ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 11 ਜਨਵਰੀ
ਆਂਗਨਵਾੜੀ ਵਰਕਰਾਂ ਤੇ ਹੈਲਪਰ ਨੇ ਅੱਜ ਸਤਵੇਂ ਦਿਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਬਲਾਕ ਬਾਬੈਨ ਦੇ ਦਫ਼ਤਰ ਵਿਚ ਸਰਕਾਰ ਖ਼ਿਲਾਫ਼ ਦਿਨ ਭਰ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਸਰਕਾਰ ਖ਼ਿਲਾਫ਼ ਧਰਨਾ ਤੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਆਂਗਨਵਾੜੀ ਵਰਕਰ ਤੇ ਹੈਲਪਰਜ਼ ਯੂਨੀਅਨ ਦੀ ਸਕੱਤਰ ਕਰਮਜੀਤ ਕੌਰ ਨੇ ਦੋਸ਼ ਲਾਇਆ ਕਿ ਸਰਕਾਰ ਨੇ ਆਂਗਨਵਾੜੀ ਕਾਰਕੁਨਾਂ ਤੇ ਹੈਲਪਰਾਂ ਦੀਆਂ ਮੰਨੀਆਂ ਮੰਗਾਂ ਨੂੰ ਪੂਰਾ ਨਾ ਕਰ ਉਨ੍ਹਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ 2018 ਵਿੱਚ ਮੰਨੀਆਂ ਗਈਆਂ ਮੰਗਾਂ ਨਾ ਮੰਨ ਸਰਕਾਰ ਉਨ੍ਹਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 2018 ਵਿੱਚ ਆਂਗਨਵਾੜੀ ਵਰਕਰ ਨੂੰ 1500 ਰੁਪਏ ਤੇ ਹੈਲਪਰ ਨੂੰ 750 ਰੁਪਏ ਦੇਣ ਤੋਂ ਇਲਾਵਾ ਸੇਵਾ ਮੁਕਤੀ ਤੇ 5 ਲੱਖ ਤੇ 3 ਲੱਖ ਰੁਪਏ ਦੇਣ ਦੇਣ ਦਾ ਐਲਾਨ ਕੀਤਾ ਸੀ, ਜਿਸ ਨੂੰ ਖੱਟਰ ਸਰਕਾਰ ਨੇ ਅੱਜ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਰੋਨਾ ਲਹਿਰ ਵਿੱਚ ਉਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਅੱਗੇ ਹੋ ਕੰਮ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ 12 ਜਨਵਰੀ ਤੋਂ ਜੇਲ੍ਹ ਭਰੋ ਅੰਦੋਲਨ ’ਚ ਭਾਗ ਲੈਣਗੀਆਂ। ਇਸ ਮੌਕੇ ਕਿਰਨ ਬਾਲਾ, ਗੀਤਾ, ਸਰੋਜ, ਕਵਿਤਾ,ਰਜਨੀ, ਨੀਲਮ ਦਰਸ਼ਨੀ ਆਦਿ ਮੌਜੂਦ ਸਨ।