹਤਬਰ ਹਾਜ਼ਰ ਸਨ।

