ਟੋਹਾਣਾ (ਗੁਰਦੀਪ ਸਿੰਘ ਭੱਟੀ): ਇੱਥੋਂ ਦੇ ਆੜ੍ਹਤੀਆਂ ਨੇ ਭਾਜਪਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਭੱਠੂ ਤੋਂ ਫਤਿਹਾਬਾਦ ਤੱਕ 16 ਅਕਤੂਬਰ ਨੂੰ ਕੀਤੀ ਜਾ ਰਹੀ ਟਰੈਕਟਰ ਰੈਲੀ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਜੇਕਰ ਰੈਲੀ ਅਨਾਜ ਮੰਡੀ ਫਤਿਹਾਬਾਦ ਵਿੱਚੋਂ ਲੰਘੀ ਤਾਂ ਵਪਾਰੀ ਇਸ ਦਾ ਵਿਰੋਧ ਕਰਨਗੇ। ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਭਾਦੂ, ਸਕੱਤਰ ਬਾਘਰਾਮ ਨੇ ਬਿਆਨ ਰਾਹੀਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਤੇ ਮੁਨੀਮਾਂ ਦੇ ਪਰਿਵਾਰਾਂ ਨੂੰ ਤਬਾਹ ਕਰਨ ਵਾਲੇ ਕਾਨੂੰਨਾਂ ਦਾ ਉਹ ਸਮਰਥਨ ਨਹੀਂ ਕਰ ਸਕਦੇ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਸੁਨੀਤਾ ਦੁੱਗਲ, ਵਿਧਾਇਕ ਦੁੜਾਰਾਮ ਦੀ ਅਗਵਾਈ ਵਿੱਚ ਭਾਜਪਾ ਵੱਲੋਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ 16 ਅਕਤੂਬਰ ਨੂੰ ਕੱਢੇ ਜਾਣ ਦਾ ਪ੍ਰੋਗਰਾਮ ਹੈ, ਜਿਸਦਾ ਕਿਸਾਨ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ।