Kerala Assembly: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਲਈ ਮਤਾ ਪਾਸ
ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (SIR) ਅਤੇ ਗੜਬੜੀਆਂ ਦੇ ਦੋਸ਼ਾਂ ਦਰਮਿਆਨ ਮੁੱਖ ਮੰਤਰੀ ਵੀ.ਡੀ. ਸਤੀਸਨ ਨੇ ਪੇਸ਼ ਕੀਤਾ ਮਤਾ
ਦੇਸ਼ ਭਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (SIR) ਨੂੰ ਲੈ ਕੇ ਮਚੇ ਭਾਰੀ ਘਮਸਾਨ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਕੇਰਲਾ ਵਿਧਾਨ ਸਭਾ ਨੇ ਸੋਮਵਾਰ ਨੂੰ ਇੱਕ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਦੇਸ਼ ਦੀ ਕਿਸੇ ਵਿਧਾਨ ਸਭਾ ਵਿੱਚ ਇਸ ਤਰ੍ਹਾਂ ਦਾ ਇਹ ਪਹਿਲਾ ਮਤਾ ਪਾਸ ਕੀਤਾ ਗਿਆ ਹੈ।
ਇਹ ਅਹਿਮ ਮਤਾ ਮੁੱਖ ਮੰਤਰੀ ਵੀ.ਡੀ. ਸਤੀਸਨ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ। ਮਤੇ ਵਿੱਚ ਤਰਕ ਦਿੱਤਾ ਗਿਆ ਹੈ ਕਿ ਵੋਟਰ ਸੂਚੀਆਂ ਦੀ ਸੋਧ ਦੌਰਾਨ ਯੋਗ ਵੋਟਰਾਂ ਦੇ ਨਾਂ ਕੱਟੇ ਜਾਣ (disenfranchisement) ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਨੂੰ ਲੈ ਕੇ ਗੰਭੀਰ ਚਿੰਤਾਵਾਂ ਉੱਠੀਆਂ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਮਤੇ ਰਾਹੀਂ ਮੰਗ ਕੀਤੀ ਗਈ ਹੈ ਕਿ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਗਲਤ ਢੰਗ ਨਾਲ ਹਟਾਏ ਗਏ ਸਾਰੇ ਯੋਗ ਵੋਟਰਾਂ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਬਹਾਲ ਕੀਤਾ ਜਾਵੇ।
ਇਸ ਦੇ ਨਾਲ ਹੀ, ਕੇਰਲਾ ਸਰਕਾਰ ਨੇ ਚੋਣ ਕਮਿਸ਼ਨਰਾਂ ਦੀ ਚੋਣ ਕਮੇਟੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਸੁਝਾਅ ਦਿੱਤਾ ਹੈ ਕਿ ਸੰਸਥਾ ਦੀ ਆਜ਼ਾਦੀ ਅਤੇ ਭਰੋਸੇਯੋਗਤਾ ਨੂੰ ਬਣਾਈ ਰੱਖਣ ਲਈ ਇਸ ਕਮੇਟੀ ਵਿੱਚ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ਼ ਜਸਟਿਸ (CJI) ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।
ਮਤਾ ਪਾਸ ਹੋਣ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪੋਸਟ ਕਰਦਿਆਂ ਮੁੱਖ ਮੰਤਰੀ ਵੀ.ਡੀ. ਸਤੀਸਨ ਨੇ ਕਿਹਾ, “ਵੋਟ ਦਾ ਅਧਿਕਾਰ ਸਾਡੇ ਲੋਕਤੰਤਰ ਦੀ ਬੁਨਿਆਦ ਹੈ। ਕਿਸੇ ਵੀ ਸੰਸਥਾ ਨੂੰ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕੇਰਲਾ ਨਿਰਪੱਖ ਅਤੇ ਆਜ਼ਾਦ ਚੋਣਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

