ਬਾਬਾ ਸ੍ਰੀ ਚੰਦ ਦਾ 531ਵਾਂ ਪ੍ਰਕਾਸ਼ ਪੁਰਬ ਮਨਾਇਆ
ਇੱਥੋਂ ਦੇ ਮੁਹੱਲਾ ਪਠਾਣਾਂ ਵਾਲਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਦਾ 531ਵਾਂ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਕੀਰਤਨ ਦਰਬਾਰ ਕਰਵਾਏ ਗਏ, ਜਿਸ ਵਿੱਚ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਰਾਗੀ ਸਿੰਘਾਂ ਅਤੇ ਕਥਾ ਵਾਚਕਾਂ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸੰਸਾਰ ਦੇ ਲੋਕਾਂ ਦਾ ਭਲਾ ਕਰਨ ਦੇ ਨਾਲ-ਨਾਲ ਬਾਬਾ ਸ੍ਰੀ ਚੰਦ ਜੀ ਨੇ ਉਨ੍ਹਾਂ ਨੂੰ ਪਰਮਾਤਮਾ ਦੀ ਭਗਤੀ ਨਾਲ ਜੁੜਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਜਦੋਂ ਪੰਜਵੇਂ ਗੁਰੂ ਅਰਜਨ ਦੇਵ ਜੀ ਬਾਬਾ ਸ੍ਰੀ ਚੰਦ ਜੀ ਨੂੰ ਮਿਲੇ ਤਾਂ ਉਸ ਸਮੇ ਪੰਚਮ ਪਾਤਸ਼ਾਹ ਸੀ ਸੁਖਮਨੀ ਸਾਹਿਬ ਜੀ ਦੀ ਬਾਣੀ ਲਿਖ ਰਹੇ ਸਨ ਅਤੇ ਪੰਚਮ ਪਾਤਸ਼ਾਹ ਜੀ ਦੇ ਕਹਿਣ ਤੇ ਬਾਬਾ ਸ੍ਰੀ ਚੰਦ ਜੀ ਨੇ ਸੁਖਮਨੀ ਸਾਹਿਬ ਦੀ ਸਤਾਰ੍ਹਵੀਂ ਅਸ਼ਟਪਦੀ, ਆਦਿ ਸੱਚ ਜੁਗਾਦਿ ਸੱਚ, ਹੇਭੀ ਸੱਚ ਨਾਨਕ ਹੋਸੀ ਭੀ ਸੱਚ ਦਾ ਉਚਾਰਨ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਛੇਵੇਂ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਿਗੋਬਿੰਦ ਸਾਹਿਬ ਜੀ ਆਪਣੇ ਪਰਿਵਾਰ ਸਮੇਤ ਬਾਰਠ ਸਾਹਿਬ ਦੀ ਧਰਤੀ ’ਤੇ ਬਾਬਾ ਸ੍ਰੀ ਚੰਦ ਜੀ ਨੂੰ ਮਿਲਣ ਗਏ ਤਾਂ ਬਾਬਾ ਸ੍ਰੀ ਚੰਦ ਜੀ ਨੇ ਉਨ੍ਹਾਂ ਨੂੰ ਆਪਣੇ ਵੱਡੇ ਸਪੁੱਤਰ ਭਾਈ ਗੁਰਦਿੱਤਾ ਜੀ ਨੂੰ ਸੌਂਪਣ ਲਈ ਕਿਹਾ ਤਾਂ ਛੇਵੇਂ ਪਾਤਿਸ਼ਾਹ ਨੇ ਆਪਣੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਬਾਬਾ ਸ੍ਰੀ ਚੰਦ ਜੀ ਦੇ ਹਵਾਲੇ ਕਰ ਦਿੱਤਾ ਅਤੇ ਬਾਬਾ ਸ੍ਰੀ ਚੰਦ ਜੀ ਨੇ ਬਾਬਾ ਗੁਰਦਿੱਤਾ ਜੀ ਤੇ ਆਪਣੀ ਬਖਸ਼ਿਸ਼ ਕਰ ਕੇ ਉਨ੍ਹਾਂ ਨੂੰ ਉਦਾਸੀਨ ਪੰਥ ਦਾ ਮੁਖੀ ਬਣਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਉਚਾਰਨ ਕਰਨ ਲਈ ਪ੍ਰੇਰਿਆ। ਇਸ ਮੌਕੇ ਲੰਗਰ ਵਰਤਾਇਆ ਗਿਆ। ਇਸ ਮੌਕੇ ਦਰਸ਼ਨ ਸਿੰਘ ਭਾਟੀਆ, ਸੁਰਜੀਤ ਸਿੰਘ, ਰਾਜੂ ਮੱਕੜ, ਬਲਵਿੰਦਰ ਸਿੰਘ ਭਾਟੀਆ, ਸਤਨਾਮ ਸਿੰਘ ਭਾਟੀਆ, ਭਗਤ ਸਿੰਘ, ਗਗਨਦੀਪ ਸਿੰਘ ਉਪਵੇਜਾ, ਗੁਰਜੰਟ ਸਿੰਘ, ਡਾਕਟਰ ਗੁਰਚਰਨ ਸਿੰਘ, ਮਹਿੰਦਰ ਸਿੰਘ, ਸੁਰਿੰਦਰ ਸਿੰਘ, ਹਰਦਿੱਤ ਸਿੰਘ, ਜਸਬੀਰ ਸਿੰਘ ਮੱਕੜ, ਪੁਨੀਤ ਸੇਠੀ, ਬਲਜੀਤ ਸਿੰਘ, ਅਮੋਲਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।