Accused Arrested: ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ
ਮੁਕਾਬਲੇ ਦੌਰਾਨ ਪੁਲੀਸ ਮੁਲਾਜ਼ਮ ਦੀ ਬੁਲੇਟ ਪਰੂਫ ਜੈਕੇਟ ’ਤੇ ਗੋਲੀ ਵੱਜੀ; ਜਾਨੀ ਨੁਕਸਾਨ ਤੋਂ ਬਚਾਅ
ਕੁਰੂਕਸ਼ੇਤਰ ਦੀ ਅਪਰਾਧ ਸ਼ਾਖਾ ਦੀ ਟੀਮ ਨੇ ਲਾਡਵਾ ਖੇਤਰ ਵਿੱਚ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਰਜੁਨ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮਥੁਰਾ ਦੇ ਕੋਸੀਕਲਾਂ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਸ਼ਨਿਚਰਵਾਰ ਦੇਰ ਰਾਤ ਲਾਡਵਾ ਵਿੱਚ ਇੱਕ ਵਪਾਰੀ ਦੇ ਘਰ ’ਤੇ ਫਾਇਰਿੰਗ ਕਰਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਸੀ ਆਈ ਏ ਇੰਚਾਰਜ ਪ੍ਰਤੀਕ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਕਪਤਾਨ ਦੇ ਨਿਰਦੇਸ਼ਾਂ ਅਨੁਸਾਰ ਪੁਲੀਸ ਟੀਮਾਂ ਅਪਰਾਧੀਆਂ ਦੀ ਭਾਲ ਵਿੱਚ ਲਾਡਵਾ ਖੇਤਰ ਵਿੱਚ ਸਰਗਰਮ ਸਨ। ਇਸੇ ਦੌਰਾਨ ਗੁਪਤ ਸੂਚਨਾ ਮਿਲੀ ਕਿ ਹਿਨੌਰੀ ਰੋਡ ’ਤੇ ਬਦਰਪੁਰ ਇਲਾਕੇ ਵਿੱਚ ਸ਼ੱਕੀ ਨੌਜਵਾਨ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ’ਤੇ ਘੁੰਮ ਰਿਹਾ ਹੈ। ਜਦੋਂ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਸ ਨੇ ਪੁਲੀਸ ਪਾਰਟੀ ‘ਤੇ ਸਿੱਧੀ ਗੋਲਾਬਾਰੀ ਸ਼ੁਰੂ ਕਰ ਦਿੱਤੀ।
ਮੁਲਜ਼ਮ ਵੱਲੋਂ ਚਲਾਈ ਗਈ ਇੱਕ ਗੋਲੀ ਮੌਕੇ ’ਤੇ ਮੌਜੂਦ ਪੁਲੀਸ ਮੁਲਾਜ਼ਮ ਦੀ ਬੁਲੇਟਪਰੂਫ਼ ਜੈਕਟ ਵਿੱਚ ਲੱਗੀ, ਜਿਸ ਕਾਰਨ ਉਸ ਦਾ ਜਾਨੀ ਬਚਾਅ ਹੋ ਗਿਆ। ਪੁਲੀਸ ਨੇ ਆਤਮ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮ ਦੀਆਂ ਲੱਤਾਂ ਨੂੰ ਨਿਸ਼ਾਨਾ ਬਣਾ ਕੇ ਗੋਲੀ ਚਲਾਈ, ਜੋ ਅਪਰਾਧੀ ਦੀ ਲੱਤ ਵਿੱਚ ਜਾ ਲੱਗੀ। ਜ਼ਖ਼ਮੀ ਹਾਲਤ ਵਿੱਚ ਮੁਲਜ਼ਮ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਪਹਿਲਾਂ ਲਾਡਵਾ ਦੇ ਹਸਪਤਾਲ ਅਤੇ ਬਾਅਦ ਵਿੱਚ ਐੱਲ ਐੱਨ ਜੇ ਪੀ ਕੁਰੂਕਸ਼ੇਤਰ ਰੈਫ਼ਰ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ 16 ਅਪਰੈਲ ਦੀ ਰਾਤ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਲਾਡਵਾ ਦੇ ਇੱਕ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਘਟਨਾ ਤੋਂ ਬਾਅਦ ਪੁਲੀਸ ਅਤੇ ‘ਸੀਨ ਆਫ ਕਰਾਈਮ’ ਟੀਮ ਨੇ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕੀਤੀ ਸੀ। ਪੁਲੀਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।

