ਪੱਤਰ ਪ੍ਰੇਰਕ
ਗੂਹਲਾ ਚੀਕਾ, 19 ਜੂਨ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਮੌਜੂਦਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੋਂ ਬਾਗੀ ਹੋ ਕੇ ਨਵੀਂ ਜਥੇਬੰਦੀ ਕਾਇਮ ਕਰ ਲਈ ਹੈ। ਬੀਤੇ ਦਿਨੀਂ ਚੀਕਾ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਇਸ ਜਥੇਬੰਦੀ ਦਾ ਨਾਂ ‘ਹਰਿਆਣਾ ਸਿੱਖ ਸਮਾਜ ਸੰਗਠਨ’ ਰੱਖਿਆ ਗਿਆ। ਨਲਵੀ ਨੇ ਦੋਸ਼ ਲਾਇਆ ਕਿ ਦਾਦੂਵਾਲ ਦਾ ਕਾਰਜਕਾਲ ਫਰਵਰੀ 2022 ਵਿੱਚ ਖ਼ਤਮ ਹੋ ਗਿਆ ਸੀ ਪਰ ਉਹ ਗ਼ੈਰਕਾਨੂੰਨੀ ਤੌਰ ’ਤੇ ਹੁਣ ਤੱਕ ਇਸ ਅਹੁਦੇ ’ਤੇ ਬਣੇ ਹੋਏ ਹਨ ਤੇ ਜਨਰਲ ਇਜਲਾਸ ਦੀ ਸਹਿਮਤੀ ਤੋਂ ਬਿਨਾਂ ਕਾਰਜਕਾਰਨੀ ਕਮੇਟੀ ਵੀ ਬਣਾਈ ਹੈ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਵਿੱਚੋਂ ਖਾਰਜ ਕੀਤੇ ਜਾਣ ਵਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਕਮੇਟੀ ਪ੍ਰਧਾਨ ਸਣੇ ਕਿਸੇ ਵੀ ਅਹੁਦੇਦਾਰ ਕੋਲ ਉਨ੍ਹਾਂ ਨੂੰ ਕਮੇਟੀ ਵਿੱਚੋਂ ਬਾਹਰ ਕੱਢਣ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਹਰਿਆਣਾ ਦੇ ਰਾਜਪਾਲ ਨੇ ਦਿੱਤਾ ਸੀ ਤੇ ਉਨ੍ਹਾਂ ਨੂੰ ਹੀ ਕਮੇਟੀ ’ਚੋਂ ਬਾਹਰ ਕੱਢਣ ਦਾ ਵੀ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵੀ ਪ੍ਰਾਪਤ ਨਹੀਂ ਹੋਇਆ ਹੈ।
ਉਧਰ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਹੈ ਕਿ ਦੀਦਾਰ ਸਿੰਘ ਨਲਵੀ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਹੀਂ ਰਹੇ। ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਲ ਹੋਣ ਮਗਰੋਂ ਕਮੇਟੀ ’ਚੋਂ ਕੱਢ ਦਿੱਤਾ ਗਿਆ ਹੈ ਕਿਉਂਕਿ ਇਹ ਕਮੇਟੀ ਦੇ ਐਕਟ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਨਲਵੀ ਨੂੰ ਕਮੇਟੀ ਵਿੱਚ ਕੋਈ ਅਹੁਦਾ ਨਹੀਂ ਦਿੱਤਾ ਗਿਆ, ਇਸ ਲਈ ਉਹ ਸਿੱਖਾਂ ਨੂੰ ਗੁਮਰਾਹ ਕਰ ਰਹੇ ਹਨ।