DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਥੇਦਾਰਾਂ ਦੀ ਛੁੱਟੀ

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸਿੱਖਾਂ ਦੇ ਸਿਰਮੌਰ ਤਖ਼ਤਾਂ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਕਸ਼ਮਕਸ਼ ਨੇ ਸ਼ੁੱਕਰਵਾਰ ਨੂੰ ਦੋ ਹੋਰ ਜਥੇਦਾਰਾਂ ਦੀ ਬਲੀ ਲੈ ਲਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ...
  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਸਿੱਖਾਂ ਦੇ ਸਿਰਮੌਰ ਤਖ਼ਤਾਂ ਵਿਚਕਾਰ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਕਸ਼ਮਕਸ਼ ਨੇ ਸ਼ੁੱਕਰਵਾਰ ਨੂੰ ਦੋ ਹੋਰ ਜਥੇਦਾਰਾਂ ਦੀ ਬਲੀ ਲੈ ਲਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਕਦਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਬਿਰਤਾਂਤ ’ਤੇ ਆਪਣੀ ਪਕੜ ਬਣਾਉਣ ਦੀ ਕੋਸ਼ਿਸ਼ ਦੀ ਉਪਜ ਜਾਪਦਾ ਹੈ। ਲੰਘੀ 11 ਫਰਵਰੀ ਨੂੰ 15 ਮੈਂਬਰੀ ਕਾਰਜਕਾਰੀ ਕਮੇਟੀ ਨੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ। ਇਸ ਤਰ੍ਹਾਂ ਪਿਛਲੇ ਸਾਲ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਆਗੂਆਂ ਨੂੰ ਪਿਛਲੇ ਅਰਸੇ ਦੌਰਾਨ ਪੰਥ ਅਤੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੀਤੀਆਂ ਗਈਆਂ ਕਾਰਵਾਈਆਂ ਬਦਲੇ ਤਨਖ਼ਾਹੀਏ ਕਰਾਰ ਦੇਣ ਦੇ ਇਤਿਹਾਸਕ ਹੁਕਮਨਾਮੇ ਦੀ ਇਬਾਰਤ ਲਿਖਣ ਵਾਲੇ ਤਿੰਨ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ ਹੈ ਪਰ ਸਵਾਲ ਹੈ ਕਿ ਕੀ ਉਨ੍ਹਾਂ ਨੂੰ ਪੰਥਕ ਤੇ ਸਿਆਸੀ ਮੰਜ਼ਰ ਤੋਂ ਲਾਂਭੇ ਕੀਤਾ ਜਾ ਸਕਦਾ ਹੈ?

ਅਜੀਬ ਗੱਲ ਇਹ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਜੋ ਅੰਤ੍ਰਿੰਗ ਕਮੇਟੀ ਦੇ ਵੀ ਮੁਖੀ ਸਨ, ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ ਅਤੇ ਅੰਤ੍ਰਿੰਗ ਕਮੇਟੀ ਸ਼ੁੱਕਰਵਾਰ ਨੂੰ ਵੀ ਉਨ੍ਹਾਂ ਦੇ ਅਸਤੀਫ਼ੇ ਬਾਰੇ ਕੋਈ ਫ਼ੈਸਲਾ ਨਹੀਂ ਕਰ ਸਕੀ ਪਰ ਕਮੇਟੀ ਨੇ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫ਼ਾਰਗ ਕਰਨ ਦਾ ਫ਼ੈਸਲਾ ਜ਼ਰੂਰ ਕਰ ਲਿਆ ਹੈ। ਇਹ ਫ਼ੈਸਲਾ ਆਉਣ ਤੋਂ ਬਾਅਦ ਸਿੱਖ ਹਲਕਿਆਂ ਵਿੱਚ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ ਜਿਵੇਂ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਲਾਹੁਣ ਦੇ ਫ਼ੈਸਲੇ ਸਮੇਂ ਦੇਖਣ ਨੂੰ ਮਿਲੀ ਸੀ। ਉਦੋਂ ਤੋਂ ਹੀ ਗਿਆਨੀ ਹਰਪ੍ਰੀਤ ਸਿੰਘ ਵੱਖ-ਵੱਖ ਥਾਵਾਂ ’ਤੇ ਸਿੱਖ ਸੰਗਠਨਾਂ ਦੇ ਸੱਦੇ ’ਤੇ ਜਨਤਕ ਸਮਾਗਮਾਂ ਵਿੱਚ ਸ਼ਿਰਕਤ ਕਰ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਉੱਪਰ ਤਿੱਖੇ ਹਮਲੇ ਵੀ ਕਰ ਰਹੇ ਹਨ; ਇਸ ਦੌਰਾਨ ਉਨ੍ਹਾਂ ਨੂੰ ਸਿੱਖ ਭਾਈਚਾਰੇ ਦਾ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਗਿਆਨੀ ਰਘਬੀਰ ਸਿੰਘ ਨੇ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਸੀ ਕਿ ਇਹ ਤਖ਼ਤਾਂ ਦੀ ਖ਼ੁਦਮੁਖ਼ਤਾਰੀ ਲਈ ਨੁਕਸਾਨਦੇਹ ਕਦਮ ਹੋਵੇਗਾ।

Advertisement

ਪੰਜ ਸਿੰਘ ਸਾਹਿਬਾਨ ਦੇ ਦੋ ਦਸੰਬਰ ਦੇ ਹੁਕਮਨਾਮੇ ’ਚੋਂ ਉਪਜੀ 7 ਮੈਂਬਰੀ ਕਮੇਟੀ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਕਦੇ ਮਾਨਤਾ ਨਹੀਂ ਦਿੱਤੀ। ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਦੇ ਅਸਤੀਫ਼ਿਆਂ ਜ਼ਰੀਏ ਕਮੇਟੀ ਨੂੰ ਨਕਾਰਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਜਦੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਮੈਂਬਰੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਲਈ ਆਪਣਾ ਕੰਮ ਜਾਰੀ ਰੱਖਣ ਅਤੇ ਮੌਜੂਦਾ ਮੈਂਬਰਾਂ ’ਚੋਂ ਹੀ ਨਵਾਂ ਮੁਖੀ ਚੁਣ ਲੈਣ ਦੀ ਸੇਧ ਦੇਣ ਤੋਂ ਬਾਅਦ 5 ਮੈਂਬਰੀ ਕਮੇਟੀ ਨੇ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਵੀਂ ਭਰਤੀ ਆਰੰਭ ਕਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਲਈ ਵੱਡੀ ਚੁਣੌਤੀ ਪੈਦਾ ਹੋ ਗਈ ਸੀ ਕਿਉਂਕਿ ਇਸ ਵੱਲੋਂ ਪਹਿਲਾਂ ਹੀ ਆਪਣੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਕਰਨ ਦਾ ਐਲਾਨ ਕੀਤਾ ਜਾ ਚੁੱਕਿਆ ਸੀ। ਸ਼ਾਇਦ ਇਸੇ ਕਰ ਕੇ ਜਥੇਦਾਰਾਂ ਦੀ ਬਰਤਰਫ਼ੀ ਇਸ ਦੀ ਅਣਸਰਦੀ ਲੋੜ ਬਣ ਗਈ ਸੀ।

Advertisement
×