‘ਵੰਦੇ ਮਾਤਰਮ’ ਦੀ ਵਰ੍ਹੇਗੰਢੀ ਮਨਾਈ
ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ ਅੱਜ ਡੀ ਏ ਵੀ ਗਰਲਜ਼ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿੱਲੀ ਦੇ ਆਈ ਜੀ ਸਟੇਡੀਅਮ ਤੋਂ ਲਾਈਵ ਟੈਲੀਕਾਸਟ ਰਾਹੀਂ ਦਿੱਤੇ ਸੰਬੋਧਨ ਨੂੰ ਸੁਣ ਕੇ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਇਸ ਗੀਤ ਦੀ ਮਹੱਤਤਾ ਅਤੇ ਅੱਜ ਦੇ ਸਮੇਂ ਵਿੱਚ ਇਸ ਦੀ ਪ੍ਰਸੰਗਿਕਤਾ ’ਤੇ ਚਾਨਣਾ ਪਾਇਆ। ਸਮਾਗਮ ਵਿੱਚ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਮੁੱਖ ਮਹਿਮਾਨ ਵਜੋਂ ਅਤੇ ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁੱਜਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ‘ਵੰਦੇ ਮਾਤਰਮ’ ਥੀਮ ’ਤੇ ਆਧਾਰਤ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਅਤੇ ਭਾਰਤ ਮਾਤਾ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਆਪਣੇ ਸੰਬੋਧਨ ਵਿੱਚ ਕਿਹਾ, ‘ਵੰਦੇ ਮਾਤਰਮ ਸਿਰਫ਼ ਇੱਕ ਗੀਤ ਨਹੀਂ ਹੈ, ਇਹ ਰਾਸ਼ਟਰ ਦੀ ਧੜਕਣ, ਭਾਰਤ ਦੀ ਪਛਾਣ ਅਤੇ ਆਤਮਾ ਹੈ।’ ਉਨ੍ਹਾਂ ਕਿਹਾ ਕਿ ਇਹ ਉਹ ਸ਼ਕਤੀ ਹੈ, ਜਿਸ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਨੂੰ ਊਰਜਾ ਦਿੱਤੀ ਅਤੇ ਬ੍ਰਿਟਿਸ਼ ਸਾਮਰਾਜ ਦੀਆਂ ਨੀਹਾਂ ਨੂੰ ਹਿਲਾ ਕੇ ਰੱਖ ਦਿੱਤਾ। ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਨੇ ਕਿਹਾ ਕਿ ਇਸ ਰਾਸ਼ਟਰੀ ਗੀਤ ਦੀ ਭਾਵਨਾ ਨੂੰ ਜੀਵਨ ਵਿੱਚ ਉਤਾਰਨ ਦੀ ਲੋੜ ਹੈ। ਮੰਚ ਸੰਚਾਲਨ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ (ਡੀ ਆਈ ਪੀ ਆਰ ਓ) ਡਾ. ਮਨੋਜ ਕੁਮਾਰ ਨੇ ਕੀਤਾ। ਇਸ ਮੌਕੇ ਡੀ ਸੀ ਪਾਰਥ ਗੁਪਤਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਮਨ ਭਾਟੀਆ ਅਤੇ ਕਾਲਜ ਮੈਨੇਜਮੈਂਟ ਦੇ ਅਧਿਕਾਰੀ ਮੌਜੂਦ ਸਨ।
