ਭਾਜਪਾ ਨੂੰ ਗ਼ਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟਣ ਨਹੀਂ ਦੇਵਾਂਗੇ: ਰੌੜੀ
ਵਿਧਾਇਕ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਰੀਬ 55 ਲੱਖ ਲੋੜਵੰਦ ਤੇ ਗ਼ਰੀਬ ਲੋਕਾਂ ਦੇ ਰਾਸ਼ਨ ਉੱਤੇ ਡਾਕਾ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਲੋੜਵੰਦ ਦਾ ਰਾਸ਼ਨ ਖੋਹਣ ਨਹੀਂ ਦੇਵੇਗੀ। ਡਿਪਟੀ ਸਪੀਕਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਕੇ ਵਾਈ ਸੀ ਤੇ ਵੈਰੀਫਿਕੇਸ਼ਨ ਦੇ ਨਾਂ ਉੱਤੇ 23 ਲੱਖ ਲੋਕਾਂ ਦਾ ਰਾਸ਼ਨ ਰੋਕ ਰੱਖਿਆ ਹੈ ਤੇ ਹੁਣ ਪੰਜਾਬ ਸਰਕਾਰ ਨੂੰ ਨਵਾਂ ਤਾਨਾਸ਼ਾਹੀ ਫੁਰਮਾਨ ਜਾਰੀ ਕਰਦਿਆਂ 8,02,500 ਰਾਸ਼ਨ ਕਾਰਡ (ਕਰੀਬ 32 ਲੱਖ ਲੋਕ) ਕੱਟਣ ਲਈ ਕਿਹਾ ਹੈ। ਇਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਦੇ ਕਰੀਬ 55 ਲੱਖ ਲੋੜਵੰਦਾਂ ਦਾ ਰਾਸ਼ਨ ਖੋਹਣ ਦੇ ਰਾਹ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੈਸ਼ਨਲ ਫੂਡ ਸਕਿਉਰਿਟੀ ਐਕਟ ਅਧੀਨ ਕਰੀਬ 1.53 ਕਰੋੜ ਲਾਭਪਾਤਰੀ ਹਨ ਅਤੇ 1.29 ਕਰੋੜ ਦੀ ਵੈਰੀਫਿਕੇਸ਼ਨ ਹੋ ਚੁੱਕੀ ਹੈ ਤੇ ਬਾਕੀਆਂ ਦੀ ਪ੍ਰਕਿਰਿਆ ਜਾਰੀ ਹੈ।
ਪੰਜਾਬ ਵਿੱਚ ਭਾਜਪਾ ਵੱਲੋਂ ਕੈਂਪ ਲਗਾਉਣ ਉੱਪਰ ਕਾਰਵਾਈ ਸਬੰਧੀ ਸਵਾਲ ਦੇ ਜਵਾਬ ਵਿੱਚ ਡਿਪਟੀ ਸਪੀਕਰ ਨੇ ਕਿਹਾ ਕਿ ਪੁਲੀਸ ਨੂੰ ਉਨ੍ਹਾਂ ਕੈਂਪਾਂ ਵਿੱਚ ਲੋਕਾਂ ਤੋਂ ਪੈਸੇ ਲਏ ਜਾਣ ਅਤੇ ਲੋਕਾਂ ਤੇ ਬੈਂਕ ਖਾਤਿਆਂ ਦੇ ਵੇਰਵੇ ਲਏ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਦੇ ਖਾਤੇ ਵਿੱਚੋਂ ਪੈਸੇ ਨਿਕਲ ਗਏ ਤਾਂ ਜ਼ਿੰਮੇਵਾਰ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਲੋਕਾਂ ਦਾ ਭਲਾ ਕਰਨਾ ਚਾਹੁੰਦੀ ਹੈ ਤਾਂ ਵਾਅਦੇ ਮੁਤਾਬਕ 15-15 ਲੱਖ ਰੁਪਏ ਦੇਸ਼ ਵਾਸੀਆਂ ਦੇ ਖਾਤੇ ’ਚ ਪਾਵੇ। ਸ੍ਰੀ ਰੌੜੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸੇ ਦੇ ਵੀ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦੇਵੇਗੀ। ਇਸ ਮੌਕੇ ਪਾਰਟੀ ਦੇ ਵਰਕਰ ਹਾਜ਼ਰ ਸਨ।