ਡਾ. ਅਮਰੀਕ ਸਿੰਘ
ਪੰਜਾਬ ਵਿੱਚ ਲਗਾਤਾਰ ਕੱਦੂ ਕਰ ਕੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨ ਨਾਲ ਕਿਸਾਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਨੀਵਾਂ ਜਾਣ ਦੇ ਨਾਲ-ਨਾਲ ਜ਼ਮੀਨ ਦੇ ਭੌਤਿਕੀ ਗੁਣਾਂ ਅਤੇ ਉਤਪਾਦਕਤਾ ਵਿੱਚ ਨਿਗਾਰ ਆ ਰਿਹਾ ਹੈ। ਵੱਡੀ ਗਿਣਤੀ ਵਿੱਚ ਖੇਤ ਮਜ਼ਦੂਰ ਬਿਹਾਰ, ਉੱਤਰ ਪ੍ਰਦੇਸ਼ ਅਤੇ ਕੁਝ ਹੋਰ ਸੂਬਿਆਂ ਵਿੱਚੋਂ ਪੰਜਾਬ ਵਿੱਚ ਝੋਨੇ ਦੀ ਲਵਾਈ ਸਮੇਂ ਆਉਂਦੇ ਹਨ, ਜਿਸ ਨਾਲ ਝੋਨੇ ਦੀ ਲਵਾਈ ਦਾ ਕੰਮ ਮਿਥੇ ਵਿੱਚ ਨੇਪਰੇ ਚੜ੍ਹ ਜਾਂਦਾ ਹੈ। ਝੋਨੇ ਦੀ ਕਾਸ਼ਤ ਕਰਨ ਲਈ 1200-1500 ਮਿਲੀਮੀਟਰ ਪਾਣੀ ਦੀ ਵਰਤੋਂ ਹੁੰਦੀ ਹੈ ਤੇ ਇਕੱਲੇ ਕੱਦੂ ਕਰਨ ਲਈ 25-30 ਫ਼ੀਸਦੀ ਵਰਤੋਂ ਹੁੰਦੀ ਹੈ। ਝੋਨੇ ਦੀ ਫ਼ਸਲ ਵਿੱਚ ਲਗਾਤਾਰ ਪਾਣੀ ਖੜ੍ਹਾ ਰੱਖਣ ਨਾਲ ਮੀਥੇਨ ਦਾ ਤਕਰੀਬਨ 27 ਫ਼ੀਸਦੀ ਹਿੱਸਾ ਝੋਨੇ ਦੇ ਖੇਤਾਂ ਤੋਂ ਵਿਸਰਜਿਤ ਹੁੰਦਾ ਹੈ। ਉਪਰੋਕਤ ਸਮੱਸਿਆਵਾਂ ਅਤੇ ਪਾਣੀ ਦੀ ਹੁੰਦੀ ਇਸ ਦੁਰਵਰਤੋਂ ਨੂੰ ਕੁਝ ਹੱਦ ਤੱਕ ਰੋਕਿਆ ਜਾ ਸਕਦਾ ਹੈ, ਜੇ ਝੋਨੇ ਦੀ ਕਾਸ਼ਤ ਬਾਕੀ ਫ਼ਸਲਾਂ ਵਾਂਗੂ ਬਿਨਾਂ ਕੱਦੂ ਕੀਤਿਆਂ ਕੀਤੀ ਜਾਵੇ। ਪੰਜਾਬ ਵਿੱਚ ਸਾਲ 2020-21 ਦੌਰਾਨ ਤਕਰੀਬਨ 27 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ, ਜਿਸ ਵਿੱਚੋਂ 5 ਲੱਖ 43 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ। ਇਸ ਨਾਲ ਅੰਦਾਜ਼ਨ 500-600 ਕਰੋੜ ਰੁਪਏ ਦੇ ਖੇਤੀ ਲਾਗਤ ਖ਼ਰਚੇ ਘਟਾਉਣ ਵਿੱਚ ਮਦਦ ਮਿਲੀ।
