ਮੰਡੀਆਂ ’ਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ: ਕਟਾਰੂਚੱਕ
w ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਝਬਾਲ ਮੰਡੀ ’ਚ ਖ਼ਰੀਦ ਕਾਰਜਾਂ ਦਾ ਨਿਰੀਖਣ ਕੀਤਾ
ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਨਿਰਵਿਘਨ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ ‘ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ ਹੈ। ਝਬਾਲ ਦੀ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿਚ 80 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 96 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸੂਬੇ ਵਿਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਅਤੇ ਸਫਲਤਾ ਪੂਰਵਕ ਢੰਗ ਨਾਲ ਨੇਪਰੇ ਚੜ੍ਹੇ ਹਨ। ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਕਾਰਜਾਂ ਅਤੇ ਸਬੰਧਤ ਅਥਾਰਟੀਆਂ ਵੱਲੋਂ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ।

