ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਅਤੇ ਪਸ਼ੂ ਪਾਲਣ ਮਾਮਲਿਆਂ ਬਾਰੇ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਮੁੱਖ ਮੰਤਰੀ ਦੇ ਐਲਾਨ ਤਹਿਤ ਰਾਦੌਰ ਸਬ-ਡਿਵੀਜ਼ਨ ਦੇ ਘਿਲੌਰ ਪਿੰਡ ਵਿੱਚ ਲਗਪਗ 4 ਕਨਾਲ ਜ਼ਮੀਨ ’ਤੇ ਬਣਨ ਵਾਲੇ ਪ੍ਰਾਇਮਰੀ ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਿਆ। ਸਿਹਤ ਕੇਂਦਰ ’ਤੇ ਲਗਪਗ 68.50 ਲੱਖ ਰੁਪਏ ਖਰਚੇ ਜਾਣਗੇ। ਇਸ ਤੋਂ ਪਹਿਲਾਂ ਪਿੰਡ ਵਾਸੀਆਂ, ਭਾਜਪਾ ਆਗੂਆਂ ਅਤੇ ਵਰਕਰਾਂ ਨੇ ਖੇਤੀਬਾੜੀ ਮੰਤਰੀ ਦਾ ਨਿੱਘਾ ਸਵਾਗਤ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਇਹ ਯਕੀਨੀ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕਿ ਸੂਬੇ ਦੇ ਹਰ ਵਿਅਕਤੀ ਤੱਕ ਸਿਹਤ ਸਹੂਲਤਾਂ ਪਹੁੰਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪਿੰਡ ਘਿਲੌਰ ਵਿੱਚ ਇੱਕ ਪ੍ਰਾਇਮਰੀ ਸਿਹਤ ਕੇਂਦਰ ਦੀ ਉਸਾਰੀ ਨਾਲ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਦਰਵਾਜ਼ੇ ’ਤੇ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰ ਵਿੱਚ ਉਪਲਬਧ ਮਿਆਰੀ ਸਿਹਤ ਸੇਵਾਵਾਂ ਤੋਂ ਇਲਾਵਾ, ਜ਼ਖਮੀ ਅਤੇ ਬਿਮਾਰ ਵਿਅਕਤੀ ਗੈਰ-ਐਮਰਜੈਂਸੀ ਸਥਿਤੀਆਂ ਲਈ ਤੁਰੰਤ ਡਾਕਟਰੀ ਦੇਖਭਾਲ ਪ੍ਰਾਪਤ ਕਰ ਸਕਦੇ ਹਨ ਅਤੇ ਇਹ ਮਿਨੀ ਸਿਹਤ ਕੇਂਦਰ ਭਵਿੱਖ ਵਿੱਚ ਪਿੰਡ ਵਾਸੀਆਂ ਨੂੰ ਕਾਫ਼ੀ ਲਾਭ ਪਹੁੰਚਾਏਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਝਗੜਿਆਂ ਅਤੇ ਰਾਜਨੀਤੀ ਨੂੰ ਪਾਸੇ ਰੱਖ ਕੇ ਜਨਤਕ ਹਿੱਤ ਅਤੇ ਭਲਾਈ ਵਾਲੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ। ਇਸ ਮੌਕੇ ਪਿੰਡ ਦੇ ਸਰਪੰਚ ਸਤੀਸ਼ ਕੁਮਾਰ ਨੇ ਪਿੰਡ ਵਿੱਚ ਹੋਰ ਵਿਕਾਸ ਕਾਰਜਾਂ ਦੀ ਮੰਗ ਕੀਤੀ ਤਾਂ ਖੇਤੀਬਾੜੀ ਮੰਤਰੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਮੰਗ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਿਰਧਾਰਤ ਥਾਂ ’ਤੇ ਕੂੜਾ ਸੁੱਟਣ। ਇਸ ਨਾਲ ਪਿੰਡ ਦੀ ਸੁੰਦਰਤਾ ਵਧੇਗੀ। ਇਸ ਮੌਕੇ ਰਾਦੌਰ ਦੇ ਬੀ ਡੀ ਪੀ ਓ ਸਿਮਰਨ ਭਟਨਾਗਰ, ਪੰਚਾਇਤੀ ਰਾਜ ਦੇ ਐੱਸ ਡੀ ਓ ਜੋਗਿੰਦਰ ਸਿੰਘ, ਸਾਬਕਾ ਵਿਧਾਇਕ ਈਸ਼ਵਰ ਸਿੰਘ ਪਲਾਕਾ, ਮਾਰਕੀਟ ਕਮੇਟੀ ਰਾਦੌਰ ਦੇ ਚੇਅਰਮੈਨ ਰੁਪਿੰਦਰ ਸਿੰਘ, ਭਾਜਪਾ ਮੰਡਲ ਪ੍ਰਧਾਨ ਕ੍ਰਿਸ਼ਨ ਕੰਬੋਜ ਤੇ ਸੀਨੀਅਰ ਭਾਜਪਾ ਆਗੂ ਸੁਰਿੰਦਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

