ਐਂਟੀ ਟੈਰੋਰਿਸਟ ਫ਼ਰੰਟ ਇੰਡੀਆ ਵੱਲੋਂ 'ਸਤਲੁਜ' ਫ਼ਿਲਮ 'ਤੇ ਸਖ਼ਤ ਕਾਰਵਾਈ ਦੀ ਮੰਗ
ਫ਼ਿਲਮ ਪੰਜਾਬ ਦੇ ਨੌਜਵਾਨਾਂ ਨੂੰ ਭੜਕਾ ਸਕਦੀ ਹੈ: ਵੀਰੇਸ਼ ਸ਼ਾਂਡਿਲਿਆ
ਐਂਟੀ ਟੈਰੋਰਿਸਟ ਫ਼ਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਫ਼ਿਲਮ 'ਸਤਲੁਜ' ਸਬੰਧੀ ਕੇਂਦਰ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਹ ਫ਼ਿਲਮ ਪੰਜਾਬ ਦੇ ਨੌਜਵਾਨਾਂ ਨੂੰ ਭੜਕਾ ਸਕਦੀ ਹੈ ਅਤੇ ਸੂਬੇ ਦੇ ਪੁਰਾਣੇ ਅਤਿਵਾਦ ਦੇ ਦੌਰ ਨੂੰ ਮੁੜ ਉਭਾਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਮੱਦੇਨਜ਼ਰ ਇਸ ਮਾਮਲੇ ਵਿੱਚ ਦਖ਼ਲ ਦਿੱਤਾ ਜਾਵੇ।
ਸ਼ਾਂਡਿਲਿਆ ਨੇ ਇਹ ਵੀ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨ ਆਈ ਏ) ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਉਨ੍ਹਾਂ ਦਾ ਸੰਗਠਨ ਹਾਈ ਕੋਰਟ ਜਾਂ ਸੁਪਰੀਮ ਕੋਰਟ ਦਾ ਰੁਖ਼ ਵੀ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਐਂਟੀ ਟੈਰੋਰਿਸਟ ਫ਼ਰੰਟ ਇੰਡੀਆ ਪਹਿਲਾਂ ਵੀ ਅਤਿਵਾਦ ਨਾਲ ਜੁੜੇ ਮਾਮਲਿਆਂ ਵਿੱਚ ਅਦਾਲਤਾਂ ਤੱਕ ਪਹੁੰਚ ਕਰ ਚੁੱਕਾ ਹੈ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਜੇ ਇਹ ਫ਼ਿਲਮ ਵਿਦੇਸ਼ਾਂ ਵਿੱਚ ਪ੍ਰਦਰਸ਼ਿਤ ਹੋ ਰਹੀ ਹੈ ਤਾਂ ਉੱਥੇ ਵੀ ਲੋੜੀਂਦੇ ਕਦਮ ਚੁੱਕੇ ਜਾਣ। ਇਸ ਮੌਕੇ ਰਾਜੀਵ ਗੋਇਲ, ਮੰਥਨ, ਰਾਜਨ ਬਾਰੂ, ਮੋਨੂ ਅਤੇ ਸੰਗਠਨ ਦੇ ਹੋਰ ਕਾਰਕੁਨ ਹਾਜ਼ਰ ਸਨ।
