ਪਾਲ ਸਿੰਘ ਨੌਲੀ
ਜਲੰਧਰ, 28 ਮਈ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਜ਼ੋਨਲ ਕਨਵੈਨਸ਼ਨ ਕੀਤੀ ਗਈ। ਇਸ ਕਨਵੈਨਸ਼ਨ ਵਿਚ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਭਾਗ ਲਿਆ। ਕਨਵੈਨਸ਼ਨ ਦੀ ਪ੍ਰਧਾਨਗੀ ਕਰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ ਤੇ ਰਣਦੀਪ ਸਿੰਘ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮ ਜੋ ਕਿ ਨਵੀਂ ਕੰਟਰੀਬਿਊਟਰੀ ਪੈਨਸ਼ਨ ਸਕੀਮ ਦਾ ਸੰਤਾਪ ਹੰਢਾਅ ਰਹੇ ਹਨ , ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨਾਲ ਚੋਣ ਵਾਅਦਾ ਕੀਤਾ ਸੀ। ਅੱਜ ਪੰਜਾਬ ਸਰਕਾਰ ਨੂੰ ਇਹ ਚੋਣ ਵਾਅਦਾ ਯਾਦ ਕਰਵਾਉਣ ਲਈ ਇਹ ਕਨਵੈਨਸ਼ਨ ਕੀਤੀ ਹੈ। ਇਸ ਮੌਕੇ ਹਾਜ਼ਰ ਮੋਰਚੇ ਦੇ ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਕਮਲਜੀਤ ਸਿੰਘ ਰੋਪੜ, ਜਸਵੀਰ ਕੌਰ ਮਾਹੀ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਪ੍ਰਵੀਨ ਕੁਮਾਰ ਲੁਧਿਆਣਾ, ਪਰਮਿੰਦਰ ਪਾਲ ਸਿੰਘ ਕਾਲੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਐੱਮਐੱਲਏ ਇੱਕ ਵਾਰ ਸਹੁੰ ਚੁੱਕਣ ਤੋਂ ਬਾਅਦ 70,000 ਰੁਪਏ ਮਹੀਨਾ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ ਪਰ ਮੁਲਾਜ਼ਮ 30 ਸਾਲ ਦੀ ਸੇਵਾ ਤੋਂ ਬਾਅਦ ਵੀ ਪ੍ਰਾਈਵੇਟ ਸ਼ੇਅਰ ਕੰਪਨੀਆਂ ਤੋਂ 3000-4000 ਰੁਪਏ ਮਹੀਨਾ ਪੈਨਸ਼ਨ ਪ੍ਰਾਪਤ ਕਰਦਾ ਹੈ, ਜਿਸ ਨਾਲ ਉਸ ਦਾ ਮਹਿੰਗਾਈ ਤੇ ਬੁਢਾਪੇ ਵਿੱਚ ਗੁਜ਼ਾਰਾ ਕਰਨਾ ਤਾਂ ਦੂਰ ਦੀ ਗੱਲ ਹੈ ਇਸ ਨਾਲ ਤਾਂ ਦਵਾਈਆਂ ਦਾ ਮੁੱਲ ਵੀ ਪੂਰਾ ਨਹੀਂ ਹੁੰਦਾ। ਇਹ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਦੋ ਮਹੀਨਿਆਂ ਦੇ ਕਾਰਜਕਾਲ ਦੌਰਾਨ ਇਹ ਮੰਗ ਪ੍ਰਵਾਨ ਤਾਂ ਕੀ ਕਰਨੀ ਸੀ, ਇੱਕ ਵਾਰ ਵੀ ਮੂੰਹ ਨਹੀਂ ਖੋਲ੍ਹਿਆ।
ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇ ਬਜਟ ਸੈਸ਼ਨ ਵਿੱਚ ਜੇ ਪੁਰਾਣੀ ਪੈਨਸ਼ਨ ਸਕੀਮ ਪੰਜਾਬ ਸਰਕਾਰ ਨੇ ਬਹਾਲ ਨਾ ਕੀਤੀ ਅਤੇ ਹੋਰ ਮੰਗਾਂ ਬਾਰੇ ਆਪਣੀ ਚੁੱਪੀ ਨਾ ਤੋੜੀ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਚੌਥੀ ਜ਼ੋਨਲ ਕਨਵੈਨਸ਼ਨ 3 ਜੂਨ ਨੂੰ ਫਰੀਦਕੋਟ ਵਿਖੇ ਕੀਤੀ ਜਾਵੇਗੀ। ਇਸ ਕਨਵੈਨਸ਼ਨ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾਈ ਆਗੂ ਚਰਨ ਸਿੰਘ ਸਰਾਭਾ, ਬਲਕਾਰ ਵਲਟੋਹਾ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਆਗੂ ਅਵਤਾਰ ਸਿੰਘ ਤਾਰੀ, ਗੁਰਜੀਤ ਸਿੰਘ ਘੋੜੇਵਾਹ, ਦਿ ਕਲਾਸ ਫ਼ੋਰਥ ਗੌਰਮਿੰਟ ਇਮਪਲੋਈ ਯੂਨੀਅਨ ਪੰਜਾਬ ਦੇ ਆਗੂ ਵੇਦ ਪ੍ਰਕਾਸ਼, ਸ਼ੁਭਾਸ਼ ਮੱਟੂ ਅਤੇ ਸਿਹਤ ਵਿਭਾਗ ਦੇ ਆਗੂ ਪ੍ਰਭਦੀਪ ਸਿੰਘ ਉੱਪਲ ਨੇ ਸੰਬੋਧਨ ਕੀਤਾ।