ਗੱਲਬਾਤ ਨਾਲ ਹੀ ਨਿਕਲੇਗਾ ਹੱਲ
ਪ੍ਰੀਖਿਆਵਾਂ ਵਿੱਚ ਹੋਈਆਂ ਗੜਬੜੀਆਂ ਦੇ ਦੋਸ਼ਾਂ ਨੂੰ ਲੈ ਕੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਸੰਸਦ ਦੇ ਅੰਦਰ ਅਤੇ ਬਾਹਰ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਸਰਕਾਰ ਨੇ ਸੰਸਦ ਵਿੱਚ ਨੀਟ ਪੇਪਰ ਲੀਕ ਦੇ ਮੁੱਦੇ ’ਤੇ ਚਰਚਾ ਕਰਨ...
ਪ੍ਰੀਖਿਆਵਾਂ ਵਿੱਚ ਹੋਈਆਂ ਗੜਬੜੀਆਂ ਦੇ ਦੋਸ਼ਾਂ ਨੂੰ ਲੈ ਕੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਸੰਸਦ ਦੇ ਅੰਦਰ ਅਤੇ ਬਾਹਰ ਲਗਾਤਾਰ ਜ਼ੋਰ ਫੜਦੀ ਜਾ ਰਹੀ ਹੈ। ਸਰਕਾਰ ਨੇ ਸੰਸਦ ਵਿੱਚ ਨੀਟ ਪੇਪਰ ਲੀਕ ਦੇ ਮੁੱਦੇ ’ਤੇ ਚਰਚਾ ਕਰਨ ਦੀ ਹਾਮੀ ਤਾਂ ਭਰ ਦਿੱਤੀ ਹੈ ਪਰ ਵਿਰੋਧੀ ਧਿਰ ਨੇ ਸ਼ਰਤ ਰੱਖੀ ਹੈ ਕਿ ਇਹ ਬਹਿਸ ਨਿਯਮ 267 (ਜੋ ਸਿਰਫ਼ ਖ਼ਾਸ ਤੋਂ ਖ਼ਾਸ ਮਾਮਲਿਆਂ ਵਿੱਚ ਹੀ ਲਾਗੂ ਹੁੰਦਾ ਹੈ) ਦੇ ਤਹਿਤ ਹੀ ਹੋਵੇ ਅਤੇ ਉਹ ਵੀ ਮੰਤਰੀ ਦੇ ਅਸਤੀਫੇ ਤੋਂ ਬਾਅਦ। ਨਵੀਂ ਦਿੱਲੀ ਵਿੱਚ ਸੋਮਵਾਰ ਨੂੰ ਵਿਦਿਆਰਥੀਆਂ ਅਤੇ ਹੋਰ ਪ੍ਰਦਰਸ਼ਨਕਾਰੀਆਂ ’ਤੇ ਪੁਲੀਸ ਵੱਲੋਂ ਕੀਤੇ ਗਏ ਜਬਰ ਤੋਂ ਬਾਅਦ ਕੇਂਦਰ ਸਰਕਾਰ ’ਤੇ ਦਬਾਅ ਹੋਰ ਵਧ ਗਿਆ ਹੈ। ਸੰਸਦ ਵੱਲ ਮਾਰਚ ਕਰ ਰਹੇ ਕੌਕਰੋਚ ਜਨਤਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਰੋਕਣ ਲਈ ਪੁਲੀਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਪੈਦਾ ਹੋਏ ਰੋਸ ਨੇ ਇਸ ਅੰਦੋਲਨ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।
ਇਸ ਅੰਦੋਲਨ ਨੂੰ ਸਮਾਜਿਕ ਆਗੂ ਸੋਨਮ ਵਾਂਗਚੁਕ ਦਾ ਸਮਰਥਨ ਮਿਲਣ ਨਾਲ ਵੀ ਵੱਡਾ ਹੁੰਗਾਰਾ ਮਿਲ ਰਿਹਾ ਹੈ। ਪੁਲੀਸ ਵੱਲੋਂ ਜੰਤਰ-ਮੰਤਰ ਤੋਂ ਚੁੱਕ ਕੇ ਹਸਪਤਾਲ ਪਹੁੰਚਾਏ ਜਾਣ ਦੇ ਬਾਵਜੂਦ ਉਹ ਆਪਣੀ ਭੁੱਖ ਹੜਤਾਲ ’ਤੇ ਅੜੇ ਹੋਏ ਹਨ। ਜਿਉਂ-ਜਿਉਂ ਇਹ ਰੋਸ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ ਅਤੇ ਮੁੱਖ ਮੁੱਦੇ ਜਿਉਂ ਦੇ ਤਿਉਂ ਬਣੇ ਹੋਏ ਹਨ, ਸਰਕਾਰ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਇਸ ਖੜੋਤ ਨੂੰ ਤੋੜਨ ਲਈ ਸਾਰਥਕ ਗੱਲਬਾਤ ਹੋਣੀ ਬਹੁਤ ਜ਼ਰੂਰੀ ਹੋ ਗਈ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ ਪ੍ਰੀਖਿਆ ਪ੍ਰਣਾਲੀ ਦੀ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ’ਤੇ ਵਾਜਬ ਸਵਾਲ ਖੜ੍ਹੇ ਕੀਤੇ ਹਨ। ਲੱਖਾਂ ਹੀ ਹੋਣਹਾਰ ਬੱਚਿਆਂ ਨੇ ਨੀਟ ਦੀ ਤਿਆਰੀ ਲਈ ਆਪਣੀ ਸਾਲਾਂ ਦੀ ਸਖ਼ਤ ਮਿਹਨਤ ਅਤੇ ਪਰਿਵਾਰਾਂ ਦੀ ਕਮਾਈ ਦਾ ਵੱਡਾ ਹਿੱਸਾ ਦਾਅ ’ਤੇ ਲਾਇਆ ਹੈ। ਨਿਰਪੱਖ ਜਾਂਚ ਅਤੇ ਗਲਤੀਆਂ ਸੁਧਾਰਨ ਦੀ ਉਨ੍ਹਾਂ ਦੀ ਮੰਗ ’ਤੇ ਤੁਰੰਤ ਧਿਆਨ ਦਿੱਤੇ ਜਾਣ ਦੀ ਲੋੜ ਹੈ। ਸਿੱਖਿਆ ਖੇਤਰ ਵਿੱਚ ਵਿਆਪਕ ਸੁਧਾਰਾਂ ਦਾ ਵੱਡਾ ਮਕਸਦ, ਵਿਸ਼ੇਸ਼ ਤੌਰ ’ਤੇ ਪ੍ਰੀਖਿਆਵਾਂ ਦੇ ਮਾਮਲੇ ਵਿੱਚ, ਸਮੂਹ ਧਿਰਾਂ ਨਾਲ ਬਿਨਾਂ ਕਿਸੇ ਝਿਜਕ ਤੋਂ ਵਿਚਾਰ-ਚਰਚਾ ਦੀ ਮੰਗ ਕਰਦਾ ਹੈ।
ਅੰਦੋਲਨ ਨੂੰ ਅਮਨ-ਅਮਾਨ ਨਾਲ ਚਲਾਉਣ ਦੀ ਜ਼ਿੰਮੇਵਾਰੀ ਸੀ ਜੇ ਪੀ ਅਤੇ ਇਸ ਦੇ ਹਮਾਇਤੀਆਂ ਦੀ ਬਣਦੀ ਹੈ। ਇਸ ਦੇ ਨਾਲ ਹੀ ਪੂਰੀ ਸਿੱਖਿਆ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਦਾ ਫ਼ਰਜ਼ ਸਰਕਾਰ ਦਾ ਹੈ। ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਆਪਣੇ ਦਾਅਵਿਆਂ ’ਤੇ ਪੂਰੇ ਉਤਰਨ। ਸਿੱਖਿਆ ਸੁਧਾਰਾਂ ਲਈ ਇੱਕ ਸਪੱਸ਼ਟ ਰੂਪ-ਰੇਖਾ ਤਿਆਰ ਕੀਤੀ ਜਾਣੀ ਚਾਹੀਦੀ ਹੈ। ਟਕਰਾਅ ਨੂੰ ਵਧਾ ਕੇ ਪਾੜਾ ਡੂੰਘਾ ਕਰਨ ਦੀ ਬਜਾਏ ਸਭ ਦਾ ਧਿਆਨ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਦੇ ਸਾਂਝੇ ਮਕਸਦ ਨਾਲ ਅਰਥਪੂਰਨ ਗੱਲਬਾਤ ਵੱਲ ਹੋਣਾ ਚਾਹੀਦਾ ਹੈ।

