ਪੱਤਰ ਪ੍ਰੇਰਕ
ਬਲਾਚੌਰ, 17 ਜੁਲਾਈ
ਸੀਟੂ ਦੇ ਸੂਬਾ ਮੀਤ ਪ੍ਰਧਾਨ ਮਹਾ ਸਿੰਘ ਰੋੜੀ ਦੀ ਅਗਵਾਈ ਹੇਠ ਪਿੰਡ ਮਜਾਰੀ ਟੌਲ ਪਲਾਜ਼ਾ ਵਿੱਚ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਕਿਸਾਨਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰੋੜੀ ਨੇ ਕਿਹਾ ਕਿ ਲੋਕ ਸਭਾ ਦਾ ਸੈਸ਼ਨ 17 ਜੁਲਾਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ, ਜੇਕਰ ਕੋਈ ਆਗੂ ਕਿਸਾਨਾਂ ਦਾ ਸਮਰਥਨ ਨਹੀਂ ਕਰਦਾ ਜਾਂ ਗੱਲ ਨਹੀਂ ਕਰਦਾ ਤਾਂ ਉਹ ਪਿੰਡਾਂ ਵਿੱਚ ਆਉਣ ਤੇ ਵਿਰੋਧ ਕਰਨਗੇ, ਕਿਉਂਕਿ ਕਿਸਾਨ ਅੱਠ ਮਹੀਨਿਆਂ ਤੋਂ ਸੜਕਾਂ ’ਤੇ ਦੁਖੀ ਹੈ, ਇਸ ਲਈ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਖੇਤੀਬਾੜੀ ਦੇ ਮੁੱਦਿਆਂ ’ਤੇ ਕੇਂਦਰ ਸਰਕਾਰ ਨਾਲ ਦ੍ਰਿੜਤਾ ਨਾਲ ਲੜਨਾ ਚਾਹੀਦਾ ਹੈ, ਤਾਂ ਜੋ ਇਸ ਬੋਲ਼ੀ ਸਰਕਾਰ ਤੱਕ ਆਵਾਜ਼ ਪਹੁੰਚਾਈ ਜਾ ਸਕੇ। ਮਹਾ ਸਿੰਘ ਰੋੜੀ ਨੇ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਦੁੱਗਣੀ ਕਰਕੇ ਮਹਿੰਗਾਈ ਨੇ ਲੋਕਾਂ ਦੀ ਕਮਰ ਤੋੜ ਦਿੱਤੀ ਹੈ, ਜਿਸ ਨੂੰ ਦੇਸ਼ ਦੇ ਕਿਸਾਨ ਅਤੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ਵਿੱਚ ਕੈਪਟਨ ਰਘਵੀਰ ਸਿੰਘ, ਕੁਲਵਿੰਦਰ ਸਿੰਘ ਗੋਰਾ, ਦਿਲਾਬਰ ਸਿੰਘ, ਅੱਛਰ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ, ਸੰਤੋਖ ਸਿੰਘ, ਹਰਜਿੰਦਰ ਸਿੰਘ ਹਾਜ਼ਰ ਸਨ।