Amritsar 'ਚ Grenade ਤੇ Pistol ਸਮੇਤ ਨੌਜਵਾਨ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, ਪਿਸਤੌਲ ਅਤੇ ਚਾਰ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰ ਦੀ ਅਤਿਵਾਦੀ ਸਾਜ਼ਿਸ਼ ਨਾਕਾਮ ਕਰ ਦਿੱਤੀ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰੂਪਨਗਰ...
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ ਹੈਂਡ ਗ੍ਰਨੇਡ, ਪਿਸਤੌਲ ਅਤੇ ਚਾਰ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰ ਦੀ ਅਤਿਵਾਦੀ ਸਾਜ਼ਿਸ਼ ਨਾਕਾਮ ਕਰ ਦਿੱਤੀ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰੂਪਨਗਰ ਦੇ ਪਿੰਡ ਸੁਖਸਾਲ ਦੇ ਰਹਿਣ ਵਾਲੇ ਸੁਮਿਤ ਕੁਮਾਰ ਉਰਫ਼ ਪੰਡਿਤ ਵਜੋਂ ਹੋਈ ਹੈ, ਜੋ ਅੱਜਕੱਲ੍ਹ ਅੰਮ੍ਰਿਤਸਰ ਦੇ ਪੰਡੋਰੀ ਵੜੈਚ ਵਿੱਚ ਰਹਿ ਰਿਹਾ ਸੀ। ਪੁਲੀਸ ਨੇ ਹਥਿਆਰਾਂ ਸਮੇਤ ਉਸ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੰਸਟਾਗ੍ਰਾਮ ਰਾਹੀਂ ਸਰਹੱਦ ਪਾਰ ਦੇ ਆਈ ਐੱਸ ਆਈ ਹੈਂਡਲਰਾਂ ਦੇ ਸੰਪਰਕ ਵਿੱਚ ਸੀ। ਉਸ ਨੂੰ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਲਈ ਪੁਲੀਸ ਅਦਾਰਿਆਂ ਅਤੇ ਜਨਤਕ ਥਾਵਾਂ ’ਤੇ ਹਮਲੇ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪੁਲੀਸ ਵੱਲੋਂ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਲਈ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫ਼ੀਆ ਜਾਣਕਾਰੀ ਅਤੇ ਤਕਨੀਕੀ ਨਿਗਰਾਨੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਸੁਮਿਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਪਹਿਲਾਂ ਉਸ ਕੋਲੋਂ 9 ਐੱਮ ਐੱਮ ਦੀ ਗਲੌਕ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਹੋਏ। ਪੁੱਛ-ਪੜਤਾਲ ਦੌਰਾਨ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ ’ਤੇ ਬਾਅਦ ਵਿੱਚ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਦਰਜ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਕੈਂਟ ਵਿੱਚ ਅਸਲਾ ਐਕਟ, ਵਿਸਫੋਟਕ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

