ਪੱਤਰ ਪ੍ਰੇਰਕ
ਗੂਹਲਾ ਚੀਕਾ, 17 ਜੂਨ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿੱਚ ਹਰਿਆਣਾ ਦੀਆਂ ਸਿੱਖ ਜਥੇਬੰਦੀਆਂ ਦੇ ਵਫ਼ਦ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਭਖਦੇ ਸਿੱਖ ਮਸਲਿਆਂ ਬਾਰੇ ਚਰਚਾ ਕੀਤੀ।
ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿੱੱਚ ਮੁਲਾਕਾਤ ਮਗਰੋਂ ਜਥੇਦਾਰ ਦਾਦੂਵਾਲ ਨੇ ਕਿਹਾ ਕੇ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ, ਮੁਰਾਦਾਬਾਦ (ਯੂਪੀ) ਵਿੱਚ ਢਾਹੇ ਗਏ ਗੁਰਦੁਆਰਾ ਸਾਹਿਬ ਅਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦੇ ਮਸਲੇ ਮੁੱਖ ਮੰਤਰੀ ਸ੍ਰੀ ਖੱਟਰ ਕੋਲ ਚੁੱਕੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਮਦਦ ਮਿਲ ਸਕੇ। ਸ੍ਰੀ ਦਾਦੂਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਪੀਲ ਕਰਨਗੇ। ਵਫ਼ਦ ਨੇ ਮੁਰਾਦਾਬਾਦ ਵਿੱਚ ਗੁਰਦੁਆਰਾ ਸਾਹਿਬ ਦੀ ਇਮਾਰਤ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਢਾਹੇ ਦੀ ਜਾਣ ਨਿਖੇਧੀ ਕਰਦਿਆਂ ਸ੍ਰੀ ਖੱਟਰ ਕੋਲ ਰੋਸ ਦਰਜ ਕਰਵਾਇਆ ਅਤੇ ਉਨ੍ਹਾਂ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਗੱਲਬਾਤ ਕਰਕੇ ਉੱਤਰ ਪ੍ਰਦੇਸ਼ ਵਿੱਚ ਸਿੱਖਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਹਰਿਆਣਾ ਵਿੱਚ ਗੁਰਦੁਆਰਾ ਲੱਖਣ ਮਾਜਰਾ ਸਣੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਵਿੱਚ ਮੁਸ਼ਕਲਾਂ ਦੂਰ ਕਰਨ ਦੀ ਅਪੀਲ ਵੀ ਕੀਤੀ ਹੈ।