ਪੱਤਰ ਪ੍ਰੇਰਕ
ਰਤੀਆ, 8 ਸਤੰਬਰ
ਐੱਸਡੀਐੱਮ ਜਗਦੀਸ਼ ਚੰਦਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਅਤੇ ਪਰਾਲੀ ਨਾ ਸਾੜੇ ਜਾਣ ਸਬੰਧੀ ਆਪਣੇ ਦਫ਼ਤਰ ਵਿੱਚ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨਾ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨਸ਼ਟ ਕਰ ਦਿੰਦਾ ਹੈ ਅਤੇ ਜ਼ਮੀਨ ਵਿੱਚ ਮੌਜੂਦ ਸੂਖਮ-ਲਾਹੇਵੰਦ ਜੀਵਾਂ ਅਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਕਿਸਾਨਾਂ ਲਈ ਖੇਤੀਬਾੜੀ ਮਸ਼ੀਨਰੀ’ ਤੇ ਗ੍ਰਾਂਟਾਂ ਦਿੱਤੀਆਂ ਜਾਂਦੀਆਂ ਹਨ। ਰਾਜ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਅਤੇ ਗੱਠਾਂ ਬਣਾਉਣ ਲਈ ਕਿਸਾਨਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਦਿੱਤਾ ਜਾਂਦਾ ਹੈ।