ਵਿਧਾਨ ਸਭਾ ਹਲਕਾ ਭੋਆ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੁੰਗਾਰਾ ਮਿਲਿਆ ਜਦੋਂ ਕਾਫੀ ਨੌਜਵਾਨਾਂ ਨੇ ਰਾਜੇਸ਼ ਜਸਮਾ ਦੀ ਅਗਵਾਈ ਵਿੱਚ ਭਾਜਪਾ ਅਤੇ ‘ਆਪ’ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕੀਤਾ ਅਤੇ ਕਾਂਗਰਸ ਵਿੱਚ ਸ਼ਾਮਲ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਨੌਜਵਾਨ ਆਗੂ ਰਾਜੇਸ਼ ਜਸਮਾ ਨੇ ਕਿਹਾ ਕਿ ਉਹ ਜੋਗਿੰਦਰ ਪਾਲ ਨੂੰ ਰੋਲ ਮਾਡਲ ਮੰਨਦੇ ਹਨ ਅਤੇ ਉਹ ਉਨ੍ਹਾਂ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਉਸ ਨੇ ਕਿਹਾ ਕਿ ਨੌਜਵਾਨ ਆਪਣਾ ਭਵਿੱਖ ਕਾਂਗਰਸ ਪਾਰਟੀ ਵਿੱਚ ਦੇਖਦੇ ਹਨ, ਕਿਉਂਕਿ ਇਹ ਇੱਕੋ ਇੱਕ ਪਾਰਟੀ ਹੈ ਜੋ ਸਾਰੇ ਵਰਗਾਂ, ਧਰਮਾਂ ਅਤੇ ਜਾਤਾਂ ਨੂੰ ਨਾਲ ਲੈ ਕੇ ਚੱਲਦੀ ਹੈ।
ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਕਾਂਗਰਸ ਦਾ ਭਵਿੱਖ ਹੈ ਅਤੇ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਹਲਕੇ ਵਿੱਚ ਖੇਡ ਸਟੇਡੀਅਮ ਸਥਾਪਤ ਕੀਤੇ ਸਨ ਤੇ ਨੌਜਵਾਨਾਂ ਨੂੰ ਖੇਡ ਉਪਕਰਣ ਵੀ ਵੰਡੇ ਸਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਬਚ ਸਕਣ। ਉਨ੍ਹਾਂ ਅੱਗੇ ਕਿਹਾ ਕਿ ਅੱਜ ਨੌਜਵਾਨਾਂ ਦਾ ਇਕੱਠ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਅਤੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਤੋਂ ਪਹਿਲਾਂ ਇੰਨ੍ਹਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਐਲਾਨ ਕੀਤਾ ਕਿ ਦਸੰਬਰ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ।

