ਅਨਿਲ ਵਿੱਜ ਨੇ ਅਮਿਤ ਸ਼ਾਹ ਨੂੰ ਮਿਲ ਕੇ ਸ਼ਹੀਦੀ ਸਮਾਰਕ ਦੇ ਉਦਘਾਟਨ ਲਈ ਦਿੱਤਾ ਸੱਦਾ, 5 ਨਵੰਬਰ ਨੂੰ ਕਰਨਗੇ ਉਦਘਾਟਨ
ਉਦਘਾਟਨ ਮਗਰੋਂ 6 ਨਵੰਬਰ ਤੋਂ ਆਮ ਲੋਕਾਂ ਲਈ ਖੁੱਲ੍ਹੇਗਾ
ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਅੰਬਾਲਾ ਛਾਉਣੀ ਵਿੱਚ ਬਣੇ 1857 ਦੀ ਪਹਿਲੀ ਆਜ਼ਾਦੀ ਦੀ ਲੜਾਈ ਨੂੰ ਸਮਰਪਿਤ ਸ਼ਹੀਦੀ ਸਮਾਰਕ ਦੇ ਉਦਘਾਟਨ ਲਈ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਸਮਾਰਕ ਦੀ ਉਸਾਰੀ, ਇਸ ਦੀਆਂ ਵਿਸ਼ੇਸ਼ਤਾਵਾਂ ਅਤੇ ਇੱਥੇ ਦਰਸਾਈਆਂ ਜਾਣ ਵਾਲੀਆਂ ਇਤਿਹਾਸਕ ਘਟਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅਮਿਤ ਸ਼ਾਹ 5 ਨਵੰਬਰ ਨੂੰ ਸ਼ਹੀਦੀ ਸਮਾਰਕ ਦਾ ਉਦਘਾਟਨ ਕਰਨ ਲਈ ਅੰਬਾਲਾ ਛਾਉਣੀ ਪਹੁੰਚਣਗੇ।
ਸ੍ਰੀ ਵਿੱਜ ਨੇ ਦੱਸਿਆ ਕਿ 22 ਏਕੜ ਰਕਬੇ ਵਿੱਚ ਲਗਭਗ 800 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਸ਼ਹੀਦੀ ਸਮਾਰਕ ਏਸ਼ੀਆ ਦਾ ਸਭ ਤੋਂ ਵੱਡਾ ਸਮਾਰਕ ਹੈ। ਇਸ ਵਿੱਚ 22 ਗੈਲਰੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਦੇਸ਼ ਭਰ ਵਿੱਚ 1857 ਦੀ ਕ੍ਰਾਂਤੀ ਦੌਰਾਨ ਵਾਪਰੀਆਂ ਇਤਿਹਾਸਕ ਘਟਨਾਵਾਂ ਨੂੰ ਦਰਸਾਇਆ ਜਾਵੇਗਾ। ਇਹ ਸਮਾਰਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੇ ਯੋਗਦਾਨ ਤੋਂ ਜਾਣੂ ਕਰਵਾਏਗਾ।
ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਮਾਰਕ ਦਾ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗਾਂਧੀ ਮੈਦਾਨ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਵੀ ਸੰਬੋਧਨ ਕਰਨਗੇ। ਉਨ੍ਹਾਂ ਰੈਲੀ ਵਾਲੀ ਥਾਂ ’ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਰਕ ਦੇ ਉਦਘਾਟਨ ਤੋਂ ਬਾਅਦ 6 ਨਵੰਬਰ ਤੋਂ ਇਸ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਖ਼ਰਚੇ ’ਤੇ ਸਮਾਰਕ ਦਾ ਦੌਰਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਰਕ ਦੇ ਬਣਨ ਨਾਲ ਅੰਬਾਲਾ ਛਾਉਣੀ ਸੈਰ-ਸਪਾਟੇ ਦੇ ਨਕਸ਼ੇ ’ਤੇ ਵਿਸ਼ੇਸ਼ ਸਥਾਨ ਹਾਸਲ ਕਰੇਗੀ। ਇਸ ਤੋਂ ਇਲਾਵਾ ਸਾਇੰਸ ਮਿਊਜ਼ੀਅਮ, ਬੈਂਕ ਸਕੁਏਅਰ ਅਤੇ ਸੁਭਾਸ਼ ਪਾਰਕ ਵਰਗੀਆਂ ਥਾਵਾਂ ਵੀ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਨਗੀਆਂ।

