DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ram Mandir Donation Case: ਜਿਨ੍ਹਾਂ ’ਤੇ ਭਰੋਸਾ ਕੀਤਾ, ਉਨ੍ਹਾਂ ਨੇ ਹੀ ਧੋਖਾ ਦਿੱਤਾ: ਚੰਪਤ ਰਾਏ

ਮੰਦਰ ਦੀ ਸੇਵਾ ਤੋਂ ਲਾਂਭੇ ਹੋਵਾਂਗਾ; 6 ਜੁਲਾਈ ਨੂੰ ਟਰੱਸਟ ਮੀਟਿੰਗ ਵਿੱਚ ਅਸਤੀਫੇ ਦੇਣ ਸਬੰਧੀ ਹੋ ਸਕਦਾ ਹੈ ਫ਼ੈਸਲਾ

  • fb
  • twitter
  • whatsapp
  • whatsapp
Advertisement

ਅਯੁੱਧਿਆ ਦੇ ਰਾਮ ਮੰਦਰ ਵਿੱਚ ਚੜ੍ਹਾਵੇ ਦੇ ਕਥਿਤ ਗਬਨ ਦੇ ਦੋਸ਼ਾਂ ਨੂੰ ਲੈ ਕੇ ਘਿਰੇ ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਸਾਬਕਾ ਜਨਰਲ ਸਕੱਤਰ ਚੰਪਤ ਰਾਏ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਕੋਈ ਧੋਖਾਧੜੀ ਨਹੀਂ ਕੀਤੀ, ਸਗੋਂ ਇਸ ਦਾ ਖੁਲਾਸਾ ਸਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਕੀਤਾ ਸੀ।

ਸੂਤਰਾਂ ਅਨੁਸਾਰ ਚੰਪਤ ਰਾਏ ਨੇ ਆਪਣੇ ਕਰੀਬੀਆਂ ਨੂੰ ਕਿਹਾ ਕਿ ਜਿਨ੍ਹਾਂ ਲੋਕਾਂ ’ਤੇ ਉਨ੍ਹਾਂ ਨੇ ਭਰੋਸਾ ਕੀਤਾ, ਉਨ੍ਹਾਂ ਨੇ ਹੀ ਉਸ ਨਾਲ ਧੋਖਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅਯੁੱਧਿਆ ਵਿੱਚ ਉਨ੍ਹਾਂ ਦੀ ਸੇਵਾ ਹੁਣ ਮੁਕੰਮਲ ਹੋ ਚੁੱਕੀ ਹੈ ਅਤੇ ਉਹ ਇਸ ਦਾਗ਼ ਨਾਲ ਅੱਗੇ ਕੰਮ ਨਹੀਂ ਕਰਨਾ ਚਾਹੁੰਦੇ।

Advertisement

ਚੰਪਤ ਰਾਏ ਨੇ ਹਾਲ ਹੀ ਵਿੱਚ ਟਰੱਸਟ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਐਤਵਾਰ ਨੂੰ ਚੰਪਤ ਰਾਏ ਅਤੇ ਵੀਰਵਾਰ ਨੂੰ ਟਰੱਸਟ ਦੇ ਸਾਬਕਾ ਮੈਂਬਰ ਅਨਿਲ ਮਿਸ਼ਰਾ ਤੋਂ ਪੁੱਛਗਿੱਛ ਕੀਤੀ। ਦੋਵਾਂ ਦੇ ਅਸਤੀਫ਼ਿਆਂ ਬਾਰੇ 6 ਜੁਲਾਈ ਨੂੰ ਅਯੁੱਧਿਆ ਵਿੱਚ ਹੋਣ ਵਾਲੀ ਟਰੱਸਟ ਦੀ ਮੀਟਿੰਗ ਵਿੱਚ ਦੋ-ਤਿਹਾਈ ਬਹੁਮਤ ਨਾਲ ਫ਼ੈਸਲਾ ਲਿਆ ਜਾ ਸਕਦਾ ਹੈ।

