ਪੱਤਰ ਪ੍ਰੇਰਕ
ਕਾਲਾਂਵਾਲੀ, 20 ਜੁਲਾਈ
ਖੇਤਰ ਦੇ ਕਸਬਾ ਔਢਾਂ ਵਿੱਚ ਕਾਰ ਸਵਾਰ ਚਾਰ ਵਿਅਕਤੀਆਂ ਨੇ ਹਮਲਾ ਕਰ ਕੇ ਦੋ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਮਾਮਲੇ ’ਚ ਪੁਲੀਸ ਨੇ ਚਾਰੋਂ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।
ਥਾਣਾ ਮੁਖੀ ਕਰਨ ਸਿੰਘ ਨੇ ਦੱਸਿਆ ਕਿ ਕਾਰ ਸਵਾਰ ਕੁਲਵੰਤ ਸਿੰਘ ਨੇ ਆਪਣੇ ਤਿੰਨ ਹੋਰ ਸਾਥੀਆਂ ਸਮੇਤ ਸਰੀਫ਼ ਖਾਨ ਪੁੱਤਰ ਨਾਜਰ ਸਿੰਘ ਵਾਸੀ ਔਢਾਂ ’ਤੇ ਕਿਰਪਾਨਾਂ ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ। ਉਸ ਦਾ ਰੌਲਾ ਸੁਣ ਕੇ ਉਸ ਦਾ ਚਚੇਰਾ ਭਰਾ ਇਕਬਾਲ ਸਿੰਘ ਤੇ ਰਾਹਗੀਰ ਇਕੱਠੇ ਹੋ ਗਏ। ਜਦੋਂ ਇਕਬਾਲ ਸਿੰਘ ਨੇ ਆਪਣੇ ਭਰਾ ਸਰੀਫ ਖਾਨ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ ਤੇ ਫਰਾਰ ਹੋ ਗਏ।