ਆਰ.ਕੇ.ਮਿੱਤਲ
ਗੂਹਲਾ ਚੀਕਾ, 19 ਨਵੰਬਰ
‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰਪੁਰਬ ਮੌਕੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਜੋ ਰੱਦ ਕਰਨ ਦਾ ਐਲਾਨ ਕੀਤਾ ਹੈ, ਉਹ ਇੱਕ ਇਤਿਹਾਸਕ ਫੈਸਲਾ ਹੈ, ਜਿਸ ਨੂੰ ਸਦੀਆਂ ਤੱਕ ਨਾ ਕੇਵਲ ਭਾਰਤ ਵਿੱਚ ਬਲ ਕਿ ਸਾਰੇ ਸੰਸਾਰ ਵਿੱਚ ਯਾਦ ਰੱਖਿਆ ਜਾਵੇਗਾ।’’ ਇਹ ਪ੍ਰਗਟਾਵਾ ਅੱਜ ਇੱਥੇ ਚੀਕਾ ਦੇ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਵਿਖੇ ਗੁਰਪੁਰਬ ਮੌਕੇ ਪੁੱਜੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਹਰਿਆਣਾ ਕਮੇਟੀ ਨੇ ਤਾਂ ਕੇਂਦਰ ਸਰਕਾਰ ਨੂੰ ਬਕਾਇਦਾ ਪੱਤਰ ਵੀ ਲਿਖਿਆ ਸੀ ਕਿ ਉਹ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਇੱਕ ਪੁਲ ਦੀ ਤਰ੍ਹਾਂ ਕੰਮ ਕਰਨ ਲਈ ਵੀ ਤਿਆਰ ਹੈ। ਦਾਦੂਵਾਲ ਨੇ ਕਿਹਾ ਕਿ ਰਾਜਾ ਨੂੰ ਹਮੇਸ਼ਾ ਪ੍ਰਜਾ ਦੇ ਹਿੱਤ ਦੀ ਗੱਲ ਕਰਨੀ ਚਾਹੀਦੀ ਹੈ ਅਤੇ ਕਿਸਾਨ ਨਹੀਂ ਚਾਹੁੰਦੇ ਸਨ ਕਿ ਅਜਿਹੇ ਖੇਤੀ ਕਾਨੂੰਨ ਬਣਨ। ਉਨ੍ਹਾਂ ਕਿਹਾ ਕਿ ਕਾਨੂੰਨ ਹੁਣ ਗਲਤ ਜਾਂ ਠੀਕ ਦੇ ਚੱਕਰ ਵਿੱਚ ਨਾ ਪੈ ਕੇ ਸਾਰਿਆਂ ਨੂੰ ਖੁਸ਼ੀ ਦਾ ਇਜ਼ਹਾਰ ਕਰਨਾ ਚਾਹੀਦਾ ਹੈ। ਸ੍ਰੀ ਦਾਦੂਵਾਲ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਸ਼ਹੀਦ ਕਿਸਾਨਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੇ ਸਮੇਂ ਸ਼ਹੀਦ ਹੋਏ ਲੋਕਾਂ ਨੂੰ ਯਾਦ ਕੀਤਾ ਜਾਂਦਾ ਹੈ, ਠੀਕ ਇਸੇ ਤਰ੍ਹਾਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੀ ਕੁਰਬਾਨੀ ਵੀ ਹਮੇਸ਼ਾ ਯਾਦ ਰੱਖੀ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਲੱਡੂ ਵੰਡੇ ਅਤੇ ਕਿਹਾ ਕਿ ਉਹ ਦਿਨ ਆ ਗਿਆ ਹੈ, ਜਿਸ ਦੀ ਸਾਰੀਆਂ ਨੂੰ ਉਡੀਕ ਸੀ। ਦਾਦੂਵਾਲ ਨੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਵਾਲੇ ਸਾਰੇ ਕਿਸਾਨ ਸੰਗਠਨਾਂ ਅਤੇ ਸਾਥੀ ਸੱਜਣਾਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਬਲਜਿੰਦਰ ਕੌਰ ਖਾਲਸਾ, ਅਮਰਿੰਦਰ ਸਿੰਘ ਅਰੋੜਾ, ਸਤਪਾਲ ਸਿੰਘ ਪਿਹੋਵਾ ਵੀ ਮੌਜੂਦ ਸਨ।