Gas Cylinder ਬੁੱਕ ਕਰਨ ਦੀ ਸਮਾਂ-ਸੀਮਾ 'ਚ ਨਹੀਂ ਹੋਇਆ ਕੋਈ ਬਦਲਾਅ
ਕੇਂਦਰ ਸਰਕਾਰ ਨੇ ਕੀਤਾ ਸਪਸ਼ਟ ; ਪੈਟਰੋਲ ਅਤੇ ਡੀਜ਼ਲ ਦਾ ਵੀ ਲੋੜੀਂਦਾ ਸਟਾਕ ਮੌਜੂਦ
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਬੁੱਧਵਾਰ ਨੂੰ ਸਪਸ਼ਟ ਕੀਤਾ ਹੈ ਕਿ ਐੱਲ ਪੀ ਜੀ ਗੈਸ ਸਿਲੰਡਰ ਬੁਕਿੰਗ ਦੀ ਸਮਾਂ-ਸੀਮਾ ਵਿੱਚ ਬਦਲਾਅ ਬਾਰੇ ਚੱਲ ਰਹੀਆਂ ਖ਼ਬਰਾਂ ਝੂਠੀਆਂ ਹਨ। ਮੰਤਰਾਲੇ ਨੇ ਦੁਹਰਾਇਆ ਕਿ ਮੌਜੂਦਾ ਰੀਫਿਲ ਬੁਕਿੰਗ ਦੀ ਸਮਾਂ-ਸੀਮਾ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਬੁਕਿੰਗ ਜਿਵੇਂ ਚੱਲ ਰਹੀ ਹੈ ਇਵੇਂ ਹੀ ਅੱਗੇ ਜਾਰੀ ਰਹੇਗੀ ।
ਮੰਤਰਾਲੇ ਨੇ ਬਿਆਨ ਵਿੱਚ ਕਿਹਾ, 'ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਵਿੱਚ ਐੱਲ ਪੀ ਜੀ ਰੀਫਿਲ ਬੁਕਿੰਗ ਨੂੰ ਲੈ ਕੇ ਦਾਅਵਾ ਕੀਤਾ ਜਾ ਰਿਹਾ ਸੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 45 ਦਿਨ ਅਤੇ ਇਸ ਯੋਜਨਾ ਤੋਂ ਬਾਹਰ ਰਹਿਣ ਵਾਲੇ ਖਪਤਕਾਰਾਂ ਨੂੰ 25 ਜਾਂ 35 ਦਿਨਾਂ ਬਾਅਦ ਹੀ ਅਗਲਾ ਸਿਲੰਡਰ ਮਿਲੇਗਾ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਅਜਿਹਾ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਪੁਰਾਣੇ ਨਿਯਮ ਹੀ ਲਾਗੂ ਰਹਿਣਗੇ।'
ਮੰਤਰਾਲੇ ਨੇ ਇਹ ਵੀ ਕਿਹਾ ਕਿ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਜਿਹੀਆਂ ਗਲਤ ਸੂਚਨਾਵਾਂ 'ਤੇ ਵਿਸ਼ਵਾਸ ਨਾ ਕਰਨ ਜਾਂ ਅਤੇ ਐੱਲ ਪੀ ਜੀ ਗੈਸ ਸਿਲੰਡਰਾਂ ਦੀ ਘਬਰਾਹਟ ਵਿੱਚ ਬੁਕਿੰਗ ਕਰਨ ਤੋਂ ਬਚਣ। ਮੰਤਰਾਲੇ ਨੇ ਦੁਹਰਾਇਆ ਕਿ ਦੇਸ਼ ਵਿੱਚ ਐੱਲ ਪੀ ਜੀ ਦਾ ਲੋੜੀਂਦਾ ਸਟਾਕ ਮੌਜੂਦ ਹੈ ਅਤੇ ਚਿੰਤਾ ਦਾ ਕੋਈ ਕਾਰਨ ਨਹੀਂ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਸੀ ਕਿ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਲੋੜੀਂਦੀ ਸਪਲਾਈ ਦੇ ਨਾਲ ਲੋੜੀਂਦਾ ਸਟਾਕ ਮੌਜੂਦ ਹੈ। ਪੱਛਮੀ ਏਸ਼ੀਆ ਦੇ ਤਾਜ਼ਾ ਘਟਨਾਕ੍ਰਮ 'ਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਕਿਹਾ ਕਿ ਸਾਰੀਆਂ ਰਿਫਾਇਨਰੀਆਂ ਇਸ ਵੇਲੇ ਲੋੜੀਂਦੇ ਕੱਚੇ ਤੇਲ ਦੇ ਭੰਡਾਰ ਦੇ ਨਾਲ ਪੂਰੀ ਸਮਰੱਥਾ 'ਤੇ ਕੰਮ ਕਰ ਰਹੀਆਂ ਹਨ।
ਉਨ੍ਹਾਂ ਕਿਹਾ, 'ਸਾਰੀਆਂ ਰਿਫਾਇਨਰੀਆਂ ਲੋੜੀਂਦੇ ਕੱਚੇ ਤੇਲ ਦੇ ਭੰਡਾਰ ਦੇ ਨਾਲ ਉੱਚ ਸਮਰੱਥਾ 'ਤੇ ਕੰਮ ਕਰ ਰਹੀਆਂ ਹਨ। ਸਾਡੇ ਕੋਲ ਪੈਟਰੋਲ ਅਤੇ ਡੀਜ਼ਲ ਦਾ ਲੋੜੀਂਦਾ ਸਟਾਕ ਹੈ। ਰਿਫਾਇਨਰੀਆਂ ਵਿੱਚ ਐਲ ਪੀ ਜੀ ਦਾ ਘਰੇਲੂ ਉਤਪਾਦਨ ਵਧਾਇਆ ਗਿਆ ਹੈ।'
ਉਨ੍ਹਾਂ ਨੇ ਦੱਸਿਆ ਕਿ ਅਫ਼ਵਾਹਾਂ ਫੈਲਾਉਣ ਦੇ ਕੁਝ ਮਾਮਲੇ ਮੰਤਰਾਲੇ ਦੇ ਧਿਆਨ ਵਿੱਚ ਆਏ ਸਨ, ਜਿਸ ਕਰਕੇ ਘਬਰਾਹਟ ਵਿੱਚ ਖਰੀਦਦਾਰੀ ਕੀਤੀ ਗਈ ਸੀ। ਉਨ੍ਹਾਂ ਨੇ ਲੋਕਾਂ ਨੂੰ ਅਜਿਹੀਆਂ ਅਫ਼ਵਾਹਾਂ ਉੱਤੇ ਭਰੋਸਾ ਨਾ ਕਰਨ ਅਤੇ ਘਬਰਾਹਟ ਵਿੱਚ ਖਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕੀਤੀ।