Advertisement

ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਚੰਪਤ ਰਾਏ ਦਾ ਬਚਾਅ ਕਰਦਿਆਂ ਕਿਹਾ ਕਿ ਚੰਪਤ ਰਾਏ ਨੇ ਰਾਮ ਮੰਦਰ ਦੇ ਨਿਰਮਾਣ ਲਈ ਬਹੁਤ ਸਮਰਪਣ ਨਾਲ ਕੰਮ ਕੀਤਾ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਚੜ੍ਹਾਵੇ ਦੀ ਕਥਿਤ ਚੋਰੀ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸੇ ਦੌਰਾਨ ਫੈਜ਼ਾਬਾਦ ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਰਾਮ ਜਨਮਭੂਮੀ ਥਾਣੇ ਵਿੱਚ ਚੰਪਤ ਰਾਏ, ਅਨਿਲ ਮਿਸ਼ਰਾ ਅਤੇ ਟਰੱਸਟ ਦੇ ਪ੍ਰਸ਼ਾਸਕ ਗੋਪਾਲ ਰਾਓ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਹੈ। ਸਥਾਨਕ ਵਕੀਲਾਂ ਨੇ ਇਸ ਮਾਮਲੇ ਵਿੱਚ ਹੋਰ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਵੀ ਕੀਤਾ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਫੈਜ਼ਾਬਾਦ ਬਾਰ ਐਸੋਸੀਏਸ਼ਨ ਨੇ ਮਤਾ ਪਾਸ ਕਰਕੇ ਐਲਾਨ ਕੀਤਾ ਸੀ ਕਿ ਉਸ ਦਾ ਕੋਈ ਵੀ ਮੈਂਬਰ ਰਾਮ ਮੰਦਰ ਚੜ੍ਹਾਵਾ ਗਬਨ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅੱਠ ਮੁਲਜ਼ਮਾਂ ਦੀ ਪੈਰਵੀ ਨਹੀਂ ਕਰੇਗਾ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਸੀ ਕਿ ਜੇ ਕੋਈ ਵਕੀਲ ਇਸ ਫ਼ੈਸਲੇ ਦੀ ਉਲੰਘਣਾ ਕਰੇਗਾ ਤਾਂ ਉਸ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

ਵਕੀਲਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਚੰਪਤ ਰਾਏ, ਅਨਿਲ ਮਿਸ਼ਰਾ ਅਤੇ ਗੋਪਾਲ ਰਾਓ, ਜਿਨ੍ਹਾਂ ਦੇ ਨਾਮ ਐੱਫਆਈਆਰ ਵਿੱਚ ਨਹੀਂ ਹਨ ਪਰ ਜੋ ਮੰਦਰ ਦੇ ਪ੍ਰਬੰਧਨ ਨਾਲ ਜੁੜੇ ਹੋਏ ਹਨ, ਉਹ ਤਿੰਨ ਦਿਨਾਂ ਦੇ ਅੰਦਰ ਅਯੁੱਧਿਆ ਛੱਡਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਅਯੁੱਧਿਆ ਸ਼ਹਿਰ ਨੂੰ ਬੰਦ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਰਾਮ ਮੰਦਰ ਵਿੱਚ ਚੜ੍ਹਾਵੇ ਵਜੋਂ ਮਿਲੀ ਨਕਦੀ ਅਤੇ ਕੀਮਤੀ ਸਮਾਨ ਦੀ ਗਿਣਤੀ ਨਾਲ ਜੁੜੇ ਅੱਠ ਮੁਲਜ਼ਮਾਂ ਅਵਿਨਾਸ਼ ਸ਼ੁਕਲਾ, ਅਨੁਕਲਪ ਮਿਸ਼ਰਾ, ਲਵ ਕੁਸ਼ ਮਿਸ਼ਰਾ, ਮਨੀਸ਼ ਕੁਮਾਰ ਯਾਦਵ, ਕਰੁਣੇਸ਼ ਪਾਂਡੇ, ਰਾਮ ਸ਼ੰਕਰ ਮਿਸ਼ਰਾ, ਸੁਭਾਸ਼ ਸ਼੍ਰੀਵਾਸਤਵ ਅਤੇ ਰਾਮਾਸ਼ੰਕਰ ਉਰਫ਼ ਟੀਨੂ ਯਾਦਵ ਨੂੰ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਗਠਿਤ ਐਸਆਈਟੀ ਦੀ ਮੁੱਢਲੀ ਜਾਂਚ ਰਿਪੋਰਟ ਦੇ ਆਧਾਰ 'ਤੇ ਐੱਫਆਈਆਰ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।

Advertisement
×