Rahul Gandhi Protest: ਲੋਕਤੰਤਰ ਦੀ ਬਹਾਲੀ ਲਈ ਮਿਲ ਕੇ ਲੜਾਂਗੇ: ਰਾਹੁਲ ਗਾਂਧੀ
Gyanesh Kumar Resignation: ਇੰਡੀਆ ਗੱਠਜੋੜ ਦੇ ਆਗੂਆਂ ਦੀ ਚਾਹ ’ਤੇ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ; ਕਿਹਾ, ਸਾਰੇ ਅੰਦੋਲਨ ਦਾ ਇੱਕੋ ਮਿਸ਼ਨ
Gyanesh Kumar Resignation: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਵਿਰੋਧੀ ਧਿਰ ਦੇ ਆਗੂ ਮਿਲ ਕੇ ਲੜਨਗੇ ਅਤੇ ਦੇਸ਼ ਵਿੱਚ ਲੋਕਤੰਤਰ ਮੁੜ ਬਹਾਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਾਰੇ ਅੰਦੋਲਨ ਦਾ ਮਿਸ਼ਨ ਇੱਕੋ ਹੈ। ਉਨ੍ਹਾਂ ਇਹ ਗੱਲ ਦਿੱਲੀ ਵਿੱਚ ਆਪਣੀ ਰਿਹਾਇਸ਼ ’ਤੇ ਇੰਡੀਆ ਗੱਠਜੋੜ ਦੇ ਆਗੂਆਂ ਨਾਲ ਚਾਹ ’ਤੇ ਹੋਈ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਕਹੀ। ਵਿਰੋਧੀ ਧਿਰ ਨੇ ਸਰਕਾਰ ’ਤੇ ਜੰਤਰ-ਮੰਤਰ ਬੰਦ ਕਰਨ ਦਾ ਦੋਸ਼ ਵੀ ਲਾਇਆ।
ਮੀਟਿੰਗ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਵਿਰੁੱਧ ਅੰਦੋਲਨ ਨੂੰ ਅੱਗੇ ਵਧਾਉਣ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਸ਼ਸ਼ੀ ਥਰੂਰ ਸਮੇਤ ਵਿਰੋਧੀ ਧਿਰ ਦੇ ਕਈ ਆਗੂ ਸ਼ਾਮਲ ਹੋਏ।
ਸੰਵਿਧਾਨ ਖ਼ਤਰੇ ਵਿੱਚ, ਲੜਾਈ ਜਾਰੀ ਰਹੇਗੀ: ਸੁਪ੍ਰਿਆ ਸੂਲੇ
ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਕਿਹਾ ਕਿ ਵਿਰੋਧੀ ਧਿਰ ਇਕਜੁੱਟ ਹੈ ਅਤੇ ਉਹ ਹਰ ਕੁਰਬਾਨੀ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸਾਰੇ ਆਗੂ ਇਸ ਲੜਾਈ ਵਿੱਚ ਇਕੱਠੇ ਖੜ੍ਹੇ ਹਨ।
ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੀ ਆਗੂ ਸੁਪ੍ਰਿਆ ਸੂਲੇ ਨੇ ਕਿਹਾ ਕਿ ਦੇਸ਼ ਵਿੱਚ ਸੰਵਿਧਾਨ ਖ਼ਤਰੇ ਵਿੱਚ ਹੈ ਅਤੇ ਇੰਡੀਆ ਗੱਠਜੋੜ ਆਪਣੀ ਲੜਾਈ ਜਾਰੀ ਰੱਖੇਗਾ। ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ਉਹ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣਾ ਵਿਰੋਧ ਜਾਰੀ ਰੱਖਣਗੇ।
ਐੱਸ ਆਈ ਆਰ ਵਿਰੁੱਧ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੀ ਹੈ ਵਿਰੋਧੀ ਧਿਰ
ਵਿਰੋਧੀ ਧਿਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐੱਸ ਆਈ ਆਰ ਦੇ ਵਿਰੋਧ ਵਿੱਚ 6, 7, 8, 9 ਅਤੇ 12 ਅਕਤੂਬਰ ਨੂੰ ਪ੍ਰਦਰਸ਼ਨ ਕੀਤੇ ਸਨ। ਸੋਮਵਾਰ ਨੂੰ ਵੀ ਵਿਰੋਧੀ ਧਿਰ ਦੇ ਆਗੂਆਂ ਨੇ ਬਾਰਾਖੰਭਾ ਰੋਡ ਤੋਂ ਸੁਪਰੀਮ ਕੋਰਟ ਤੱਕ ਮਾਰਚ ਕੱਢਿਆ ਸੀ। ਇਸ ਵਿੱਚ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਸਮੇਤ 11 ਵਿਰੋਧੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ ਸਨ।
ਇਸ ਤੋਂ ਇਲਾਵਾ, ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਐੱਸ ਆਈ ਆਰ ਦੇ ਵਿਰੋਧ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ। ਇੰਡੀਆ ਗੱਠਜੋੜ ਦੇ ਆਗੂਆਂ ਨੇ ਮੀਟਿੰਗ ਦੌਰਾਨ ਇਸ ਮੁੱਦੇ ’ਤੇ ਅੱਗੇ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।

