ਜੇ.ਬੀ.ਸੇਖੋਂ
ਗੜ੍ਹਸ਼ੰਕਰ, 4 ਦਸੰਬਰ
ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਹੇਠ ਕਾਲਜ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਜਾ ਰਹੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਅੱਜ ਤੀਜੇ ਦਿਨ ਵਿਦਿਆਰਥਆਂ ਦੇ ਲੋਕ ਨਾਚ, ਲੋਕ ਗਾਇਨ, ਡੀਬੇਟ, ਭਾਸ਼ਣ, ਲੋਕ ਸਾਜ਼ ਆਦਿ ਸਮੇਤ ਵੱਖ-ਵੱਖ ਵਿਰਾਸਤੀ ਵਸਤਾਂ ਦੀ ਸਿਰਜਣਕਾਰੀ ਦੇ ਮੁਕਾਬਲੇ ਹੋਏ। ਇਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾ ਕੇ ਹਾਜ਼ਰ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।
ਅੱਜ ਦੇ ਮੁੱਖ ਮਹਿਮਾਨ ਵੱਜੋਂ ਹਾਜ਼ਰ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਨੇ ਪ੍ਰਬੰਧਕਾਂ ਨੂੰ ਯੂਥ ਫੈਸਟੀਵਲ ਕਰਵਾਉਣ ’ਤੇ ਵਧਾਈ ਦਿੱਤੀ। ਇਸ ਦੌਰਾਨ ਗਿੱਧੇ ਦੇ ਮੁਕਾਬਲੇ ਵਿੱਚ ਖਾਲਸਾ ਕਾਲਜ ਮਾਹਿਲਪੁਰ ਨੇ ਪਹਿਲਾ, ਖਾਲਸਾ ਕਾਲਜ ਗੜ੍ਹਸ਼ੰਕਰ ਨੇ ਦੂਜਾ ਅਤੇ ਡੀਏਵੀ ਕਾਲਜ ਹੁਸ਼ਿਆਰਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਔਰਤਾਂ ਦੇ ਵਿਰਾਸਤੀ ਲੋਕ ਗਾਇਨ ਮੁਕਾਬਲੇ ਵਿੱਚ ਐੱਸਜੀਐੱਚਆਰਐੱਸ ਕਾਲਜ ਚੱਬੇਵਾਲ ਨੇ ਪਹਿਲਾ, ਐਸਡੀ ਕਾਲਜ ਹੁਸ਼ਿਆਰਪੁਰ ਨੇ ਦੂਜਾ ਅਤੇ ਡੀਏਵੀ ਕਾਲਜ ਹੁਸ਼ਿਆਰਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੋਕ ਸਾਜ਼ ਮੁਕਾਬਲੇ ਵਿੱਚ ਖਾਲਸਾ ਕਾਲਜ ਮਾਹਿਲਪੁਰ ਨੇ ਪਹਿਲਾ, ਖਾਲਸਾ ਕਾਲਜ ਗੜ੍ਹਸ਼ੰਕਰ ਨੇ ਦੂਜਾ ਅਤੇ ਡੀਏਵੀ ਕਾਲਜ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਐੱਸਡੀਐੱਮ ਅਰਵਿੰਦ ਗੁਪਤਾ, ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਯੂਥ ਵੈੱਲਫੇਅਰ ਵਿਭਾਗ ਦੇ ਡਾਇਰੈਕਟਰ ਡਾ. ਨਿਰਮਲ ਜੌੜਾ, ਪ੍ਰਿੰ. ਜਸਪਾਲ ਸਿੰਘ ਤੇ ਗੁਰਿੰਦਰ ਸਿੰਘ ਬੈਂਸ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਜੀਟੀਬੀ ਖਾਲਸਾ ਕਾਲਜ ਵਿੱਚ ਯੁਵਕ ਮੇਲਾ ਅੱਜ ਤੋਂ
ਦਸੂਹਾ (ਪੱਤਰ ਪ੍ਰੇਰਕ): ਇੱਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਜੀਟੀਬੀ ਖਾਲਸਾ ਕਾਲਜ (ਬੀ.ਐਡ) ਆਫ ਐਜੂਕੇਸ਼ਨ ਦਸੂਹਾ ਵਿੱਚ 5 ਤੋਂ 8 ਦਸੰਬਰ ਤੱਕ ਕਰਵਾਏ ਜਾਣ ਵਾਲੇ ਚਾਰ ਰੋਜ਼ਾ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ (ਜ਼ੋਨ-ਏ) ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਡਾਇਰੈਕਟਰ ਯੂਥ ਵੈੱਲਫੇਅਰ ਪੰਜਾਬ ਯੂਨੀਵਰਸਿਟੀ ਨਿਰਮਲ ਜੌੜਾ ਦੀ ਰਹਿਨੁਮਾਈ ਹੇਠ ਹੋਣ ਵਾਲੇ ਇਸ ਮੇਲੇ ਵਿੱਚ ਪੰਜਾਬ ਦੇ 21 ਕਾਲਜਾਂ ਦੀਆਂ ਟੀਮਾਂ ਭਾਗ ਲੈਣਗੀਆਂ।