ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੱਜ ਯਮੁਨਾਨਗਰ ’ਚ ਗ਼ੈਰ-ਕਾਨੂੰਨੀ ਕਲੋਨੀਆਂ ਦੇ ਵਿਕਾਸ ਸਬੰਧੀ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਰਜਿਸਟਰਾਰਾਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜੋ ਇਨ੍ਹਾਂ ਗ਼ੈਰ-ਕਾਨੂੰਨੀ ਕਲੋਨੀਆਂ ਦੀ ਸਥਾਪਨਾ ਸਮੇਂ ਅਹੁਦੇ ’ਤੇ ਸਨ। ਇਸ ਤੋਂ ਇਲਾਵਾ, ਸੈਕਟਰ-17, ਜਗਾਧਰੀ ਵਿੱਚ ਜ਼ਮੀਨ ਦੇ ਪਲਾਟ ਦੀ ਰਜਿਸਟਰੀ ਸਬੰਧੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਉਨ੍ਹਾਂ ਨਗਰ ਨਿਗਮ ਦੇ ਸਬੰਧਤ ਸਹਾਇਕ ਇੰਜਨੀਅਰ ਦੀਪਕ ਸੁਖੀਜਾ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦਿੱਤੇ। ਸ੍ਰੀ ਵਿਜ ਅੱਜ ਯਮੁਨਾਨਗਰ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ 15 ਪਹਿਲਾਂ ਤੋਂ ਨਿਰਧਾਰਤ ਸ਼ਿਕਾਇਤਾਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ’ਚੋਂ 7 ਦਾ ਮੌਕੇ ’ਤੇ ਹੀ ਨਿਬੇੜਾ ਕਰ ਦਿੱਤਾ।
ਕਾਰੋਬਾਰੀਆਂ ਦੇ ਵਫ਼ਦ ਨਾਲ ਮੁਲਾਕਾਤ
ਹਰਿਆਣਾ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਯਮੁਨਾਨਗਰ ਚੈਪਟਰ ਦੇ ਵਫ਼ਦ ਨੇ ਪ੍ਰਧਾਨ ਰਾਜੇਸ਼ ਸੋਂਧੀ ਦੀ ਅਗਵਾਈ ਹੇਠ ਅਨਿਲ ਵਿਜ ਨਾਲ ਮੁਲਾਕਾਤ ਕਰ ਕੇ ਦੱਸਿਆ ਕਿ ਜੋੜੀਆਂ ਉਦਯੋਗਿਕ ਖੇਤਰ ਵਿੱਚ ਪੰਪ ਹਾਊਸ ਦੀ ਉਸਾਰੀ ਅਧੂਰੀ ਪਈ ਹੈ ਜਿਸ ਦੇ ਚਲਦਿਆਂ ਉਦਯੋਗਾਂ ਨੂੰ ਹਰ ਸਾਲ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਆਉਣ ਵਾਲੇ ਮੌਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਅਨਿਲ ਵਿਜ ਨੇ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਮੇਅਰ ਤੇ ਨਗਰ ਨਿਗਮ ਕਮਿਸ਼ਨਰ ਨੂੰ ਨਿਰਦੇਸ਼ ਜਾਰੀ ਕੀਤੇ ਕਿ ਪੰਪ ਹਾਊਸ ਦੇ ਬਾਕੀ ਰਹਿੰਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ।

