ਸੰਵਿਧਾਨ ਬਚਾਉਣ ਲਈ ਇਕਜੁੱਟ ਹੋਣ ਦਾ ਸੱਦਾ
ਥਾਨੇਸਰ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਅਰੋੜਾ ਨੇ ਪੰਜਾਬੀ ਧਰਮਸ਼ਾਲਾ ਵਿੱਚ ਵਰਕਰਾਂ ਨੂੰ ਸੰਬੋਧਨ ਕਰਦਿਆਂ 14 ਦਸੰਬਰ ਨੂੰ ਦਿੱਲੀ ਵਿੱਚ ‘ਵੋਟ ਚੋਰ ਗੱਦੀ ਛੋੜ’ ਨਾਮ ਦੀ ਮੈਗਾ ਰੈਲੀ ’ਚ ਸ਼ਮੂਲੀਅਤ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਥਾਨੇਸਰ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਵਿੱਚ ਆਪਣਾ ਯੋਗਦਾਨ ਪਾਉਣਗੇ। ਮੀਟਿੰਗ ਦੌਰਾਨ ਵਰਕਰਾਂ ਵਿੱਚ ਇਸ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਅਸ਼ੋਕ ਅਰੋੜਾ ਨੇ ਹਰਿਆਣਾ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਸਰਕਾਰ ਵੋਟ ਚੋਰੀ ਕਰਕੇ ਬਣੀ ਹੈ। ਉਨ੍ਹਾਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਰਕਾਰ ਕੋਲੋਂ ਤਿੰਨ ਅਹਿਮ ਸਵਾਲ ਪੁੱਛੇ ਸਨ, ਪਰ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਅਜੇ ਤੱਕ ਉਨ੍ਹਾਂ ਸਵਾਲਾਂ ਦਾ ਜਵਾਬ ਨਹੀਂ ਦੇ ਸਕੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਦੇਸ਼ ਵਿੱਚੋਂ ਲੋਕਤੰਤਰ ਖ਼ਤਮ ਹੋ ਜਾਵੇਗਾ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਵਰਤੀ ਗਈ ਭਾਸ਼ਾ ਦੀ ਨਿਖੇਧੀ ਕਰਦਿਆਂ ਇਸ ਨੂੰ ਜ਼ਾਲਮ ਤਾਨਾਸ਼ਾਹੀ ਵਾਲਾ ਰਵੱਈਆ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਲਈ ਇਹ ਲੜਾਈ ਲੜ ਰਹੀ ਹੈ ਅਤੇ ਇਸੇ ਮਕਸਦ ਲਈ ਵਰਕਰ 14 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ।
ਅਰੋੜਾ ਨੇ ਭਾਜਪਾ ਆਗੂਆਂ ਅਤੇ ਵਿਧਾਇਕਾਂ ’ਤੇ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਵਰਤੀ ਜਾ ਰਹੀ ਭਾਸ਼ਾ ਤੋਂ ਸਾਫ਼ ਹੈ ਕਿ ਉਹ ਹਰਿਆਣਾ ਵਿੱਚ ਹਿੰਸਾ ਭੜਕਾਉਣ ਅਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਗੁਜ਼ਰਿਆਂ 60 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਭਾਜਪਾ ਸਰਕਾਰ ਲੋਕਾਂ ਦੇ ਮੌਜੂਦਾ ਦੁੱਖਾਂ ਅਤੇ ਸਮੱਸਿਆਵਾਂ ’ਤੇ ਚਰਚਾ ਕਰਨ ਦੀ ਬਜਾਏ ਅਜੇ ਵੀ ਪੰਡਿਤ ਨਹਿਰੂ ਬਾਰੇ ਮਾੜਾ-ਚੰਗਾ ਬੋਲ ਰਹੀ ਹੈ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਨਹਿਰੂ ਨੇ ਦੇਸ਼ ਦੀ ਕਮਾਨ ਸੰਭਾਲੀ ਸੀ ਤਾਂ ਲੋਕਾਂ ਦਾ ਢਿੱਡ ਭਰਨ ਲਈ ਅਨਾਜ ਵੀ ਬਾਹਰੋਂ ਮੰਗਵਾਉਣਾ ਪੈਂਦਾ ਸੀ, ਪਰ ਜੋ ਕੁਝ ਨਹਿਰੂ ਨੇ ਦੇਸ਼ ਨੂੰ ਦਿੱਤਾ, ਉਸ ਦੀ ਕਲਪਨਾ ਭਾਜਪਾ ਮੈਂਬਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸੰਸਦ ਵਿੱਚ ਲੋਕ ਭਲਾਈ ਦੀਆਂ ਯੋਜਨਾਵਾਂ ’ਤੇ ਚਰਚਾ ਕਰਨ ਦੀ ਬਜਾਏ ਦੇਸ਼ ਨੂੰ ਵੰਡਣ ਵਾਲੀਆਂ ਗੱਲਾਂ ਕਰਦੀ ਹੈ।
