ਨਿੱਜੀ ਪੱਤਰ ਪ੍ਰੇਰਕ
ਸਿਰਸਾ, 27 ਜਨਵਰੀ
ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ’ਤੇ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਅਮਲੀ ਰੂਪ ’ਚ ਲਾਗੂ ਕਰਵਾਉਣ ਦੀ ਮੰਗ ਸਬੰਧੀ ਆਂਗਣਵਾੜੀ ਵਰਕਰਾਂ ਨੇ ਕਾਲੀਆਂ ਚੁੰਨੀਆਂ ਲੈ ਕੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਨੇੜੇ ਸਰਕਾਰ ਦਾ ਪਿੱਟ-ਸਿਆਪਾ ਕੀਤਾ। ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਕਾਲਾ ਦਿਵਸ ਮਨਾਇਆ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੇ ਸਿਰਾਂ ’ਤੇ ਲਈਆਂ ਚੁੰਨੀਆਂ ਲਹਿਰਾਉਂਦੇ ਹੋਏ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਰਕਰ ਤੇ ਹੈਲਪਰ ਅੱਜ ਸਵੇਰੇ ਮਿਨੀ ਸਕੱਤਰੇਤ ’ਚ ਇਕੱਠੀਆਂ ਹੋਈਆਂ, ਜਿਥੋਂ ਉਹ ਕਾਲੀਆਂ ਚੁੰਨੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਵੱਲ ਵਧੀਆਂ ਤਾਂ ਬਾਬਾ ਭੂਮਣ ਸ਼ਾਹ ਚੌਕ ’ਤੇ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿਰਾਂ ’ਤੇ ਲਈਆਂ ਚੁੰਨੀਆਂ ਲਹਿਰਾਈਆਂ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂ ਸ਼ਕੁੰਤਲਾ ਜਗਲਾਣ, ਪ੍ਰੋਮਿਲਾ ਆਦਿ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।