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸਿਫ਼ਾਰਸ਼ ਸਾਲ 2010 ਦੌਰਾਨ ਕੀਤੀ ਗਈ ਅਤੇ ਕੁਝ ਉੱਦਮੀ ਕਿਸਾਨਾਂ ਵੱਲੋਂ ਤਕਰੀਬਨ 100 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਸਫ਼ਲਤਾਪੂਰਵਕ ਕਾਸ਼ਤ ਕੀਤੀ ਗਈ ਸੀ। ਇਸ ਸਫ਼ਲਤਾ ਨੂੰ ਦੇਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਚਲਾਈ ਮੁਹਿੰਮ ਸਦਕਾ ਸਾਲ 2012 ਵਿੱਚ ਕਿਸਾਨਾਂ ਵੱਲੋਂ ਇਸ ਤਕਨੀਕ ਨੂੰ ਗੰਭੀਰਤਾ ਨਾਲ ਲੈਂਦਿਆਂ 8922 ਹੈਕਟੇਅਰ ਰਕਬੇ ਵਿੱਚ ਇਸ ਤਕਨੀਕ ਨੂੰ ਅਪਣਾਇਆ ਗਿਆ। ਸਾਲ 2015 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧ ਕੇ ਤਕਰੀਬਨ ਇੱਕ ਲੱਖ ਪੈਂਹਠ ਹਜ਼ਾਰ ਹੈਕਟੇਅਰ ਹੋ ਗਿਆ। ਕੁਝ ਤਕਨੀਕੀ ਘਾਟਾਂ ਅਤੇ ਹੋਰ ਕਾਰਨਾਂ ਕਰ ਕੇ ਸਾਲ 2019 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਘਟ ਕੇ 23300 ਹੈਕਟੇਅਰ ਰਹਿ ਗਿਆ। ਇਸ ਵਾਰ ਵੀ ਮਾਹੌਲ ਪਿਛਲੇ ਸਾਲ ਵਾਂਗ ਹੈ, ਕਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਇਸ ਕਾਰਨ ਝੋਨੇ ਦੀ ਲਵਾਈ ਸਮੇਂ ਮਜ਼ਦੂਰਾਂ ਦੀ ਘਾਟ ਆਉਣ ਦੀ ਸੰਭਾਵਨਾ ਵਧ ਰਹੀ ਹੈ। ਇਸ ਸੰਭਾਵਨਾ ਨੂੰ ਮੁੱਖ ਰੱਖਦਿਆਂ ਵਧੀਕ ਮੁੱਖ ਸਕੱਤਰ ਅਨਿਰੁਧ ਤਿਵਾੜੀ ਦੇ ਯਤਨਾਂ ਨਾਲ ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਬਾਰੇ ਖੇਤੀਬਾੜੀ ਕਮਿਸ਼ਨਰ, ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਮੁੱਚੇ ਪੰਜਾਬ ਵਿੱਚ 30 ਅਪਰੈਲ ਤੱਕ 10 ਪਿੰਡਾਂ ਦੇ ਸਮੂਹ ਬਣਾ ਕੇ 1017 ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਤਕਰੀਬਨ 48 ਹਜ਼ਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਤਕਨੀਕ ਤੋਂ ਜਾਣੂ ਕਰਵਾਇਆ ਚੁੱਕਾ ਹੈ। ਚਾਲੂ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਹੇਠ 10 ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ। ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਖੇਤੀਬਾੜੀ ਵਿਭਾਗ ਵੱਲੋਂ ਆਨਲਾਈਨ ਵੈਬਿਨਾਰ ਲਗਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਸਿੱਧੀ ਬਿਜਾਈ ਬਾਰੇ ਤਕਨੀਕ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਤਰ ਵੱਤਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਸਬੰਧਿਤ 50 ਹਜ਼ਾਰ ਤੋਂ ਵੱਧ ਪਰਚੇ ਛਪਵਾ ਕੇ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ। ਵੱਡੇ ਪੱਧਰ ਤੇ ਸਿੱਧੀ ਬਿਜਾਈ ਕਰਨ ਵਾਲੀਆ ਮਸ਼ੀਨਾਂ ਕਿਸਾਨਾਂ ਨੂੰ ਉਪਲੱਬਧ ਕਰਵਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਇਸ ਤੋਂ ਇਲਾਵਾ ਪੁਰਾਣੀਆਂ ਕਣਕ ਦੀ ਬਿਜਾਈ ਵਾਲੀਆਂ ਜ਼ੀਰੋ ਬੀਜ ਡਰਿਲਾਂ ਵਿੱਚ ਕੁਝ ਸੁਧਾਈ ਕਰ ਕੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 25-30 ਫ਼ੀਸਦੀ ਮਜ਼ਦੂਰੀ ਦੀ ਬੱਚਤ ਹੁੰਦੀ ਹੈ। ਖੇਤੀ ਵਿਗਿਆਨੀਆਂ ਮੁਤਾਬਕ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-30 ਫ਼ੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਕਾਰਨ ਆਉਣ ਵਾਲੀਆਂ ਸਮੱਸਿਆਵਾਂ ਨਾਲ ਵੀ ਨਹੀਂ ਜੂਝਣਾ ਪੈਂਦਾ। ਬਾਸਮਤੀ 1121 ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਝੰਡਾ ਰੋਗ ਦਾ ਹਮਲਾ ਨਹੀਂ ਹੁੰਦਾ। ਫ਼ਸਲ 7-10 ਦਿਨ ਪਹਿਲਾਂ ਪੱਕ ਜਾਂਦੀ ਹੈ। ਝੋਨੇ ਦੀ ਸਿੱਧੀ ਬਿਜਾਈ ਦੇ ਫ਼ਾਇਦਿਆਂ ਨੂੰ ਮੁੱਖ ਰੱਖਦਿਆਂ ਤਰ ਵੱਤਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਫ਼ਲਤਾਪੂਰਵਕ ਕਰਨ ਤੇ ਚੰਗੀ ਪੈਦਾਵਾਰ ਲੈਣ ਲਈ ਕੁਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖ਼ਤ ਜ਼ਰੂਰਤ ਹੈ।
ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਜ਼ਮੀਨਾਂ ਦੀ ਚੋਣ ਨਹੀਂ ਕਰਨੀ ਚਾਹੀਦੀ। ਹਲਕੀਆਂ ਜ਼ਮੀਨਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਕਾਰਨ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫ਼ਸਲ ਵਿੱਚ ਲੋਹੇ ਦੀ ਘਾਟ ਆ ਜਾਂਦੀ ਹੈ ਤੇ ਪੈਦਾਵਾਰ ਘਟ ਜਾਂਦੀ ਹੈ। ਜਿੰਨਾਂ ਖੇਤਾਂ ਵਿੱਚ ਕਮਾਦ, ਮੱਕੀ ਜਾਂ ਕਪਾਹ ਦੀ ਫ਼ਸਲ ਲਈ ਗਈ ਹੋਵੇ, ਉਨ੍ਹਾਂ ਖੇਤਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਨਾ ਚੁਣੋ। ਉਨ੍ਹਾਂ ਖੇਤਾਂ ਵਿੱਚ ਜੰਗਲੀ ਝੋਨਾ (ਚਾੜ੍ਹਾ), ਮਧਾਣਾ ਅਤੇ ਗੰਢ ਵਾਲੇ ਡੀਲੇ ਦੀ ਵਧੇਰੇ ਸਮੱਸਿਆ ਹੋਵੋ, ਦੀ ਚੋਣ ਨਹੀਂ ਕਰਨੀ ਚਾਹੀਦੀ। ਝੋਨੇ ਦੀ ਸਿੱਧੀ ਬਿਜਾਈ, ਝੋਨੇ ਵਾਲੇ ਖੇਤਾਂ ਵਿੱਚ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਸਿੱਧੀ ਬਿਜਾਈ ਦੀ ਸਫ਼ਲਤਾ ਲਈ ਜ਼ਰੂਰੀ ਹੈ ਕਿ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰਾ ਕਰ ਲਿਆ ਜਾਵੇ। ਲੇਜ਼ਰ ਕਰਾਹ ਨਾਲ ਖੇਤ ਪੱਧਰਾ ਕਰਨ ਤੋਂ ਪਹਿਲਾਂ ਖੇਤ ਨੂੰ ਤਿਆਰ ਕਰਨ ਲਈ ਤਵੀਆਂ ਦੀ ਦੋਹਰ ਪਾਉਣ ਉਪਰੰਤ ਸੁਹਾਗਾ ਫੇਰ ਲੈਣਾ ਚਾਹੀਦਾ।
ਝੋਨੇ ਦੀ ਸਿੱਧੀ ਬਿਜਾਈ ਲਈ ਘੱਟ ਸਮੇਂ ਵਿੱਚ ਪੱਕਣ ਵਾਲੀ ਕਿਸਮ ਪੀ ਆਰ 126/ ਬਾਸਮਤੀ 1509/ ਬਾਸਮਤੀ 1121 ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਸਿੱਧੀ ਬਿਜਾਈ ਇੱਕ ਜੂਨ ਤੋਂ ਜੂਨ ਦੇ ਦੂਜੇ ਹਫ਼ਤੇ ਅਤੇ ਬਾਸਮਤੀ ਦੀ ਬਿਜਾਈ ਜੂਨ ਦੇ ਦੂਜੇ ਹਫ਼ਤੇ ਤੋਂ ਆਖ਼ਰੀ ਹਫ਼ਤੇ ਤੱਕ ਕੀਤੀ ਜਾ ਸਕਦੀ ਹੈ। ਸਿੱਧੀ ਬਿਜਾਈ ਲਈ ਅੱਠ ਤੋਂ ਦਸ ਕਿਲੋ ਬੀਜ ਪ੍ਰਤੀ ਏਕੜ, ਤਿਰਸ਼ੀ ਪਲੇਟ ਵਾਲੀ ਡਰਿੱਲ ਜਾਂ ਲੱਕੀ ਸੀਡ ਡਰਿੱਲ (ਇੱਕੋ ਸਮੇਂ ਬਿਜਾਈ ਅਤੇ ਨਦੀਨਨਾਸ਼ਕ ਦਾ ਛਿੜਕਾਅ) ਨਾਲ 20 ਸੈਂਟੀਮੀਟਰ ਦੀ ਦੂਰੀ ਦੀਆਂ ਕਤਾਰਾਂ ’ਤੇ ਸੁੱਕੇ ਜਾਂ ਰੌਣੀ ਕੀਤੇ ਖੇਤ ਵਿੱਚ ਕਰਨੀ ਚਾਹੀਦੀ ਹੈ। ਬੀਜ ਨੂੰ ਬੀਜਣ ਤੋਂ ਪਹਿਲਾਂ 10-12 ਘੰਟੇ ਪਾਣੀ ਵਿੱਚ ਭਿਉਂ ਕੇ ਛਾਵੇਂ ਸੁਕਾ ਲੈਣਾ ਚਾਹੀਦਾ। ਬੀਜ ਨੂੰ ਬੀਜਣ ਤੋਂ ਪਹਿਲਾਂ 3 ਗ੍ਰਾਮ ਸਪ੍ਰਿੰਟ (ਮੈਂਕੋਜ਼ੈਬ+ਕਾਰਬੈਂਡਾਜ਼ਿਮ) ਨੂੰ 10 ਤੋਂ 12 ਮਿਲੀਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਕਿਲੋ ਬੀਜ ਨੂੰ ਲੇਪ ਕਰ ਲੈਣਾ ਚਾਹੀਦਾ। ਬੀਜ ਦੀ ਡੂੰਘਾਈ 2-3 ਸੈਂਟੀਮੀਟਰ ਤੇ ਕਰੋ। ਜ਼ਿਆਦਾ ਡੂੰਘਾਈ ’ਤੇ ਬੀਜਿਆ ਬੀਜ ਘੱਟ ਜੰਮਦਾ ਹੈ। ਪਿਛਲੇ ਸਾਲ ਝੋਨੇ ਦੀ ਸਿੱਧੀ ਬਿਜਾਈ ਲਈ ਜੋ ਕਿਸਮ ਦੀ ਬਿਜਾਈ ਕੀਤੀ ਸੀ, ਉਸੇ ਨੂੰ ਹੀ ਤਰਜੀਹ ਦਿਉ ਤਾਂ ਜੋ ਦੋ ਕਿਸਮਾਂ ਦਾ ਰਲਾਅ ਨਾ ਹੋਵੇ।
ਸਿੱਧੀ ਬਿਜਾਈ ਨਾਲ ਬੀਜੇ ਝੋਨੇ ਨੂੰ 130 ਕਿਲੋ ਯੂਰੀਆ ਪ੍ਰਤੀ ਏਕੜ ਤਿੰਨ ਬਰਾਬਰ ਹਿੱਸਿਆ ਵਿੱਚ ਬਿਜਾਈ ਤੋਂ 4, 6 ਅਤੇ 9 ਹਫ਼ਤਿਆਂ ਬਾਅਦ ਛੱਟੇ ਨਾਲ ਪਾਉ। ਫਾਸਫੋਰਸ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ ’ਤੇ ਕਰੋ। ਜੇ ਕਣਕ ਦੀ ਫ਼ਸਲ ਫਾਸਫੋਰਸ ਦੀ ਪੂਰੀ ਮਾਤਰਾ ਪਾਈ ਗਈ ਹੈ ਤਾਂ ਝੋਨੇ ਦੀ ਫ਼ਸਲ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ। ਯੂਰੀਆ ਖਾਦ ਦੀ ਬੱਚਤ ਲਈ ਝੋਨੇ ਦੀ ਫ਼ਸਲ ਨੂੰ ਯੂਰੀਆ ਖਾਦ ਪੱਤਾ ਰੰਗਦਾਰ ਚਾਰਟ ਦੀ ਵਰਤੋਂ ਕਰਦਿਆਂ ਵੀ ਕੀਤੀ ਜਾ ਸਕਦੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਸਮੇਂ ਯੂਰੀਆ ਖਾਦ ਦੀ ਵਰਤੋਂ ਨਾ ਕਰੋ। ਬਿਜਾਈ ਤੋਂ ਚਾਰ ਹਫ਼ਤਿਆਂ ਬਾਅਦ 25 ਕਿਲੋ ਯੂਰੀਆ ਪ੍ਰਤੀ ਏਕੜ ਪਾ ਦੇਣੀ ਚਾਹੀਦੀ ਹੈ। ਬਿਜਾਈ ਤੋਂ 6 ਹਫ਼ਤਿਆਂ ਬਾਅਦ, 7 ਦਿਨਾਂ ਦੇ ਅੰਤਰ ’ਤੇ ਝੋਨੇ ਦੇ ਬੂਟਿਆਂ ਦੇ ਪੂਰੇ ਖੁੱਲ੍ਹੇ ਪੱਤਿਆਂ ਦਾ ਰੰਗ, ਪੱਤਾ ਰੰਗ ਚਾਰਟ ਨਾਲ ਮਿਲਾਓ। ਇਹ ਕੰਮ ਸਵੇਰੇ 