ਹਰਪ੍ਰੀਤ ਕੌਰ
ਹੁਸ਼ਿਆਰਪੁਰ, 30 ਦਸੰਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ ’ਤੇ ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਕੰਮ ਦਾ ਬਾਈਕਾਟ ਕਰ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਰੈਲੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨਿਰੁੱਧ ਮੋਦਗਿੱਲ, ਜਨਰਲ ਸਕੱਤਰ ਜਸਬੀਰ ਸਿੰਘ ਧਾਮੀ, ਦੀਪਕ ਸ਼ਰਮਾ, ਵਿਕਰਮ ਆਦੀਆ, ਬਲਕਾਰ ਸਿੰਘ, ਸੁਰਜੀਤ ਕੁਮਾਰ, ਵਿਜੇ ਕੁਮਾਰ, ਵਿਨੈ ਕੁਮਾਰ, ਪੁਸ਼ਪਿੰਦਰ ਪਠਾਣੀਆ ਆਦਿ ਨੇ ਸਰਕਾਰ ਦੇ ਮੁਲਾਜ਼ਮ ਮਾਰੂ ਫ਼ੈਸਲਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੇਅ ਕਮਿਸ਼ਨ ਦਾ ਪੂਰਾ ਲਾਭ ਨਹੀਂ ਦਿੱਤਾ ਗਿਆ ਜਿਸ ਕਰਕੇ ਮੁਲਾਜ਼ਮ ਵਰਗ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਰਮਚਾਰੀਆਂ ’ਤੇ ਵਿਕਾਸ ਟੈਕਸ ਲਗਾ ਕੇ ਲਾਭ ਵਾਪਸ ਲੈਣ ਅਤੇ ਪੇਂਡੂ ਭੱਤਿਆਂ ’ਤੇ ਰੋਕ ਲਗਾਉਣ ਦੀ ਨਿਖੇਧੀ ਵੀ ਕੀਤੀ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਵੀ ਜਾਣਬੁੱਝ ਕੇ ਬਹਾਲ ਨਹੀਂ ਕੀਤਾ ਜਾ ਰਿਹਾ।
ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੇਂਦਰੀ ਪੈਟਰਨ ’ਤੇ ਕੀਤੀ ਭਰਤੀ ਰੱਦ ਕਰਕੇ ਸਬੰਧਤ ਕਰਮਚਾਰੀਆਂ ਨੂੰ ਪੂਰੇ ਸਕੇਲ ਦਿੱਤੇ ਜਾਣ, ਸਾਰੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਸਾਰੇ ਮੁਲਾਜ਼ਮ ਫ਼ੈਸਲਿਆਂ ਨੂੰ ਵਾਪਿਸ ਲਿਆ ਜਾਵੇ।
ਜਲ ਸਰੋਤ ਮੁਲਾਜ਼ਮਾਂ ਦੀ ਹੜਤਾਲ ਜਾਰੀ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪੰਜਾਬ-ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ ’ਤੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਜਲ ਸਰੋਤ ਐਂਪਲਾਈਜ਼ ਯੂਨੀਅਨ (ਟੇਵੂ) ਦੀ ਅਗਵਾਈ ਹੇਠ ਚੱਲ ਰਹੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਹੜਤਾਲ ਕਰਕੇ ਮੁਲਾਜ਼ਮਾਂ ਨੇ ਸਰਕਲ ਦਫ਼ਤਰ ਬਾਹਰ ਰੈਲੀ ਕੀਤੀ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਸਾਂਝਾ ਫ਼ਰੰਟ ਦੇ ਸੂਬਾ ਕਨਵੀਨਰ ਅਤੇ ਪੰਜਾਬ ਜਲ ਸਰੋਤ ਐਂਪਲਾਈਜ਼ ਯੂਨੀਅਨ (ਟੇਵੂ) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧੱਕਾ ਕਰ ਰਹੀ ਹੈ।