ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਐੱਸ ਡੀ ਐੱਮ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼; ਸੈਟੇਲਾਈਟ ਰਾਹੀਂ ਹੋਵੇਗੀ ਖੇਤਾਂ ਦੀ ਨਿਗਰਾਨੀ
ਉਪ-ਮੰਡਲ ਮੈਜਿਸਟਰੇਟ (ਐੱਸ ਡੀ ਐੱਮ) ਸੁਰੇਂਦਰ ਸਿੰਘ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਪਟਵਾਰੀਆਂ ਅਤੇ ਪਿੰਡ ਸਕੱਤਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਆਪਣੇ ਦਫ਼ਤਰ ਵਿੱਚ ਆਯੋਜਿਤ ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਵਾਤਾਵਰਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਦਿੱਤੀ।
ਐੱਸ ਡੀ ਐੱਮ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਪਰਾਲੀ ਦਾ ਸਹੀ ਪ੍ਰਬੰਧਨ ਬੇਹੱਦ ਜ਼ਰੂਰੀ ਹੈ। ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਸਗੋਂ ਜ਼ਮੀਨ ਵਿੱਚ ਮੌਜੂਦ ਕਿਸਾਨਾਂ ਦੇ ਮਿੱਤਰ ਕੀੜੇ-ਮਕੌੜੇ ਵੀ ਮਰ ਜਾਂਦੇ ਹਨ। ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਅਤੇ ਆਧੁਨਿਕ ਖੇਤੀ ਉਪਕਰਣਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਰੋਕ ਲਗਾਉਣ ਲਈ ਬਣਾਈਆਂ ਗਈਆਂ ਟੀਮਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਉਹ ਪਿੰਡ-ਪਿੰਡ ਜਾ ਕੇ ਨਿਗਰਾਨੀ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ। ਇਸ ਤੋਂ ਇਲਾਵਾ ਉਨ੍ਹਾਂ ਚਿਤਾਵਨੀ ਦਿੱਤੀ ਕਿ ਹਰ ਖੇਤ ਦੀ ਨਿਗਰਾਨੀ ਸੈਟੇਲਾਈਟ ਰਾਹੀਂ ਵੀ ਕੀਤੀ ਜਾ ਰਹੀ ਹੈ, ਇਸ ਲਈ ਕੋਈ ਵੀ ਗਲਤੀ ਨਾਲ ਵੀ ਪਰਾਲੀ ਨਾ ਸਾੜੇ। ਐੱਸ ਡੀ ਐੱਮ ਨੇ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਦਾ ਖੇਤ ਵਿੱਚ ਹੀ ਪ੍ਰਬੰਧਨ (ਇਨ-ਸੀਟੂ) ਜਾਂ ਖੇਤ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਕਰਨ ਵਾਲੇ ਕਿਸਾਨਾਂ ਨੂੰ 1200 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਵੇਗੀ।