ਪੱਤਰ ਪ੍ਰੇਰਕ
ਪਿਹੋਵਾ, 3 ਅਕਤੂਬਰ
ਉਪ ਮੰਡਲ ਅਫ਼ਸਰ ਨਾਗਰਿਕ ਸੋਨੂੰ ਰਾਮ ਨੇ ਅੱਜ ਬੀਡੀਪੀਓ ਹਾਲ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਸਮੂਹ ਪਿੰਡਾਂ ਦੇ ਪਟਵਾਰੀਆਂ ਅਤੇ ਗ੍ਰਾਮ ਸਕੱਤਰਾਂ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਐੱਸਡੀਐੱਮ ਸੋਨੂੰ ਰਾਮ ਨੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਸਿਹਤ ਦੇ ਨਾਲ-ਆਰਥਿਕ ਨੁਕਸਾਨ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਿੰਡਾਂ ਦੇ ਪਟਵਾਰੀਆਂ ਅਤੇ ਗ੍ਰਾਮ ਸਕੱਤਰਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।