Ambedkar statue desecration: ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਭੰਨ ਤੋੜ
ਇੱਥੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪਾਰਕ ਵਿੱਚ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਐਨਕ ਮੁੜ ਤੋੜਨ ਦੀ ਘਟਨਾ ਸਾਹਮਣੇ ਆਈ ਹੈ। ਸ਼ਰਾਰਤੀ ਅਨਸਰਾਂ ਨੇ ਬੁੱਤ ’ਤੇ ਲੱਗੀ ਐਨਕ ਤੋੜਨ ਤੋਂ ਇਲਾਵਾ ਨੇੜੇ ਲੱਗਿਆ ਪੋਸਟਰ ਪਾੜ...
ਇੱਥੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪਾਰਕ ਵਿੱਚ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਐਨਕ ਮੁੜ ਤੋੜਨ ਦੀ ਘਟਨਾ ਸਾਹਮਣੇ ਆਈ ਹੈ। ਸ਼ਰਾਰਤੀ ਅਨਸਰਾਂ ਨੇ ਬੁੱਤ ’ਤੇ ਲੱਗੀ ਐਨਕ ਤੋੜਨ ਤੋਂ ਇਲਾਵਾ ਨੇੜੇ ਲੱਗਿਆ ਪੋਸਟਰ ਪਾੜ ਦਿੱਤਾ ਹੈ। ਇਸ ਤੋਂ ਇਲਾਵਾ ਬੁੱਤ ਦੇ ਆਲੇ-ਦੁਆਲੇ ਗੰਦਗੀ ਫੈਲਾਈ ਗਈ। ਇਸ ਘਟਨਾ ਤੋਂ ਬਾਅਦ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਆਗੂਆਂ ਨੇ ਵਿਰੋਧ ਪ੍ਰਗਟ ਕੀਤਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਮੰਗੀ।
ਡਾ. ਅੰਬੇਡਕਰ ਸਭਾ ਰਤੀਆ ਦੇ ਪ੍ਰਧਾਨ ਪ੍ਰੇਮ ਸਿੰਘ ਖੋਖਰ, ਕਾਮਰੇਡ ਅਜਮੇਰ ਸਿੰਘ, ਵੀਰਪਾਲ, ਮੰਗਤ ਰਾਮ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਬੀਤੀ ਰਾਤ ਸ਼ਰਾਰਤੀ ਤੱਤਾਂ ਨੇ ਯੋਜਨਾਬੱਧ ਢੰਗ ਨਾਲ ਬੁੱਤ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ। ਅਜਿਹੀ ਹਰਕਤ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ। ਇਸ ਤੋਂ ਪਹਿਲਾਂ ਵੀ 26 ਅਤੇ 27 ਅਪਰੈਲ ਦੀ ਦਰਮਿਆਨੀ ਰਾਤ ਨੂੰ ਬੁੱਤ ਦੀ ਐਨਕ ਉਤਾਰ ਕੇ ਸੁੱਟ ਦਿੱਤੀ ਗਈ ਸੀ। ਹੁਣ ਦੁਬਾਰਾ ਉਸੇ ਤਰ੍ਹਾਂ ਦੀ ਘਟਨਾ ਹੋਣ ਨਾਲ ਲੋਕਾਂ ਵਿੱਚ ਭਾਰੀ ਗੁੱਸਾ ਹੈ। ਸਭਾ ਦੇ ਮੈਂਬਰਾਂ ਨੇ ਬੁੱਤ ਦੀ ਸੁਰੱਖਿਆ ਦੇ ਯੋਗ ਪ੍ਰਬੰਧਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇ ਦੋਸ਼ੀਆਂ ਖ਼ਿਲਾਫ਼ ਜਲਦੀ ਕਾਰਵਾਈ ਨਾ ਹੋਈ ਤਾਂ ਸਮਾਜ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਪੁਲੀਸ ਨੂੰ ਵੀ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ।
ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

