ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਦੇ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਪਾਰਟੀ ਅੰਦਰ ਸੁਧਾਰ ਦੀਆਂ ਆਵਾਜ਼ਾਂ ਮੁੜ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਕਈ ਆਗੂਆਂ ਦਾ ਮੰਨਣਾ ਹੈ ਕਿ ਜੇ ਆਜ਼ਾਦੀ ਤੋਂ ਪਹਿਲਾਂ ਦੇ ਕਾਂਗਰਸ ਨਾਲ ਜੁੜੇ ਪਰਿਵਾਰਾਂ ਦੇ ਸੀਨੀਅਰ ਆਗੂ ਪਾਰਟੀ ਛੱਡ ਕੇ ਜਾ ਰਹੇ ਹਨ ਤਾਂ ਮਾਮਲਾ ਸਾਧਾਰਨ ਨਹੀਂ ਹੈ। ਅਗਸਤ 2020 ਵਿਚ ਕਾਂਗਰਸ ਦੇ 23 ਵੱਡੇ ਆਗੂਆਂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਪਾਰਟੀ ਦੀ ਕਾਰਗੁਜ਼ਾਰੀ ਅਤੇ ਸੰਗਠਨਾਤਮਕ ਕਮਜ਼ੋਰੀਆਂ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਹੇ ਗੁਲਾਮ ਨਬੀ ਆਜ਼ਾਦ, ਡਿਪਟੀ ਆਗੂ ਆਨੰਦ ਸ਼ਰਮਾ ਅਤੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੀਨੀਅਰ ਆਗੂਆਂ ਦਾ ਪਾਰਟੀ ਛੱਡਣਾ ਇਹ ਸੰਕੇਤ ਦੇਣ ਵਾਲਾ ਹੈ ਕਿ ਪਾਰਟੀ ਦੇ ਅੰਦਰੂਨੀ ਢਾਂਚੇ ਵਿੱਚ ਵੱਡੀ ਤਬਦੀਲੀ ਕਰਨ ਦੀ ਲੋੜ ਹੈ। ਅਸ਼ਵਨੀ ਕੁਮਾਰ ਤੋਂ ਪਹਿਲਾਂ ਕੇਂਦਰੀ ਮੰਤਰੀ ਦੇ ਅਹੁਦੇ ਉੱਤੇ ਰਹਿਣ ਵਾਲੇ ਚਾਰ ਆਗੂ ਪਾਰਟੀ ਛੱਡ ਚੁੱਕੇ ਹਨ।
ਪੰਜਾਬ ਅੰਦਰ ਪਾਰਟੀ ਚੁਣਾਵੀ ਜੰਗ ਲੜ ਰਹੀ ਹੈ ਅਤੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਗਿਆ ਹੈ। ਰਾਹੁਲ ਗਾਂਧੀ ਅਤੇ ਪ੍ਰਿੰਯਕਾ ਗਾਂਧੀ ਚੋਣ ਪ੍ਰਚਾਰ ਵਿਚ ਹਿੱਸਾ ਲੈ ਰਹੇ ਹਨ। ਅਜਿਹੇ ਮਾਹੌਲ ਦੇ ਬਾਵਜੂਦ ਅੰਮ੍ਰਿਤਸਰ ਦੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਪਾਰਟੀ ਨੂੰ ਅਲਵਿਦਾ ਕਹਿ ਗਏ। ਗਰੁੱਪ-23 ਦੇ ਆਗੂਆਂ ਵੱਲੋਂ ਉਠਾਏ ਗਏ ਨੁਕਤਿਆਂ ਵਿਚ ਕਿਹਾ ਗਿਆ ਸੀ ਕਿ ਪਾਰਟੀ ਨੂੰ ਇਕ ਪੂਰਾ ਸਮਾਂ ਦੇਣ ਵਾਲਾ ਪ੍ਰਧਾਨ ਚਾਹੀਦਾ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਆਵਾਜ਼ ਉਠਾਉਣ ਵਾਲੇ ਆਗੂਆਂ ਨੇ ਕਾਂਗਰਸ ਪਾਰਟੀ ਲਈ ਲੰਮਾ ਸਮਾਂ ਕੰਮ ਕੀਤਾ ਹੈ। ਉਨ੍ਹਾਂ ਅਨੁਸਾਰ ਪਾਰਟੀ ਨੂੰ ਅੰਦਰੂਨੀ ਚੋਣਾਂ ਕਰਵਾਉਣ ਦੇ ਨਾਲ ਨਾਲ ਹੇਠਾਂ ਤੋਂ ਉੱਪਰ ਤੱਕ ਦੇ ਅਹੁਦਿਆਂ ਉੱਤੇ ਨਾਮਜ਼ਦਗੀ ਸੱਭਿਆਚਾਰ ਬੰਦ ਕਰਨਾ ਚਾਹੀਦਾ ਹੈ। ਸਾਰੇ ਹੀ ਬਜ਼ੁਰਗ ਆਗੂਆਂ ਨੂੰ ਨਜ਼ਰਅੰਦਾਜ਼ ਕਰਨਾ ਕਿਸੇ ਵੀ ਸੰਗਠਨ ਦੇ ਪੱਖ ਵਿਚ ਨਹੀਂ ਹੁੰਦਾ। ਨੌਜਵਾਨਾਂ ਅਤੇ ਬਜ਼ੁਰਗਾਂ ਦਾ ਸੁਮੇਲ ਜ਼ਰੂਰੀ ਹੈ। ਕਾਂਗਰਸ ਹਾਈਕਮਾਨ ਨੇ ਕੋਵਿਡ ਦੇ ਬਹਾਨੇ ਪਾਰਟੀ ਦੀਆਂ ਅੰਦਰੂਨੀ ਚੋਣਾਂ ਨੂੰ ਟਾਲ ਰੱਖਿਆ ਹੈ। ਇਕ ਗੱਲ ਸਾਫ਼ ਹੈ ਕਿ ਪਾਰਟੀ ਨੂੰ ਭਾਜਪਾ ਦਾ ਮੁਕਾਬਲਾ ਕਰਨ ਲਈ ਆਪਣੇ ਸੰਗਠਨ ਦੇ ਅੰਦਰ ਤਬਦੀਲੀਆਂ ਅਤੇ ਵਿਚਾਰਕ ਸਪੱਸ਼ਟਤਾ ਬਾਰੇ ਮੰਥਨ ਕਰਨ ਦੀ ਜ਼ਰੂਰਤ ਹੈ।