9-10 ਵਜੇ ਅਤੇ ਸ਼ਾਮ ਨੂੰ 4-5 ਵਜੇ ਦਰਮਿਆਨ ਕਰੋ ਤਾਂ ਜੋ ਤੁਹਾਡਾ ਪਰਛਾਵਾਂ ਪੱਤਾ ਰੰਗ ਚਾਰਟ ’ਤੇ ਨਾ ਪਵੇ। ਜਦੋਂ 10 ਵਿੱਚੋਂ 6 ਜਾਂ ਵੱਧ ਪੱਤਿਆਂ ਦਾ ਰੰਗ ਟਿੱਕੀ ਨੰਬਰ-4 ਤੋਂ ਫਿੱਕਾ ਹੋਵੇ ਤਾਂ 30 ਕਿਲੋ ਯੂਰੀਆ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ। ਜੇ ਪੱਤਿਆਂ ਦਾ ਰੰਗ ਪੱਤਾ ਰੰਗ ਚਾਰਟ ਦੀ ਟਿੱਕੀ ਨੰਬਰ-4 ਨਾਲ ਮਿਲਦਾ ਜਾਂ ਗੂੜਾ ਹੋਵੇ ਤਾਂ ਯੂਰੀਆ ਖਾਦ ਦੀ ਵਰਤੋਂ ਨਾ ਕਰੋ। ਝੋਨੇ ਦੇ ਨਿਸਰਨ ਤੋਂ ਬਾਅਦ ਪੱਤਾ ਰੰਗ ਚਾਰਟ ਦੀ ਵਰਤੋਂ ਅਤੇ ਹੋਰ ਯੂਰੀਆ ਪਾਉਣ ਦੀ ਜ਼ਰੂਰਤ ਨਹੀਂ ਹੁੰਦੀ।
ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਬਹੁਤ ਸਮੱਸਿਆ ਆਉਂਦੀ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਦੋ ਦਿਨਾਂ ਦੇ ਵਿਚ-ਵਿਚ ਇੱਕ ਲਿਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਛਿੜਕਾਅ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਵਾਂਕ ਅਤੇ ਮੋਥੇ ਦੀ ਰੋਕਥਾਮ ਲਈ ਬਿਜਾਈ ਤੋਂ 20-25 ਦਿਨਾਂ ਬਾਅਦ 100 ਮਿਲੀਲਿਟਰ ਬਿਸਪਾਇਰੀਬੈਕ 10 ਐਸਸੀ ਪ੍ਰਤੀ ਏਕੜ ਨੂੰ 150 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ ਅਤੇ ਜੇ ਫ਼ਸਲ ਵਿੱਚ ਝੋਨੇ ਦੇ ਮੋਥੇ, ਗੰਢੀ ਵਾਲਾ ਮੋਥਾ ਜਾਂ ਚੌੜੇ ਪੱਤੇ ਵਾਲੇ ਨਦੀਨ ਹੋਣ ਤਾਂ ਪ੍ਰਤੀ ਏਕੜ 16 ਗ੍ਰਾਮ ਅਜ਼ਿਮਸਲਫੂਰਾਨ 50 ਡੀਐਫ ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਜੇ ਫ਼ਸਲ ਵਿੱਚ ਗੁੜਤ ਮਧਾਣਾ, ਲੈਪਟੋਕਲੋਆ ਘਾਹ, ਚਿੜੀ ਘਾਹ ਅਤੇ ਤੱਕੜੀ ਘਾਹ ਹੋਵੇ ਤਾਂ ਬਿਜਾਈ ਤੋਂ 20 ਦਿਨਾਂ ਬਾਅਦ 400 ਮਿਲੀਲਿਟਰ ਫਿਨੌਕਸਾਪ੍ਰੋਪ 6.7 ਈਸੀ ਪ੍ਰਤੀ ਲਿਟਰ ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਬਚੇ ਹੋਏ ਨਦੀਨਾਂ ਨੂੰ ਹੱਥ ਨਾਲ ਜਾਂ ਗੋਡੀ ਕਰ ਕੇ ਪੁੱਟ ਦੇਣਾ ਚਾਹੀਦਾ ਹੈ। ਜੇ ਸੁੱਕੇ ਖੇਤ ਵਿੱਚ ਬਿਜਾਈ ਕੀਤੀ ਹੈ ਤਾਂ ਬਿਜਾਈ ਤੋਂ ਤੁਰੰਤ ਬਾਅਦ ਪਾਣੀ ਲਾ ਦਿਓ ਅਤੇ ਦੂਜੀ ਸਿੰਜਾਈ 4-5 ਦਿਨਾਂ ਬਾਅਦ ਕਰੋ। ਪਾਣੀ ਦੀ ਬੱਚਤ ਅਤੇ ਨਦੀਨਾਂ ਦੀ ਸੁਚੱਜੀ ਰੋਕਥਾਮ ਲਈ ਰੌਣੀ ਮਗਰੋਂ ਤਰ ਵੱਤਰ ਵਾਲੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰੋ ਅਤੇ ਪਹਿਲਾ ਪਾਣੀ 20-25 ਦਿਨਾਂ ਬਾਅਦ ਲਾਉਣਾ ਚਾਹੀਦਾ। ਜਿਹੜੇ ਖੇਤਾਂ ਵਿੱਚ ਚਾੜਾ/ਸਾਉਣ/ਜੰਗਲੀ ਝੋਨੇ ਦੀ ਸਮੱਸਿਆ ਹੋਵੇ, ਉੱਥੇ ਝੋਨੇ ਦੀ ਸਿੱਧੀ ਬਿਜਾਈ ਨਹੀਂ ਕਰਨੀ ਚਾਹੀਦੀ। ਕਮਾਦ ਦੀ ਕਟਾਈ ਤੋਂ ਬਾਅਦ ਖਾਲੀ ਹੋਏ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਨਾ ਦਿਉ। ਕਿਸਾਨਾਂ ਦਾ ਕਹਿਣਾ ਹੈ ਕਿ ਮਈ ਮਹੀਨੇ ਦੌਰਾਨ ਕਣਕ ਦੀ ਕਟਾਈ ਤੋਂ ਬਾਅਦ ਸਿੱਧੀ ਬਿਜਾਈ ਲਈ ਖੇਤ ਤਿਆਰ ਕਰਨ ਲਈ ਘੱਟੋ-ਘੱਟ ਦੋ ਰੌਣੀਆਂ ਕਰਨੀਆਂ ਪੈਂਦੀਆਂ ਹਨ ਅਤੇ ਇਸ ਦੌਰਾਨ ਬਿਜਲੀ ਦੀ ਸਪਲਾਈ ਬੰਦ ਹੋਣ ਕਾਰਨ ਖੇਤ ਤਿਆਰ ਵਿੱਚ ਬਹੁਤ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਲਈ ਸਿੱਧੀ ਬਿਜਾਈ ਕਰਨ ਵਾਸਤੇ ਕਿਸਾਨਾਂ ਨੂੰ 15 ਤੋਂ 25 ਮਈ ਤੱਕ ਲਗਾਤਾਰ 8 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਣੀ ਚਾਹੀਦੀ ਹੈ। ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਹਲਕੇ ਨਾਲ ਸਬੰਧਿਤ ਮੁੱਖ ਖੇਤੀਬਾੜੀ ਅਫ਼ਸਰ/ ਬਲਾਕ ਖੇਤੀਬਾੜੀ ਅਫ਼ਸਰ/ ਖੇਤੀਬਾੜੀ ਵਿਕਾਸ ਅਫ਼ਸਰ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀਬਾੜੀ ਮਾਹਿਰਾਂ ਜਾਂ ਕਿਸਾਨ ਕਾਲ ਸੈਂਟਰ ਦੇ ਟੌਲ ਫਰੀ ਨੰਬਰ-1800-180-1551 ਨਾਲ ਸੰਪਰਕ ਕਰ ਸਕਦੇ ਹਨ।
ਸੰਪਰਕ: 94630-71919